ਸੰਤ ਸਮਾਜ ਨਾਲ ਮੀਟਿੰਗ ਮਗਰੋਂ ਵੱਡਾ ਫੈਸਲਾ; ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ’ ਵਿੱਚ ਸੋਧ ਕਰਕੇ ਦੋਸ਼ੀਆਂ ਦੀ ਜਾਇਦਾਦ ਜ਼ਬਤ ਕਰਨ ਅਤੇ ਸਖ਼ਤ ਸਜ਼ਾਵਾਂ ਦਾ ਹੋਵੇਗਾ ਉਪਬੰਧ
ਅੰਮ੍ਰਿਤਸਰ, 22 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008’ ਵਿੱਚ ਸੋਧ ਕਰਨ ਅਤੇ ਇੱਕ ਬੇਹੱਦ ਸਖ਼ਤ ਬੇਅਦਬੀ ਵਿਰੋਧੀ ਕਾਨੂੰਨ ਲਿਆਉਣ ਲਈ ਵਿਸਾਖੀ (13 ਅਪ੍ਰੈਲ) ਦੇ ਸ਼ੁਭ ਮੌਕੇ ‘ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ। ਮੁੱਖ ਮੰਤਰੀ ਨੇ ਅੰਮ੍ਰਿਤਸਰ ਦੇ ਸਰਕਟ ਹਾਊਸ ਵਿਖੇ ਸੰਤ ਸਮਾਜ ਅਤੇ ਧਾਰਮਿਕ ਆਗੂਆਂ ਨਾਲ ਹੋਈ ਅਹਿਮ ਮੀਟਿੰਗ ਦੌਰਾਨ ਇਹ ਫੈਸਲਾ ਲਿਆ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪ੍ਰਸਤਾਵਿਤ ਕਾਨੂੰਨ ਵਿੱਚ ਮਿਸਾਲੀ ਸਜ਼ਾਵਾਂ, ਭਾਰੀ ਜੁਰਮਾਨੇ, ਅਪਰਾਧੀਆਂ ਦੀ ਜਾਇਦਾਦ ਜ਼ਬਤ ਕਰਨ ਅਤੇ ਡਿਜੀਟਲ ਮੀਡੀਆ ਰਾਹੀਂ ਕੀਤੀ ਜਾਣ ਵਾਲੀ ਬੇਅਦਬੀ ਵਿਰੁੱਧ ਕਾਰਵਾਈ ਦੇ ਉਪਬੰਧ ਸ਼ਾਮਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦਾ ਖਰੜਾ ਸੰਤ ਸਮਾਜ ਅਤੇ ਦੇਸ਼ ਭਰ ਦੇ ਪ੍ਰਮੁੱਖ ਕਾਨੂੰਨੀ ਮਾਹਿਰਾਂ ਦੀ ਰਾਏ ਨਾਲ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਾ ਜਾਵੇ।
ਮੁੱਖ ਮੰਤਰੀ ਨੇ ਸੰਤ ਸਮਾਜ, ਵੱਖ-ਵੱਖ ਸੰਪਰਦਾਵਾਂ, ਟਕਸਾਲਾਂ, ਨਿਹੰਗ ਸਿੰਘ ਸਮੂਹਾਂ, ਉਦਾਸੀ ਤੇ ਨਿਰਮਲਾ ਸੰਪਰਦਾਵਾਂ, ਕਾਰ ਸੇਵਾ ਜਥਿਆਂ, ਰਾਗੀਆਂ ਅਤੇ ਕਥਾਵਾਚਕਾਂ ਨੂੰ ਇਸ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਜਲਦੀ ਹੀ ਸਮਾਣਾ ਦਾ ਦੌਰਾ ਕਰਕੇ ਗੁਰਜੀਤ ਸਿੰਘ ਖਾਲਸਾ ਨੂੰ ਆਪਣਾ ਵਿਰੋਧ ਖ਼ਤਮ ਕਰਨ ਅਤੇ ਇਸ ਇਤਿਹਾਸਕ ਸੈਸ਼ਨ ਦਾ ਹਿੱਸਾ ਬਣਨ ਲਈ ਸੱਦਾ ਦੇਣਗੇ।
ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਲਿਖਿਆ ਕਿ ਪੰਜਾਬ ਸਰਕਾਰ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਬਦ ਗੁਰੂ ਮੰਨਦੀ ਹੈ ਅਤੇ ਆਸਥਾ ਨੂੰ ਕਮਜ਼ੋਰ ਕਰਨ ਵਾਲੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਧਾਰਮਿਕ ਆਗੂਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਕਰਵਾਏ ਸਮਾਗਮਾਂ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੇ ਫੈਸਲੇ ਲਈ ਸਰਕਾਰ ਦੀ ਸ਼ਲਾਘਾ ਵੀ ਕੀਤੀ।
Read More : ਨਵਜੋਤ ਸਿੰਘ ਸਿੱਧੂ ਨੇ ਕੀਤਾ ਜਾਇਦਾਦ ਦਾ ਬਟਵਾਰਾ
