ਲੋਕ ਨਿਰਮਾਣ ਮੰਤਰੀ ਵੱਲੋਂ ਵਿਭਾਗੀ ਕੰਮਾਂ ਦੀ ਸਮੀਖਿਆ; 30 ਜੂਨ 2026 ਤੱਕ 20,500 ਕਿਲੋਮੀਟਰ ਸੜਕਾਂ ਦਾ ਨੈੱਟਵਰਕ ਮੁਕੰਮਲ ਕਰਨ ਦੀਆਂ ਹਦਾਇਤਾਂ।
ਚੰਡੀਗੜ੍ਹ, 18 ਮਾਰਚ : ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿੱਚ ਬਣਵਾਈਆਂ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਇੱਕ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸੜਕੀ ਨਿਰਮਾਣ ਲਈ ਜੋ ਟੀਚੇ ਮਿੱਥੇ ਗਏ ਹਨ, ਉਨ੍ਹਾਂ ਨੂੰ ਹਰ ਹਾਲਤ ਵਿੱਚ ਹਾਸਲ ਕੀਤਾ ਜਾਵੇ।
ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਸੜਕਾਂ ਦੇ ਨਿਰਮਾਣ ਸਬੰਧੀ ਟੈਂਡਰ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਹੁਣ ਕੰਮ ਪੂਰੇ ਜ਼ੋਰਾਂ ‘ਤੇ ਸ਼ੁਰੂ ਹੋ ਗਿਆ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਵਿਭਾਗ ਵੱਲੋਂ ਇਸ ਵੇਲੇ ਰੋਜ਼ਾਨਾ 60 ਕਿਲੋਮੀਟਰ ਤੋਂ ਜ਼ਿਆਦਾ ਸੜਕਾਂ ਦਾ ਨਵੀਨੀਕਰਨ ਅਤੇ ਮਜ਼ਬੂਤੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਹੌਟ ਮਿਕਸ ਪਲਾਂਟਾਂ ਨੇ ਆਪਣੀ ਪੂਰੀ ਸਮਰੱਥਾ ਅਨੁਸਾਰ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਸਦਕਾ ਆਉਣ ਵਾਲੇ ਦਿਨਾਂ ਵਿੱਚ ਰੋਜ਼ਾਨਾ 100 ਕਿਲੋਮੀਟਰ ਤੋਂ ਵੱਧ ਸੜਕ ਉਸਾਰੀ ਦਾ ਕੰਮ ਕੀਤਾ ਜਾਵੇਗਾ।
ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 30 ਜੂਨ, 2026 ਤੱਕ ਰਾਜ ਦੀਆਂ ਲਗਭਗ 20,500 ਕਿਲੋਮੀਟਰ ਸੜਕਾਂ ਦੇ ਨਿਰਮਾਣ ਦਾ ਵੱਡਾ ਟੀਚਾ ਮਿੱਥਿਆ ਹੈ। ਖਾੜੀ ਦੇਸ਼ਾਂ ਵਿੱਚ ਚੱਲ ਰਹੀ ਜੰਗ ਕਾਰਨ ਬਿਟੂਮਨ (ਲੁੱਕ) ਦੀ ਪੈਦਾ ਹੋਈ ਕੁਝ ਘਾਟ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ ਪੂਰੀ ਤਿਆਰੀ ਕਰ ਲਈ ਹੈ। ਉਨ੍ਹਾਂ ਨੇ ਬਿਟੂਮਨ ਸਪਲਾਇਰ ਕੰਪਨੀਆਂ ਨਾਲ ਉੱਚ ਪੱਧਰੀ ਤਾਲਮੇਲ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ।
ਅੰਤ ਵਿਚ ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿੱਤੀ ਟੀਚਿਆਂ ਅਤੇ ਕੰਮ ਦੀ ਗੁਣਵੱਤਾ ਨੂੰ ਹਰ ਹਾਲਤ ਵਿੱਚ ਬਰਕਰਾਰ ਰੱਖਣ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਇੱਕ ਮਜ਼ਬੂਤ ਅਤੇ ਵਧੀਆ ਸੜਕੀ ਨੈੱਟਵਰਕ ਮਿਲ ਸਕੇ।
Read More : ਜੇ ਭਗਤ ਸਿੰਘ ਦੇਸ਼ ਦੇ ਪਹਿਲੇ PM ਹੁੰਦੇ ਤਾਂ ਭਾਰਤ ਦਾ ਨਕਸ਼ਾ ਕੁਝ ਹੋਰ ਹੁੰਦਾ : ਭਗਵੰਤ ਮਾਨ
