ਪ੍ਰਸ਼ਾਸਨ ਵੱਲੋਂ ਹਰ ਲੋੜਵੰਦ ਤੱਕ ਰਾਹਤ ਸਮਗਰੀ ਪਹੁੰਚਾਈ ਜਾ ਰਹੀ : ਡਿਪਟੀ ਕਮਿਸ਼ਨਰ
ਡੇਰਾ ਬਾਬਾ ਨਾਨਕ , 2 ਸਤੰਬਰ : ਪੰਜਾਬ ਸਰਕਾਰ ਦੇ ਸੀਨੀਅਰ ਆਈ. ਏ. ਐੱਸ. ਅਧਿਕਾਰੀ ਵਰੁਣ ਰੂਜ਼ਮ ਅਤੇ ਬਸੰਤ ਗਰਗ ਵੱਲੋਂ ਅੱਜ ਡੇਰਾ ਬਾਬਾ ਨਾਨਕ ਵਿਖੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ, ਐੱਸ. ਡੀ. ਐੱਮ. ਡੇਰਾ ਬਾਬਾ ਨਾਨਕ ਡਾ. ਆਦਿੱਤਿਆ ਸ਼ਰਮਾ, ਐੱਸ. ਡੀ. ਐੱਮ. ਫ਼ਤਿਹਗੜ੍ਹ ਚੂੜੀਆਂ ਗੁਰਮੰਦਰ ਸਿੰਘ ਵੀ ਮੌਜੂਦ ਸਨ।
ਸੀਨੀਅਰ ਆਈ. ਏ. ਐੱਸ. ਅਧਿਕਾਰੀ ਵਰੁਣ ਰੂਜ਼ਮ ਅਤੇ ਬਸੰਤ ਗਰਗ ਵੱਲੋਂ ਸਭ ਤੋਂ ਪਹਿਲਾਂ ਬੀ. ਡੀ. ਪੀ. ਓ. ਦਫ਼ਤਰ ਡੇਰਾ ਬਾਬਾ ਨਾਨਕ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਜ਼ਿਲੇ ’ਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਜਾਣਕਾਰੀ ਹਾਸਲ ਕੀਤੀ ਅਤੇ ਨਾਲ ਹੀ ਜ਼ਿਲਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ।
ਵਰੁਣ ਰੂਜ਼ਮ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲਾ ਪ੍ਰਸ਼ਾਸਨ ਦੀਆਂ ਟੀਮਾਂ ਇਹ ਯਕੀਨੀ ਬਣਾਉਣ ਕਿ ਪੰਜਾਬ ਸਰਕਾਰ ਵੱਲੋਂ ਭੇਜੀ ਜਾ ਰਹੀ ਰਾਹਤ ਸਮੱਗਰੀ ਹਰ ਲੋੜਵੰਦ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਹੜ੍ਹ ਦਾ ਪਾਣੀ ਉਤਰਨ ਤੋਂ ਬਾਅਦ ਹੋਰ ਵੀ ਚੁਣੌਤੀਆਂ ਆਉਣਗੀਆਂ ਜਿਸ ਲਈ ਵੀ ਜ਼ਿਲਾ ਪ੍ਰਸ਼ਾਸਨ ਤਿਆਰ ਰਹੇ।
ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ’ਚ ਮੱਛਰਾਂ ਦੀ ਰੋਕਥਾਮ ਲਈ ਸਪਰੇਅ ਕੀਤੀ ਜਾਵੇ, ਪੀਣ ਵਾਲੇ ਪਾਣੀ ਦੇ ਸੈਂਪਲ ਲੈਣ ਦੇ ਨਾਲ ਸਾਫ਼ ਤੇ ਸ਼ੁੱਧ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ। ਪਸ਼ੂਆਂ ਦੇ ਇਲਾਜ ਅਤੇ ਉਨ੍ਹਾਂ ਦੇ ਚਾਰੇ ਦਾ ਵੀ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਜ਼ਿਲਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਕੀਤੇ ਗਏ ਬਚਾਅ ਕਾਰਜਾਂ ਦੀ ਸ਼ਲਾਘਾ ਵੀ ਕੀਤੀ।
ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਰਾਹਤ ਕਾਰਜਾਂ ’ਚ ਦਿਨ-ਰਾਤ ਲੱਗੀਆਂ ਹੋਈਆਂ ਹਨ ਅਤੇ ਪ੍ਰਸ਼ਾਸਨ ਵੱਲੋਂ ਹਰ ਲੋੜਵੰਦ ਤੱਕ ਰਾਹਤ ਸਮਗਰੀ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਰਾਹਤ ਕਾਰਜਾਂ ’ਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਤੋਂ ਬਾਅਦ ਸੀਨੀਅਰ ਆਈ. ਏ. ਐੱਸ. ਅਧਿਕਾਰੀ ਵਰੁਣ ਰੂਜ਼ਮ ਅਤੇ ਬਸੰਤ ਗਰਗ ਵੱਲੋਂ ਹੜ੍ਹ ਕਾਰਨ ਡੇਰਾ ਬਾਬਾ ਨਾਨਕ ਦੇ ਨਾਲ ਲੱਗਦੇ ਇਲਾਕੇ ਅਤੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ।
Read More : ਅਫਗਾਨਿਸਤਾਨ ਤੋਂ ਦਿੱਲੀ ਤੱਕ ਲੱਗੇ ਭੂਚਾਲ ਦੇ ਝਟਰੇ