ਸੰਤ ਸਮਾਜ ਵੱਲੋਂ ਪੰਜਾਬ ਸਰਕਾਰ ਦੇ ਪ੍ਰਬੰਧਾਂ ਦੀ ਸ਼ਲਾਘਾ
ਖੁਰਾਲਗੜ੍ਹ (ਗੜ੍ਹਸ਼ੰਕਰ), 6 ਫਰਵਰੀ : ਗੁਰੂ ਰਵਿਦਾਸ ਜੀ ਸਾਧੂ ਸੰਪਰਦਾ ਸੁਸਾਇਟੀ ਅਤੇ ਸਮੁੱਚੇ ਸੰਤ ਸਮਾਜ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ’ਤੇ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਕੀਤੀ ਹੈ।
ਸੰਤ ਸਮਾਜ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ ਸੂਬਾ ਪੱਧਰੀ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਨਿਰਮਲ ਦਾਸ ਜੀ ਜੌੜੇ ਵਾਲੇ ਨੇ ਕਿਹਾ ਕਿ ਸਾਧੂ ਸੰਪਰਦਾ ਸੁਸਾਇਟੀ ਅਤੇ ਸੰਤ ਸਮਾਜ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਲਈ ਉਨ੍ਹਾਂ ਦਾ ਧੰਨਵਾਦ ਕਰਦੇ ਹਨ।
ਉਨ੍ਹਾਂ ਦੱਸਿਆ ਕਿ ਖੁਰਾਲਗੜ੍ਹ ਦੀ ਪਵਿੱਤਰ ਧਰਤੀ ‘ਤੇ ਗੁਰੂ ਜੀ ਨੇ ਚਾਰ ਸਾਲ ਤੋਂ ਵੱਧ ਸਮਾਂ ਭਗਤੀ ਕੀਤੀ ਸੀ। ਇਸੇ ਦੌਰਾਨ ਡੇਰਾ ਬੱਲਾਂ ਤੋਂ ਸੰਤ ਪ੍ਰਦੀਪ ਦਾਸ ਨੇ ਇਸ ਦਿਨ ਨੂੰ ਇਤਿਹਾਸਕ ਦੱਸਦਿਆਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਆਪਣੀ ਸਮੁੱਚੀ ਕੈਬਨਿਟ ਅਤੇ ਸੰਸਦ ਮੈਂਬਰਾਂ ਸਮੇਤ ਗੁਰੂ ਚਰਨਾਂ ਵਿੱਚ ਨਤਮਸਤਕ ਹੋਣ ਪਹੁੰਚੇ ਹਨ। ਉਨ੍ਹਾਂ ਡੇਰਾ ਬੱਲਾਂ ਨੇੜੇ ‘ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ’ ਲਈ 10 ਏਕੜ ਜ਼ਮੀਨ ਦੇਣ ‘ਤੇ ਵੀ ਸਰਕਾਰ ਦਾ ਆਭਾਰ ਪ੍ਰਗਟਾਇਆ।
ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਉਲੀਕੀ ਗਈ ਹੈ, ਜਿਸ ਦੀ ਸ਼ੁਰੂਆਤ ਅੱਜ ਤੋਂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਬਾਣੀ ਅਤੇ ਸਿੱਖਿਆਵਾਂ ਨੂੰ ਦੁਨੀਆ ਦੇ ਹਰ ਕੋਨੇ ਤੱਕ ਪਹੁੰਚਾਇਆ ਜਾਵੇਗਾ। ਇਸ ਮੰਤਵ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੀ ਜ਼ਿੰਮੇਵਾਰੀ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਪਤਵੰਤਿਆਂ ਦੀ ਹਾਜ਼ਰੀ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਆਈਆਂ ਸੰਗਤਾਂ ਦਾ ਸਵਾਗਤ ਕੀਤਾ। ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਨੇ ਆਪਣੇ ਹਲਕੇ ਗੜ੍ਹਸ਼ੰਕਰ ਦੀ ਪਵਿੱਤਰ ਧਰਤੀ ‘ਤੇ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਮੁੱਖ ਮੰਤਰੀ ਮਾਨ ਅਤੇ ਉਨ੍ਹਾਂ ਦੀ ਕੈਬਨਿਟ ਨੇ ਗੁਰੂ ਜੀ ਦੇ ਤਪ ਅਸਥਾਨ ‘ਤੇ ਸ਼ਰਧਾ ਸਹਿਤ ਮੱਥਾ ਵੀ ਟੇਕਿਆ।
Read More : ‘ਆਪ’ ਆਗੂ ਲੱਕੀ ਓਬਰਾਏ ਦਾ ਗੋਲੀਆਂ ਮਾਰ ਕੇ ਕਤਲ
