Hardeep-Singh-Mundian

ਮਾਲ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ : ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 22 ਅਗਸਤ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ ਤਾਂ ਜੋ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਫਸਲਾਂ ਦੇ ਹੋਏ ਖ਼ਰਾਬੇ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ।

ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਨਿਰਦੇਸ਼ਾਂ ਵਿੱਚ ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਹੈ ਪਾਣੀ ਘਟਦੇ ਸਾਰ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਤੁਰੰਤ ਵਿਸ਼ੇਸ਼ ਗਿਰਦਾਵਰੀ ਕੀਤੀ ਜਾਵੇ। ਡਿਪਟੀ ਕਮਿਸ਼ਨਰਾਂ ਨੂੰ ਲੋੜੀਂਦੇ ਸਰਟੀਫਿਕੇਟਾਂ ਸਮੇਤ ਨਿਰਧਾਰਤ ਪ੍ਰੋਫਾਰਮੇ ਵਿੱਚ ਮੁਆਵਜ਼ਾ ਕੇਸ ਤਿਆਰ ਕਰ ਕੇ ਬਿਨਾਂ ਕਿਸੇ ਦੇਰੀ ਤੋਂ ਸਰਕਾਰ ਨੂੰ ਜਮ੍ਹਾਂ ਕਰਾਉਣ ਲਈ ਕਿਹਾ ਗਿਆ ਹੈ।

ਹਰਦੀਪ ਸਿੰਘ ਮੁੰਡੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਗਿਰਦਾਵਰੀ ਪੂਰੀ ਨਿਰਪੱਖਤਾ ਅਤੇ ਪਾਰਦਰਸ਼ਤਾ ਢੰਗ ਨਾਲ ਕੀਤੀ ਜਾਵੇਗੀ ਅਤੇ ਇਸ ਦੌਰਾਨ ਸਖ਼ਤ ਨਿਗਰਾਨੀ ਯਕੀਨੀ ਬਣਾਈ ਜਾਵੇਗੀ ਤਾਂ ਜੋ ਕੋਈ ਵੀ ਪ੍ਰਭਾਵਿਤ ਕਿਸਾਨ ਮੁਆਵਜ਼ੇ ਤੋਂ ਵਾਂਝਾ ਨਾ ਰਹੇ।

ਇਸ ਔਖੀ ਘੜੀ ਵਿੱਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦੇ ਪੰਜਾਬ ਸਰਕਾਰ ਦੇ ਅਹਿਦ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਮੇਂ ਸਿਰ ਮੁਆਵਜ਼ਾ ਦੇਣ ਅਤੇ ਕਾਸ਼ਤਕਾਰਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਘਟਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ।

Read More : ਗੈਂਗਸਟਰ ਰਿੰਦਾ ਤੇ ਸੰਧੂ ਦਾ ਸਾਥੀ ਗ੍ਰੇਨੇਡ ਤੇ ਪਿਸਤੌਲ ਸਮੇਤ ਗ੍ਰਿਫਤਾਰ

Leave a Reply

Your email address will not be published. Required fields are marked *