ਹੋਲਾ ਮਹੱਲਾ

ਹੋਲਾ ਮਹੱਲਾ ਮੌਕੇ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ

ਅਰਬ ਦੇਸ਼ਾਂ ’ਚ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਪੰਜਾਬੀਆਂ ਲਈ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਜਾਰੀ ਕਰੇਗਾ ਹੈਲਪਲਾਈਨ

ਸ੍ਰੀ ਅਨੰਦਪੁਰ ਸਾਹਿਬ, 2 ਮਾਰਚ : ਕੌਮੀ ਤਿਉਹਾਰ ਹੋਲੇ ਮਹੱਲੇ ਦੇ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਅਰਬ ਦੇਸ਼ਾਂ ’ਚ ਫਸੇ ਪੰਜਾਬੀਆਂ ਦੀ ਮਦਦ ਲਈ ਅਹਿਮ ਐਲਾਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਲਦ ਹੀ ਇਕ ਵਿਸ਼ੇਸ਼ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇਗਾ।

ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਸੰਕਟ ’ਚ ਘਿਰੇ ਪੰਜਾਬੀਆਂ ਦੀ ਮਦਦ ਲਈ ਹਮੇਸ਼ਾ ਤਿਆਰ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਬਾਰੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਕੇਂਦਰ ਸਰਕਾਰ ਤੋਂ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਜਾ ਰਹੀ ਹੈ, ਤਾਂ ਜੋ ਵਿਦੇਸ਼ਾਂ ’ਚ ਫਸੇ ਨੌਜਵਾਨਾਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾ ਸਕੇ। ਉਨ੍ਹਾਂ ਅਪੀਲ ਕੀਤੀ ਕਿ ਇਹ ਮਨੁੱਖਤਾ ਦਾ ਮਸਲਾ ਹੈ ਅਤੇ ਇਸ ’ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ।

ਦਰਸ਼ਨਾਂ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ ਅਤੇ ਪੰਥਕ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਪਾਰਟੀ ਆਗੂਆਂ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਸਨਮਾਨਿਤ ਵੀ ਕੀਤਾ ਗਿਆ।

ਸਮਾਗਮ ਦੌਰਾਨ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਐੱਸ.ਜੀ.ਪੀ.ਸੀ. ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਐਗਜ਼ੈਕਟਿਵ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ, ਮੈਨੇਜਰ ਮਲਕੀਤ ਸਿੰਘ ਅਤੇ ਯੂਥ ਆਗੂ ਸੰਦੀਪ ਸਿੰਘ ਕਲੋਤਾ ਸਮੇਤ ਕਈ ਹੋਰ ਆਗੂ ਮੌਜੂਦ ਸਨ।

Read More : ਬਠਿੰਡਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਮੰਦਭਾਗੀ ਘਟਨਾ; ਸੰਗਤ ’ਚ ਭਾਰੀ ਰੋਸ

Leave a Reply

Your email address will not be published. Required fields are marked *