ਕੈਬਨਿਟ ਮੰਤਰੀ ਗੋਇਲ ਨੇ ਪਿੰਡ ਕੜੈਲ ਵਿਖੇ ਘੱਗਰ ਦਰਿਆ ਉਤੇ ਇਨਲੈਟ ਗੇਟ ਦਾ ਨੀਂਹ ਪੱਥਰ ਰੱਖਿਆ
ਮੂਣਕ, 3 ਜਨਵਰੀ : ਪੰਜਾਬ ਦੇ ਜਲ ਸਰੋਤ ਤੇ ਖਣਿਜ ਵਿਭਾਗ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪਿੰਡ ਕੜੈਲ ਵਿਖੇ ਘੱਗਰ ਦਰਿਆ ਉਤੇ ਪੈਂਦੀ ਬੁਰਜੀ 3900 ਆਰਡੀ ਉਤੇ ਇਨਲੈਟ ਗੇਟ ਦਾ ਨੀਂਹ ਪੱਥਰ ਰੱਖਿਆ। ਪੰਜਾਬ ਸਰਕਾਰ ਨੇ ਇਲਾਕੇ ਦੇ ਕਿਸਾਨਾਂ ਲਈ ਲੰਬੇ ਸਮੇਂ ਤੋਂ ਚੱਲ ਰਹੀ ਪਾਣੀ ਨਿਕਾਸੀ ਦੀ ਸਮੱਸਿਆ ਨੂੰ ਹੱਲ ਕਰਨ ਵੱਲ ਵੱਡਾ ਕਦਮ ਚੁੱਕਿਆ ਹੈ। ਇਹ ਪ੍ਰੋਜੈਕਟ ਨਾ ਸਿਰਫ਼ ਫਸਲਾਂ ਨੂੰ ਬਚਾਏਗਾ ਸਗੋਂ ਕਿਸਾਨਾਂ ਦੇ ਵਿੱਤੀ ਬੋਝ ਨੂੰ ਵੀ ਘੱਟ ਕਰੇਗਾ।
ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੀਂਹ ਦੇ ਦਿਨਾਂ ਵਿੱਚ ਇਲਾਕੇ ਦੇ ਕਈ ਪਿੰਡਾਂ ਵਿੱਚ 1000 ਏਕੜ ਤੋਂ ਵੱਧ ਰਕਬੇ ਵਾਲੇ ਖੇਤਾਂ ਵਿੱਚ ਪਾਣੀ ਖੜ੍ਹ ਜਾਂਦਾ ਹੈ, ਜਿਸ ਕਾਰਨ ਫਸਲਾਂ ਪੂਰੀ ਤਰ੍ਹਾਂ ਖ਼ਰਾਬ ਹੋ ਜਾਂਦੀਆਂ ਹਨ ਅਤੇ ਕਿਸਾਨਾਂ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਝੱਲਣਾ ਪੈਂਦਾ ਹੈ। ਨਵੇਂ ਬਣਨ ਵਾਲੇ ਇਨਲੈਟ ਗੇਟ ਰਾਹੀਂ ਹੁਣ ਮੀਂਹ ਦਾ ਪਾਣੀ ਸਿੱਧਾ ਘੱਗਰ ਦਰਿਆ ਵਿੱਚ ਛੱਡਿਆ ਜਾ ਸਕੇਗਾ। ਗੇਟ ਖੋਲ੍ਹਣ ਨਾਲ ਪਾਣੀ ਦੀ ਤੁਰੰਤ ਨਿਕਾਸੀ ਹੋ ਜਾਵੇਗੀ, ਜਿਸ ਨਾਲ ਖੇਤਾਂ ਵਿੱਚ ਪਾਣੀ ਖੜ੍ਹਨ ਦੀ ਸਮੱਸਿਆ ਖ਼ਤਮ ਹੋ ਜਾਵੇਗੀ।
ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ 32 ਲੱਖ 80 ਹਜ਼ਾਰ ਰੁਪਏ ਦੀ ਲਾਗਤ ਨਾਲ ਡੇਢ ਮਹੀਨੇ ਵਿੱਚ ਪੂਰਾ ਕਰ ਲਿਆ ਜਾਵੇਗਾ। ਇਹ ਇਲਾਕਾ ਵਾਸੀਆਂ ਦੀ ਚਿਰੋਕਣੀ ਅਤੇ ਵੱਡੀ ਮੰਗ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਤਰਜੀਹੀ ਆਧਾਰ ਉਤੇ ਪੂਰਾ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਪ੍ਰੋਜੈਕਟ ਮੁਕੰਮਲ ਹੋਣ ਨਾਲ ਆਉਣ ਵਾਲੇ ਮਾਨਸੂਨ ਵਿੱਚ ਕਿਸਾਨਾਂ ਦੀਆਂ ਫਸਲਾਂ ਨੂੰ ਪੂਰੀ ਸੁਰੱਖਿਆ ਮਿਲੇਗੀ।
ਉਨ੍ਹਾਂ ਨੇ ਘੱਗਰ ਦਰਿਆ ਦੀ ਹਾਲਤ ਬਾਰੇ ਗੱਲ ਕਰਦਿਆਂ ਦੱਸਿਆ ਕਿ ਇਹ ਖੇਤਰ ਹਰ ਸਾਲ ਹੜ੍ਹਾਂ ਦੀ ਮਾਰ ਝੱਲਦਾ ਹੈ। ਇਸ ਵਾਰ ਵੀ ਘੱਗਰ ਵਿੱਚ ਪਾਣੀ 753 ਫੁੱਟ ਤੱਕ ਚੜ੍ਹ ਗਿਆ ਸੀ, ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਅਗਾਊਂ ਪ੍ਰਬੰਧਾਂ ਅਤੇ ਤਿਆਰੀਆਂ ਸਦਕਾ ਵੱਡਾ ਨੁਕਸਾਨ ਟਲ ਗਿਆ। ਮੌਨਸੂਨ ਸੀਜ਼ਨ ਦੌਰਾਨ ਪਿੰਡ ਕੜੈਲ ਤੋਂ ਮਕਰੋੜ ਸਾਹਿਬ ਤੱਕ ਲਗਾਤਾਰ ਖ਼ਤਰਾ ਬਣਿਆ ਰਹਿੰਦਾ ਹੈ, ਪਰ ਸਰਕਾਰ ਦੀ ਸਮੇਂ ਸਿਰ ਕਾਰਵਾਈ ਨਾਲ ਸਥਿਤੀ ਕਾਬੂ ਵਿੱਚ ਰਹੀ।
Read More : ਕੇਂਦਰੀ ਜੇਲ ’ਚ ਕੈਦੀਆਂ ਵਿਚਾਲੇ ਝੜਪ, ਸਥਿਤੀ ਬਣੀ ਤਣਾਅਪੂਰਨ
