100 ਐਮਬੀਬੀਐਸ ਸੀਟਾਂ ਤੇ 300 ਬਿਸਤਰਿਆਂ ਵਾਲੇ ਹਸਪਤਾਲ ਦੀ ਉਸਾਰੀ 25 ਮਾਰਚ ਤੋਂ ਹੋਵੇਗੀ ਸ਼ੁਰੂ; ਸੁਲਤਾਨਪੁਰ ਲੋਧੀ ਅਤੇ ਬੇਗੋਵਾਲ ਦੇ ਹਸਪਤਾਲ ਵੀ ਕੀਤੇ ਜਾਣਗੇ ਅਪਗ੍ਰੇਡ
ਚੰਡੀਗੜ੍ਹ, 20 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਸਿਹਤ ਸਹੂਲਤਾਂ ਅਤੇ ਮੈਡੀਕਲ ਸਿੱਖਿਆ ਦੇ ਵਿਸਥਾਰ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਪੂਰਥਲਾ ਵਿੱਚ ਨਵੇਂ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਦਾ ਐਲਾਨ ਕੀਤਾ। ਹੁਸ਼ਿਆਰਪੁਰ ਵਿੱਚ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਤੋਂ ਬਾਅਦ, ਇਹ ਇਸੇ ਮਹੀਨੇ ਐਲਾਨਿਆ ਗਿਆ ਦੂਜਾ ਵੱਡਾ ਸੰਸਥਾਨ ਹੈ। ਇਹ ਨਵੀਂ ਸਹੂਲਤ ‘ਸ੍ਰੀ ਗੁਰੂ ਨਾਨਕ ਦੇਵ ਜੀ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼’ ਵਜੋਂ ਕਪੂਰਥਲਾ ਦੇ ਮੌਜੂਦਾ ਜ਼ਿਲ੍ਹਾ ਹਸਪਤਾਲ ਕੈਂਪਸ ਵਿੱਚ ਸਥਾਪਿਤ ਕੀਤੀ ਜਾਵੇਗੀ।
ਡਾ. ਬਲਬੀਰ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਟੈਂਡਰਿੰਗ ਪ੍ਰਕਿਰਿਆ ਸਮੇਤ ਸਾਰੀਆਂ ਰਸਮਾਂ ਪੂਰੀਆਂ ਹੋ ਚੁੱਕੀਆਂ ਹਨ ਅਤੇ ਕਾਰਜਕਾਰੀ ਏਜੰਸੀਆਂ ਨੂੰ ਕੰਮ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਪ੍ਰੋਜੈਕਟ ਦੀ ਉਸਾਰੀ 25 ਮਾਰਚ, 2026 ਨੂੰ ਸ਼ੁਰੂ ਹੋਵੇਗੀ ਅਤੇ ਮਾਰਚ 2028 ਤੱਕ ਪੂਰੀ ਕਰਨ ਦਾ ਟੀਚਾ ਹੈ। 275 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਵਿੱਚ 300 ਬਿਸਤਰਿਆਂ ਵਾਲਾ ਹਸਪਤਾਲ ਅਤੇ ਪ੍ਰਤੀ ਸਾਲ 100 ਐਮਬੀਬੀਐਸ ਸੀਟਾਂ ਵਾਲਾ ਮੈਡੀਕਲ ਕਾਲਜ ਸ਼ਾਮਲ ਹੋਵੇਗਾ, ਜਿਸ ਨਾਲ ਪੰਜਾਬ ਦੇ ਵਿਦਿਆਰਥੀਆਂ ਨੂੰ ਵਿਦੇਸ਼ ਜਾਣ ਦੀ ਲੋੜ ਨਹੀਂ ਪਵੇਗੀ।
ਮੰਤਰੀ ਨੇ ਦੱਸਿਆ ਕਿ ਇਸ ਸੰਸਥਾ ਨਾਲ 1,000 ਤੋਂ ਵੱਧ ਲੋਕਾਂ ਨੂੰ ਸਿੱਧਾ ਅਤੇ ਬਹੁਤ ਸਾਰੇ ਲੋਕਾਂ ਨੂੰ ਅਸਿੱਧਾ ਰੁਜ਼ਗਾਰ ਮਿਲੇਗਾ। ਸਿਹਤ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਸੁਲਤਾਨਪੁਰ ਲੋਧੀ ਦੇ ਸਰਕਾਰੀ ਹਸਪਤਾਲ ਨੂੰ ਸ਼ਹਿਰੀ ਕੇਂਦਰ ਅਤੇ ਬੇਗੋਵਾਲ ਦੇ ਹਸਪਤਾਲ ਨੂੰ ਪੇਂਡੂ ਕੇਂਦਰ ਵਜੋਂ ਅਪਗ੍ਰੇਡ ਕਰਕੇ ਇਸ ਕਾਲਜ ਨਾਲ ਜੋੜਿਆ ਜਾਵੇਗਾ। 5 ਲੱਖ ਵਰਗ ਫੁੱਟ ਤੋਂ ਵੱਧ ਖੇਤਰ ਵਿੱਚ ਫੈਲੇ ਇਸ ਪ੍ਰੋਜੈਕਟ ਵਿੱਚ 6 ਆਪ੍ਰੇਸ਼ਨ ਥੀਏਟਰ, 500 ਸਮਰੱਥਾ ਵਾਲਾ ਆਡੀਟੋਰੀਅਮ, ਐਮਆਰਆਈ, ਸੀਟੀ ਸਕੈਨ, ਕੇਂਦਰੀ ਪ੍ਰਯੋਗਸ਼ਾਲਾ ਅਤੇ ਬਲੱਡ ਬੈਂਕ ਵਰਗੀਆਂ ਆਧੁਨਿਕ ਸਹੂਲਤਾਂ ਉਪਲਬਧ ਹੋਣਗੀਆਂ।
Read More : ਕਾਰ ਤੇ ਮੋਟਰਸਾਈਕਲ ਦੀ ਟੱਕਰ ‘ਚ ਮਾਮੇ-ਭਾਣਜੇ ਦੀ ਮੌਤ
