Takht Patna Sahib

ਪੰਜ ਸਿੰਘ ਸਾਹਿਬਾਨ ਦੀ ਬੈਠਕ ’ਚ ਹੋਏ ਫੈਸਲੇ ਨੂੰ ਤਖਤ ਪਟਨਾ ਸਾਹਿਬ ਨੇ ਕੀਤਾ ਰੱਦ

ਕਿਹਾ : ਸੁਖਬੀਰ ਬਾਦਲ ਨੂੰ ਬਚਾਉਣ ਲਈ ਰਚੀ ਜਾ ਰਹੀ ਸਾਜਿਸ਼

ਅੰਮ੍ਰਿਤਸਰ, 6 ਜੁਲਾਈ :-ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ’ਤੇ ਬੀਤੇ ਦਿਨ ਹੋਈ ਬੈਠਕ ਦੌਰਾਨ ਲਏ ਫੈਸਲਿਆਂ ਦੇ ਉਲਟ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਾਲੀ ਇਕੱਤਰਤਾ ’ਚ ਲਏ ਫ਼ੈਸਲੇ ਨੂੰ ਰੱਦ ਕਰ ਦਿੱਤਾ ਹੈ।

ਤਖ਼ਤ ਸ੍ਰੀ ਪਟਨਾ ਸਾਹਿਬ ਨੇ ਕੱਲ ਦੀ ਉਪਰੋਕਤ ਇਕੱਤਰਤਾ ’ਚ ਲਏ ਗਏ ਫ਼ੈਸਲੇ ਨੂੰ ਗੈਰ-ਸੰਵਿਧਾਨਿਕ ਦੱਸਦੇ ਹੋਏ ਇਸ ਹੁਕਮ ਨੂੰ ਸੁਖਬੀਰ ਸਿੰਘ ਬਾਦਲ ਨੂੰ ਬਚਾਉਣ ਲਈ ਸ਼ਾਜ਼ਿਸ਼ ਕਰਾਰ ਦਿੱਤਾ ਹੈ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਿੰਘ ਸਾਹਿਬਾਨ ਦਾ ਕਹਿਣਾ ਹੈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਪਹਿਲਾਂ ਹੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਤਨਖਾਹੀਆ ਐਲਾਨੇ ਜਾ ਚੁੱਕੇ ਹਨ।

ਇਸ ਲਈ ਉਨ੍ਹਾਂ ਕੋਲ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਅਹੁਦੇਦਾਰ ਅਤੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਗੁਰਦਿਆਲ ਸਿੰਘ ਦੇ ਸੰਬੰਧ ਵਿਚ ਫ਼ੈਸਲੇ ਲੈਣ ਦਾ ਕੋਈ ਵੀ ਧਾਰਮਿਕ ਅਤੇ ਸੰਵਿਧਾਨਕ ਅਧਿਕਾਰ ਨਹੀਂ ਹੈ। ਇਸ ਲਈ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਗੰਭੀਰ ਵਿਚਾਰ ਕਰਨ ਉਪਰੰਤ ਸਰਬਸੰਮਤੀ ਨਾਲ ਫ਼ੈਸਲੇ ਨੂੰ ਰੱਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

ਇਸ ਦੇ ਨਾਲ ਹੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਮੂਹ ਅਹੁਦੇਦਾਰ ਅਤੇ ਮੈਂਬਰਾਂ ਨੂੰ ਸਖ਼ਤ ਹਦਾਇਤ ਦਿੱਤੀ ਗਈ ਹੈ ਕਿ ਕੋਈ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਵਾਸਤੇ ਨਾ ਜਾਵੇ ਅਤੇ ਨਾ ਹੀ ਪੇਸ਼ ਹੋਵੇ। ਜੇਕਰ ਕੋਈ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਪੇਸ਼ ਹੋਵੇਗਾ ਤਾਂ ਉਹ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵੱਲੋਂ ਪੱਕਾ ਤਨਖਾਹੀਆ ਮੰਨਿਆ ਜਾਵੇਗਾ ਅਤੇ ਪੰਥਕ ਰਵਾਇਤ ਅਨੁਸਾਰ ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਭਾਈ ਗੁਰਦਿਆਲ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਨ, ਮੁੱਖ ਸ਼ਾਜ਼ਿਸਕਰਤਾ ਵਜੋਂ ਵਿਵਾਦ ਪੈਦਾ ਕਰਨ ਲਈ ਤਨਖਾਹੀਆ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਪਾਲ ਸਿੰਘ (ਜੌਹਲ) ਅਤੇ ਡਾ. ਗੁਰਮੀਤ ਸਿੰਘ ਨੂੰ ਪੰਥਕ ਇਕਤਾ ਖ਼ਿਲਾਫ਼ ਕੰਮ ਕਰਨ ਅਤੇ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਕਰਨ ਲਈ ਤਨਖਾਹੀਆ ਐਲਾਨਿਆ ਗਿਆ ਸੀ।

Read More : ਨੰਨ੍ਹੇ ਕਰਮਨਵੀਰ ਦਾ ਨਾਂ ਵਰਲਡਵਾਈਡ ਬੁੱਕ ਆਫ਼ ਰਿਕਾਰਡ ’ਚ ਦਰਜ

Leave a Reply

Your email address will not be published. Required fields are marked *