ਮੁੱਖ ਮੰਤਰੀ ਨੇ ਕਣਕ ਦੇ ਬੀਜ ਦੇ 7 ਟਰੱਕਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਅੰਮ੍ਰਿਤਸਰ, 26 ਅਕਤੂਬਰ : ਸੂਬੇ ਦੇ ਹੜ੍ਹ ਪੀੜਤਾਂ ਨਾਲ ਕੀਤੇ ਇਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲ ਹੀ ’ਚ ਆਏ ਹੜ੍ਹਾਂ ਦੌਰਾਨ ਨੁਕਸਾਨੀ ਗਈ ਲਗਭਗ 5 ਲੱਖ ਏਕੜ ਜ਼ਮੀਨ ’ਚ ਆਪਣੀ ਫਸਲ ਗੁਆਉਣ ਵਾਲੇ ਕਿਸਾਨਾਂ ਨੂੰ 2 ਲੱਖ ਕੁਇੰਟਲ ਕਣਕ ਦੇ ਬੀਜ ਮੁਫ਼ਤ ਮੁਹੱਈਆ ਕਰਵਾਉਣ ਲਈ ਅੱਜ 7 ਟਰੱਕਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਕਾਰਨ ਸੂਬੇ ਦੇ ਕਿਸਾਨਾਂ ਨੂੰ ਅਣਗਿਣਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ’ਚ ਸੂਬੇ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ’ਚ ਆਏ ਹੜ੍ਹਾਂ ਕਾਰਨ ਸੂਬੇ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ, ਜਿਸ ਕਾਰਨ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ 74 ਕਰੋੜ ਰੁਪਏ ਦੇ 2 ਲੱਖ ਕੁਇੰਟਲ ਬੀਜ ਮੁਫ਼ਤ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ’ਚ ਆਤਮ-ਨਿਰਭਰ ਬਣਾਉਣ ’ਚ ਅਹਿਮ ਭੂਮਿਕਾ ਨਿਭਾਈ ਹੈ। ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨ ਹੜ੍ਹਾਂ ਕਾਰਨ ਵੱਡੇ ਸੰਕਟ ਦਾ ਸਾਹਮਣਾ ਕਰ ਰਹੇ ਹਨ ਪਰ ਸੂਬਾ ਸਰਕਾਰ ਉਨ੍ਹਾਂ ਨੂੰ ਇਸ ਸਮੱਸਿਆ ’ਚੋਂ ਬਾਹਰ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਨ੍ਹਾਂ ਕਿਸਾਨਾਂ ਨੂੰ ਅਾਗਾਮੀ ਹਾੜ੍ਹੀ ਦੀ ਫਸਲ ਬੀਜਣ ’ਚ ਮਦਦ ਕਰਨ ਵਾਸਤੇ ਕਣਕ ਦੇ ਬੀਜ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ।
ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ ਕਿ ਹੜ੍ਹਾਂ ਕਾਰਨ 2300 ਤੋਂ ਵੱਧ ਪਿੰਡ ਡੁੱਬ ਗਏ, 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਅਤੇ ਪੰਜ ਲੱਖ ਏਕੜ ਜ਼ਮੀਨ ’ਚ ਫਸਲਾਂ ਤਬਾਹ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਇਨ੍ਹਾਂ ਹੜ੍ਹਾਂ ਦੌਰਾਨ 56 ਜਾਨਾਂ ਚਲੀਆਂ ਗਈਆਂ ਹਨ ਅਤੇ ਲਗਭਗ 7 ਲੱਖ ਲੋਕ ਬੇਘਰ ਹੋ ਗਏ ਹਨ। ਉਨ੍ਹਾਂ ਕਿਹਾ ਕਿ 3,200 ਸਰਕਾਰੀ ਸਕੂਲ ਨੁਕਸਾਨੇ ਗਏ ਹਨ, 19 ਕਾਲਜ ਮਲਬੇ ਵਿਚ ਬਦਲ ਗਏ ਹਨ, 1,400 ਕਲੀਨਿਕ ਅਤੇ ਹਸਪਤਾਲ ਬਰਬਾਦ ਹੋ ਗਏ ਹਨ, 8,500 ਕਿਲੋਮੀਟਰ ਸੜਕਾਂ ਤਬਾਹ ਹੋ ਗਈਆਂ ਹਨ ਅਤੇ 2,500 ਪੁਲ ਢਹਿ ਗਏ ਹਨ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ੁਰੂਆਤੀ ਅਨੁਮਾਨਾਂ ਅਨੁਸਾਰ ਲਗਭਗ 13,800 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ, ਹਾਲਾਂਕਿ ਅਸਲ ਅੰਕੜਾ ਇਸ ਤੋਂ ਵੀ ਵੱਧ ਹੋ ਸਕਦਾ ਹੈ।
Read More : ਏ. ਸੀ. ਪੀ. ਸੁਮਿਤ ਸੂਦ ਦਾ ਵ੍ਹਟਸਐਪ ਹੈਕ
