ਅਦਾਲਤ ਵੱਲੋਂ ਸੂਬਾ ਸਰਕਾਰ ਤੇ ਸੂਬਾ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ
ਪਟਿਆਲਾ, 4 ਦਸੰਬਰ : ਸ਼੍ਰੋਮਣੀ ਅਕਾਲੀ ਦਲ ਨੇ ਪਟਿਆਲਾ ਦੇ ਐੱਸ. ਐੱਸ. ਪੀ. ਵਰੁਣ ਸ਼ਰਮਾ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ’ਚ ਉਨ੍ਹਾਂ ’ਤੇ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ’ਚ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਕਾਗ਼ਜ਼ ਦਾਖ਼ਲ ਕਰਨ ਤੋਂ ਰੋਕਣ ਲਈ ਹਦਾਇਤਾਂ ਜਾਰੀ ਕਰਨ ਦੀ ਕਾਨਫਰੰਸ ਕਾਲ ਦੀ ਆਡੀਓ ਜਨਤਕ ਹੋਣ ਮਗਰੋਂ ਐੱਫ. ਆਈ. ਆਰ. ਦਰਜ ਕਰਨ ਤੇ ਮਾਮਲੇ ਦੀ ਸੀ. ਬੀ. ਆਈ. ਜਾਂਚ ਦੇ ਹੁਕਮ ਦੇਣ ਦੀ ਮੰਗ ਕੀਤੀ ਗਈ ਹੈ।
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਵੇਰੇ ਐੱਸ. ਐੱਸ. ਪੀ. ਦੀ ਕਾਨਫਰੰਸ ਕਾਲ ਦੀ ਆਡੀਓ ਜਨਤਕ ਕਰਨ ਮਗਰੋਂ ਇਹ ਪਟੀਸ਼ਨ ਦਾਇਰ ਕੀਤੀ ਗਈ। ਅਦਾਲਤ ਨੇ ਸੂਬਾ ਸਰਕਾਰ ਤੇ ਸੂਬਾ ਚੋਣ ਕਮਿਸ਼ਨ ਨੂੰ ਸੋਮਵਾਰ ਲਈ ਨੋਟਿਸ ਜਾਰੀ ਕਰ ਦਿੱਤਾ ਹੈ।
ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵੱਲੋਂ ਪਾਰਟੀ ਦੇ ਲੀਗਲ ਸੈੱਲ ਦੇ ਮੁਖੀ ਅਰਸ਼ਦੀਪ ਸਿੰਘ ਕਲੇਰ ਰਾਹੀਂ ਇਸ ਸਬੰਧੀ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿਚ ਮੰਗ ਕੀਤੀ ਗਈ ਹੈ ਕਿ ਸੂਬੇ ਵਿਚ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ ਆਜ਼ਾਦ ਤੇ ਨਿਰਪੱਖ ਢੰਗ ਨਾਲ ਕਰਵਾਉਣ ਵਾਸਤੇ ਨਿਆਂਇਕ ਤੌਰ ’ਤੇ ਲੋੜੀਂਦੇ ਕਦਮ ਚੁੱਕੇ ਜਾਣ। ਪਟੀਸ਼ਨ ’ਚ ਚੋਣਾਂ ਵਾਸਤੇ ਕੇਂਦਰੀ ਹਥਿਆਰਬੰਦ ਪੁਲਸ ਫੋਰਸ ਜਾਂ ਨਿਰਪੱਖ ਨਿਗਰਾਨ ਲਾਉਣ ਦੀ ਮੰਗ ਕੀਤੀ ਗਈ ਹੈ।
ਪਟਿਆਲਾ ਪੁਲਸ ਦਾ ਦਾਅਵਾ : ਵਾਇਰਲ ਆਡੀਓ ਫਰਜ਼ੀ
ਇਸ ਆਡੀਓ ਰਿਕਾਰਡਿੰਗ ਨਾਲ ਪੂਰਾ ਦਿਨ ਸਿਆਸੀ ਮਾਹੌਲ ਭਖਿਆ ਰਿਹਾ। ਆਡੀਓ ਵਾਇਰਲ ਹੋਣ ਤੋਂ ਬਾਅਦ ਪਟਿਆਲਾ ਪੁਲਸ ਨੇ ਹਰਕਤ ’ਚ ਆਉਂਦੇ ਹੋਏ ਸਪੱਸ਼ਟ ਕੀਤਾ ਕਿ ਇਹ ਰਿਕਾਰਡਿੰਗ ਫਰਜ਼ੀ ਹੈ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਦੀ ਵਰਤੋਂ ਕਰ ਕੇ ਬਣਾਈ ਗਈ ਹੈ।
ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਨ ਅਤੇ ਜਾਂਚ ਸ਼ੁਰੂ ਕਰਨ ਦਾ ਵੀ ਦਾਅਵਾ ਕੀਤਾ। ਆਡੀਓ ਵਿਚ ਸੁਣੀਆਂ ਗਈਆਂ ਕਥਿਤ ਹਦਾਇਤਾਂ ਨੂੰ ਬਹੁਤ ਇਤਰਾਜ਼ਯੋਗ ਮੰਨਿਆ ਜਾ ਰਿਹਾ ਹੈ, ਜਿਸ ਕਾਰਨ ਸੋਸ਼ਲ ਮੀਡੀਆ ’ਤੇ ਵਿਰੋਧੀ ਪਾਰਟੀਆਂ ਵੱਲੋਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ।
Read More : ਬਿਕਰਮ ਮਜੀਠੀਆ ਨੂੰ ਹਾਈ ਕੋਰਟ ਤੋਂ ਝਟਕਾ, ਨਹੀਂ ਮਿਲੀ ਜ਼ਮਾਨਤ
