14 ਮਾਰਚ ਨੂੰ ਮੋਗਾ ਵਿਖੇ ਹੋਣ ਵਾਲੀ ਅਮਿਤ ਸ਼ਾਹ ਦੀ ਰੈਲੀ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਮੋਗਾ, 8 ਮਾਰਚ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅੱਜ ਮੋਗਾ ਪਹੁੰਚੇ, ਜਿੱਥੇ ਉਨ੍ਹਾਂ ਨੇ 14 ਮਾਰਚ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹੋਣ ਵਾਲੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਗੱਲਬਾਤ ਕਰਦਿਆਂ ਜਾਖੜ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਬਜਟ ਸੂਬੇ ਨੂੰ ਕਰਜ਼ੇ ਦੇ ਅਜਿਹੇ ਡੂੰਘੇ ਸੰਕਟ ’ਚ ਧੱਕ ਦੇਵੇਗਾ, ਜਿਸ ਤੋਂ ਨਿਕਲਣਾ ਮੁਸ਼ਕਲ ਹੋਵੇਗਾ।
ਸੁਨੀਲ ਜਾਖੜ ਨੇ ਸਵਾਲ ਉਠਾਇਆ ਕਿ ਸਰਕਾਰ ਨੇ ਬਜਟ ’ਚ ਵੱਡੇ-ਵੱਡੇ ਵਾਅਦੇ ਤਾਂ ਕਰ ਦਿੱਤੇ ਹਨ, ਪਰ ਇਹ ਸਪੱਸ਼ਟ ਨਹੀਂ ਕੀਤਾ ਕਿ ਇਨ੍ਹਾਂ ਨੂੰ ਪੂਰਾ ਕਰਨ ਲਈ ਪੈਸਾ ਕਿੱਥੋਂ ਆਵੇਗਾ? ਉਨ੍ਹਾਂ ਕਿਹਾ ਕਿ ਔਰਤਾਂ ਨੂੰ ਨਕਦ ਸਹਾਇਤਾ ਦੇਣ ਵਾਲੀ ਯੋਜਨਾ ਲਈ ਹਰ ਮਹੀਨੇ ਕਰੋੜਾਂ ਰੁਪਏ ਦੀ ਲੋੜ ਪਵੇਗੀ। ਆਮਦਨ ਦੇ ਨਵੇਂ ਸਰੋਤ ਪੈਦਾ ਕੀਤੇ ਬਿਨਾਂ ਸਿਰਫ਼ ਵੋਟਾਂ ਖ਼ਰੀਦਣ ਲਈ ਅਜਿਹੀਆਂ ਯੋਜਨਾਵਾਂ ਸ਼ੁਰੂ ਕਰਨਾ ਸੂਬੇ ਦੇ ਅਰਥਚਾਰੇ ਲਈ ਘਾਤਕ ਹੈ।
ਉਨ੍ਹਾਂ ਅੰਕੜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਵਿੱਤ ਮੰਤਰੀ ਖ਼ੁਦ ਮੰਨ ਚੁੱਕੇ ਹਨ ਕਿ ਸੂਬੇ ਦਾ ਕਰਜ਼ਾ 4.59 ਲੱਖ ਕਰੋੜ ਨੂੰ ਪਾਰ ਕਰ ਜਾਵੇਗਾ, ਜੋ ਅਸਲ ’ਚ ਅਗਲੇ ਵਿੱਤੀ ਸਾਲ ਦੇ ਅੰਤ ਤੱਕ 5 ਲੱਖ ਕਰੋੜ ਤੱਕ ਪਹੁੰਚਣ ਦਾ ਖ਼ਦਸ਼ਾ ਹੈ। ਜਾਖੜ ਅਨੁਸਾਰ ਇਸ ਕਰਜ਼ੇ ਦਾ ਸਾਰਾ ਬੋਝ ਅੰਤ ’ਚ ਪੰਜਾਬ ਦੇ ਆਮ ਲੋਕਾਂ ਨੂੰ ਹੀ ਚੁੱਕਣਾ ਪਵੇਗਾ।
ਮੋਗਾ ਰੈਲੀ ਦਾ ਜ਼ਿਕਰ ਕਰਦਿਆਂ ਜਾਖੜ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਕਾਂਗਰਸ ਅਤੇ ‘ਆਪ’ ਦੋਵਾਂ ਤੋਂ ਨਿਰਾਸ਼ ਹੋ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਹੁਣ ਇਕ ਅਜਿਹੀ ਮਜ਼ਬੂਤ ਲੀਡਰਸ਼ਿਪ ਦੀ ਭਾਲ ’ਚ ਹਨ ਜੋ ਪੰਜਾਬ ਨੂੰ ਮੌਜੂਦਾ ਸੰਕਟ ਵਿੱਚੋਂ ਬਾਹਰ ਕੱਢ ਸਕੇ ਅਤੇ ਭਾਜਪਾ ਹੀ ਉਹ ਬਦਲ ਪੇਸ਼ ਕਰ ਰਹੀ ਹੈ।
Read More : ਬਜਟ ਮਾਵਾਂ-ਭੈਣਾਂ ਨਾਲ ਵੱਡਾ ਧੋਖਾ; ਕਿਸਾਨ, ਮੁਲਾਜ਼ਮ ਤੇ ਵਪਾਰੀ ਨਿਰਾਸ਼ : ਅਸ਼ਵਨੀ ਸ਼ਰਮਾ
