ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਾ ਮਾਮਲਾ
ਅੰਮ੍ਰਿਤਸਰ, 16 ਜੁਲਾਈ : ਦੁਨੀਆ ਭਰ ਦੇ ਕਰੋੜਾਂ ਲੋਕਾਂ ਦੀ ਆਸਥਾ ਦਾ ਕੇਂਦਰ ਰਹੇ ਪਵਿੱਤਰ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਨੂੰ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਦੇਸ਼ ਵਿਰੋਧੀ ਤੱਤਾਂ ਵੱਲੋਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ।
ਇਸ ਗੰਭੀਰ ਮੁੱਦੇ ’ਤੇ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਭਾਜਪਾ ਆਗੂ ਸ਼ਵੇਤ ਮਲਿਕ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਪੂਰੀ ਤਰ੍ਹਾਂ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਅਤੇ ਸ਼ਾਂਤੀ ਦੇ ਮੁੱਦੇ ’ਤੇ ਕੇਂਦ੍ਰਿਤ ਸੀ। ਮਲਿਕ ਨੇ ਧਾਮੀ ਨੂੰ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਹਰ ਭਾਜਪਾ ਵਰਕਰ ਗੁਰੂ ਘਰ ਦੀ ਸੇਵਾ ਅਤੇ ਰੱਖਿਆ ਲਈ ਹਮੇਸ਼ਾ ਤਿਆਰ ਹੈ। ਜੋ ਵੀ ਤਾਕਤਾਂ ਦੇਸ਼ ਅਤੇ ਧਰਮ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨਗੀਆਂ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਸ਼ਵੇਤ ਮਲਿਕ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਨਾ ਸਿਰਫ਼ ਸਿੱਖ ਭਾਈਚਾਰੇ ਦਾ ਸਗੋਂ ਪੂਰੇ ਭਾਰਤ ਦਾ ਅਧਿਆਤਮਿਕ ਅਤੇ ਸੱਭਿਆਚਾਰਕ ਮਾਣ ਹੈ। ਇਸ ਦੀ ਸੁਰੱਖਿਆ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਪ੍ਰਸ਼ਾਸਨ ਤੋਂ ਇਹ ਵੀ ਮੰਗ ਕੀਤੀ ਕਿ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਸ਼ਰਧਾਲੂ ਪੂਰੀ ਸ਼ਰਧਾ ਅਤੇ ਯਕੀਨ ਨਾਲ ਦਰਸ਼ਨ ਕਰ ਸਕਣ। ਇਹ ਮੁਲਾਕਾਤ ਇਕ ਸਪੱਸ਼ਟ ਸੰਦੇਸ਼ ਹੈ ਕਿ ਭਾਜਪਾ ਗੁਰੂ ਘਰ ਦੀ ਸੁਰੱਖਿਆ ਅਤੇ ਸੇਵਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਇਸ ਕਾਰਨ ਕੇਂਦਰੀ ਲੀਡਰਸ਼ਿਪ ਦੇ ਹੁਕਮਾਂ ’ਤੇ ਭਾਜਪਾ ਵਫ਼ਦ ਨੇ ਇਸ ਸਾਰੀ ਘਟਨਾ ਦੀ ਜਾਣਕਾਰੀ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਹੈ ਅਤੇ ਇਕ ਵਿਸਥਾਰਤ ਰਿਪੋਰਟ ਤਿਆਰ ਕਰ ਕੇ ਕੇਂਦਰੀ ਲੀਡਰਸ਼ਿਪ ਨੂੰ ਭੇਜੀ ਜਾਵੇਗੀ।
ਇਸ ਸਬੰਧੀ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮਾਮਲੇ ਦੀ ਸੰਵੇਦਨਾ ਨੂੰ ਸਮਝਦਿਆਂ ਸਾਬਕਾ ਐੱਮ. ਪੀ. ਤੇ ਭਾਜਪਾ ਆਗੂ ਸ਼ਵੇਤ ਮਲਿਕ ਨੂੰ ਸ਼੍ਰੋਮਣੀ ਕਮੇਟੀ ਨਾਲ ਸੰਪਰਕ ਕਰਨ ਲਈ ਭੇਜਿਆ ਹੈ, ਜਿਸ ਦਾ ਉਹ ਧੰਨਵਾਦ ਕਰਦੇ ਹਨ।
ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸਿੱਖ ਕੌਮ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਇਸ ਗੰਭੀਰ ਮਾਮਲੇ ’ਤੇ ਪੰਜਾਬ ਦੇ ਮੁੱਖ ਮੰਤਰੀ ਤੇ ਸਰਕਾਰ ਦੇ ਕਿਸੇ ਵੀ ਮੰਤਰੀ ਨੇ ਅਜੇ ਤੱਕ ਕਿਸੇ ਤਰ੍ਹਾਂ ਦਾ ਸੰਪਰਕ ਨਹੀਂ ਕੀਤਾ।
ਇਸ ਮੌਕੇ ਭਾਜਪਾ ਦੇ ਜ਼ਿਲਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ, ਗੁਰਪ੍ਰਤਾਪ ਸਿੰਘ ਟਿੱਕਾ, ਕੇਂਦਰੀ ਵਿਧਾਨ ਸਭਾ ਇੰਚਾਰਜ ਡਾ. ਰਾਮ ਚਾਵਲਾ, ਉੱਤਰੀ ਵਿਧਾਨ ਸਭਾ ਇੰਚਾਰਜ਼ ਸੁਖਮਿੰਦਰ ਸਿੰਘ ਪਿੰਟੂ ਆਦਿ ਮੌਜੂਦ ਸਨ।
Read More : 12 ਅਪਰਾਧਿਕ ਮਾਮਲਿਆਂ ਵਿਚ ਸ਼ਾਮਲ ਪਿਓ-ਪੁੱਤ ਦੀ ਜੋੜੀ ਵਿਰੁੱਧ ਕਰਵਾਈ