ਪਟਿਆਲਾ, 15 ਸਤੰਬਰ : ਕੇਂਦਰੀ ਯੁਵਕ ਮਾਮਲੇ ਅਤੇ ਖੇਡ ਰਾਜ ਮੰਤਰੀ ਰਕਸ਼ਾ ਨਿਖਿਲ ਖੜਸੇ ਨੇ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਨਾਲ ਪਟਿਆਲਾ ਜ਼ਿਲੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਘਨੌਰ ਹਲਕੇ ਦੇ ਪਿੰਡਾਂ ਜੰਡ ਮੰਗੋਲੀ, ਊਂਟਸਰ, ਕਾਮੀ ਖੁਰਦ ਅਤੇ ਚਮਾਰੂ ਵਿਚ ਘੱਗਰ ਨਦੀ ਦੇ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।
ਇਸ ਮੌਕੇ ਰਕਸ਼ਾ ਨਿਖਿਲ ਖੜਸੇ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਮੰਤਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਨਿੱਜੀ ਤੌਰ ’ਤੇ ਨਿਰੀਖਣ ਕਰਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸਮਝਣ ਲਈ ਕਿਹਾ ਹੈ ਤਾਂ ਜੋ ਪੰਜਾਬ ਨੂੰ ਵੱਧ ਤੋਂ ਵੱਧ ਮਦਦ ਦਿੱਤੀ ਜਾ ਸਕੇ। ਜਿਨ੍ਹਾਂ ਪਰਿਵਾਰਾਂ ਦੇ ਘਰਾਂ ਦਾ ਨੁਕਸਾਨ ਹੋਇਆ ਹੈ, ਉਹ ਜ਼ਿਲਾ ਪ੍ਰਸ਼ਾਸਨ ਕੋਲ ਆਪਣੇ ਵੇਰਵੇ ਜਮ੍ਹਾ ਕਰਵਾਉਣ ਤਾਂ ਜੋ ਸਹੀ ਮੁਆਵਜ਼ੇ ਦਾ ਪ੍ਰਬੰਧ ਕੀਤਾ ਜਾ ਸਕੇ।
ਰਾਜ ਮੰਤਰੀ ਨੇ ਉੱਪ ਮੰਡਲ ਮੈਜਿਸਟਰੇਟ ਨੂੰ ਇਕ ਸਹੀ ਅਤੇ ਵਿਆਪਕ ਸਰਵੇਖਣ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਮੁਆਵਜ਼ਾ ਸਿੱਧੇ ਤੌਰ ’ਤੇ ਸਾਰੇ ਪ੍ਰਭਾਵਿਤ ਪਰਿਵਾਰਾਂ ਤੱਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਮੁਸ਼ਕਿਲ ਸਮੇਂ ’ਚ ਪੰਜਾਬ ਦੇ ਨਾਲ ਹੈ। ਪ੍ਰਧਾਨ ਮੰਤਰੀ ਅਤੇ ਸਾਰੇ ਕੇਂਦਰੀ ਮੰਤਰੀ ਪੰਜਾਬ ਦੇ ਨਾਲ ਖੜ੍ਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਕੇਂਦਰ ਨੁਕਸਾਨ ਦਾ ਵਿਸਤ੍ਰਿਤ ਡਾਟਾ ਇਕੱਠਾ ਕਰ ਰਿਹਾ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਤੇ ਕਿਸਾਨਾਂ ਨੂੰ ਹਰ ਸੰਭਵ ਮੁਆਵਜ਼ਾ ਦਿੱਤਾ ਜਾਵੇਗਾ।
ਪ੍ਰਨੀਤ ਕੌਰ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਟਿਆਲਾ ਜ਼ਿਲੇ ਦੇ 140 ਤੋਂ ਵੱਧ ਪਿੰਡ ਅਤੇ ਲਗਭਗ 43,700 ਏਕੜ ਉਪਜਾਊ ਖੇਤੀਬਾੜੀ ਜ਼ਮੀਨ ਪ੍ਰਭਾਵਿਤ ਹੋਈ ਹੈ। ਉਨ੍ਹਾਂ ਰੋਜ਼ੀ ਰੋਟੀ ਬਹਾਲ ਕਰਨ ਅਤੇ ਲੋਕਾਂ ਨੂੰ ਤੁਰੰਤ ਰਾਹਤ ਪਹੁੰਚਾਉਣ ਲਈ ਤੁਰੰਤ ਮੁੜ ਵਸੇਬਾ ਯਤਨਾਂ ਦੀ ਮੰਗ ਕੀਤੀ।
ਦੋਵੇਂ ਆਗੂਆਂ ਨੇ ਭਰੋਸਾ ਦਿੱਤਾ ਕਿ ਰਾਹਤ ਅਤੇ ਮੁੜ-ਵਸੇਬੇ ਦਾ ਕੰਮ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਕੁਦਰਤੀ ਆਫਤ ’ਚ ਕੇਂਦਰ ਸਰਕਾਰ ਅਤੇ ਭਾਜਪਾ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਮਦਦ ਕਰੇਗੀ।
Read More : ਪ੍ਰਗਟ ਸਿੰਘ ਨੇ ਸਿੱਖ ਜਥੇ ਨੂੰ ਪਾਕਿ ਜਾਣ ਦੀ ਇਜਾਜ਼ਤ ਨਾ ਦੇਣ ਦੀ ਕੀਤੀ ਨਿੰਦਾ