Gurmeet-Singh-Khudian

ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਵੱਲੋਂ ਵਿਧਾਨ ਸਭਾ ਵਿਚ ਬਿੱਲ ਦਾ ਪੁਰਜ਼ੋਰ ਸਮਰਥਨ

ਚੰਡੀਗੜ੍ਹ, 13 ਅਪ੍ਰੈਲ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026’ ਦਾ ਪੂਰਨ ਸਮਰਥਨ ਕੀਤਾ। ਇਸ ਨਵੇਂ ਬਿੱਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਜਾਂ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਿਆਂ ਲਈ ਉਮਰ ਕੈਦ ਅਤੇ 25 ਲੱਖ ਰੁਪਏ ਤੱਕ ਦੇ ਭਾਰੀ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ।

ਗੁਰਮੀਤ ਸਿੰਘ ਖੁੱਡੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗਿਆਨ ਦੀ ਸਦੀਵੀਂ ਜੋਤ ਦੱਸਦਿਆਂ ਸਿੱਖ ਭਾਈਚਾਰੇ ਦੇ ਡੂੰਘੇ ਸਤਿਕਾਰ ਦਾ ਜ਼ਿਕਰ ਕੀਤਾ। ਉਨ੍ਹਾਂ ਵਾਰ-ਵਾਰ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

ਬੇਅਦਬੀ ਦੇ ਅਣਸੁਲਝੇ ਮਾਮਲਿਆਂ ‘ਤੇ ਬੋਲਦਿਆਂ ਖੁੱਡੀਆਂ ਨੇ 1986 ਦੀਆਂ ਘਟਨਾਵਾਂ ਨੂੰ ਚੇਤੇ ਕੀਤਾ। ਉਨ੍ਹਾਂ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਉਸ ਵੇਲੇ ਦੀ ਅਖੌਤੀ ਪੰਥਕ ਸਰਕਾਰ ਨੇ ਜਸਟਿਸ ਗੁਰਨਾਮ ਸਿੰਘ ਰਿਪੋਰਟ ਨੂੰ ਅਣਡਿੱਠਾ ਕਰਕੇ ਦਫ਼ਨਾ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ 1986 ਦੀ ਘਟਨਾ ਲਈ ਜ਼ਿੰਮੇਵਾਰ ਇੱਕ ਆਈ.ਏ.ਐਸ. (IAS) ਅਤੇ ਇੱਕ ਆਈ.ਪੀ.ਐਸ. (IPS) ਅਧਿਕਾਰੀ ਨੂੰ ਸਜ਼ਾ ਦੇਣ ਦੀ ਬਜਾਏ ਵੱਡੇ ਅਹੁਦਿਆਂ ਨਾਲ ਨਿਵਾਜਿਆ ਗਿਆ।

ਮੰਤਰੀ ਨੇ ਬਰਗਾੜੀ, ਕੋਟਕਪੂਰਾ ਅਤੇ ਬਹਿਬਲ ਕਲਾਂ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਚੋਰੀ ਕੀਤੇ ਗਏ। ਜਦੋਂ ਸੰਗਤ ਨੇ ਵਿਰੋਧ ਕੀਤਾ ਤਾਂ ਤਤਕਾਲੀ ਉਪ ਮੁੱਖ ਮੰਤਰੀ ਦੇ ਹੁਕਮਾਂ ‘ਤੇ ਸ਼ਾਂਤੀਪੂਰਨ ਪ੍ਰਦਰਸ਼ਨਕਾਰੀਆਂ ‘ਤੇ ਗੋਲੀਆਂ ਚਲਾਈਆਂ ਗਈਆਂ ਅਤੇ ਬਾਅਦ ਵਿੱਚ ਦੋਸ਼ੀ ਅਧਿਕਾਰੀਆਂ ਨੂੰ ਇਨਾਮ ਦਿੱਤੇ ਗਏ।”

ਉਨ੍ਹਾਂ ਕਿਹਾ ਕਿ ਪਹਿਲਾਂ ਸਜ਼ਾ ਘੱਟ ਹੋਣ ਕਾਰਨ ਦੋਸ਼ੀਆਂ ਨੂੰ ਆਸਾਨੀ ਨਾਲ ਜ਼ਮਾਨਤ ਮਿਲ ਜਾਂਦੀ ਸੀ ਅਤੇ ਕੋਈ ਕਾਨੂੰਨ ਦਾ ਡਰ ਨਹੀਂ ਸੀ। ਪਰ ਹੁਣ ਉਮਰ ਕੈਦ ਅਤੇ ਭਾਰੀ ਜੁਰਮਾਨੇ ਕਾਰਨ ਅਜਿਹੇ ਅਪਰਾਧਾਂ ‘ਤੇ ਰੋਕ ਲੱਗੇਗੀ।

ਆਨਲਾਈਨ ਅਤੇ ਸੋਸ਼ਲ ਮੀਡੀਆ ‘ਤੇ ਗੁਰਬਾਣੀ ਦੇ ਸ਼ਬਦਾਂ ਨੂੰ ਜਾਣਬੁੱਝ ਕੇ ਤੋੜ-ਮਰੋੜ ਕੇ ਪੇਸ਼ ਕਰਨ ‘ਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੀਆਂ ਹਰਕਤਾਂ ਭਾਈਚਾਰਕ ਸਾਂਝ ਨੂੰ ਭੰਗ ਕਰਦੀਆਂ ਹਨ ਅਤੇ ਨਵਾਂ ਕਾਨੂੰਨ ਅਜਿਹੀਆਂ ਨਫ਼ਰਤ ਭਰੀਆਂ ਘਟਨਾਵਾਂ ਨੂੰ ਸਖ਼ਤੀ ਨਾਲ ਰੋਕੇਗਾ।

Read More : ਕੇਂਦਰ ਦੀ ਵਿਸ਼ੇਸ਼ ਟੀਮ ਵੱਲੋਂ ਪੰਜਾਬ ਦੀਆਂ ਮੰਡੀਆਂ ’ਚ ਕਣਕ ਦੀ ਗੁਣਵੱਤਾ ਦੀ ਜਾਂਚ

Leave a Reply

Your email address will not be published. Required fields are marked *