Chairman of Punjab Mandi Board

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਮੰਡੀ ਡਕਾਲਾ ਵਿਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ

ਕਿਹਾ- ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਸਮੱਸਿਆ, ਕੰਟਰੋਲ ਰੂਮ ਸਥਾਪਿਤ

ਪਟਿਆਲਾ, 13 ਅਕਤੂਬਰ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਅੱਜ ਡਕਾਲਾ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਸ. ਬਰਸਟ ਨੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾਇਆ। ਚੇਅਰਮੈਨ ਵੱਲੋਂ ਮੰਡੀ ਦਾ ਦੌਰਾ ਵੀ ਕੀਤਾ ਗਿਆ ਅਤੇ ਖਰੀਦ ਪ੍ਰਬੰਧਾਂ ਸਬੰਧੀ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਵੀ ਕੀਤੀ ਗਈ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਅਤੇ ਇਲਾਕਾ ਨਿਵਾਸੀਆਂ ਵੱਲੋਂ ਸ. ਹਰਚੰਦ ਸਿੰਘ ਬਰਸਟ ਦਾ ਸਵਾਗਤ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਫਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ। ਮੰਡੀਆਂ ’ਚ ਝੋਨੇ ਦੀ ਖ਼ਰੀਦ ਮੌਕੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ’ਚ ਝੋਨੇ ਦੇ ਖਰੀਦ ਕਾਰਜ ਸੁਚਾਰੂ ਢੰਗ ਨਾਲ ਚੱਲ ਰਹੇ ਹਨ। ਮੰਡੀਆਂ ’ਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ, ਇਸ ਦੇ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਸ. ਬਰਸਟ ਨੇ ਦੱਸਿਆ ਕਿ ਪੰਜਾਬ ਦੀਆਂ ਸਮੂਹ ਮੰਡੀਆਂ ’ਚ ਸਾਫ਼-ਸਫਾਈ, ਬਿਜਲੀ, ਪੀਣ ਯੋਗ ਪਾਣੀ, ਬਾਥਰੂਮਾਂ, ਛਾਂ ਅਤੇ ਬੈਠਣ ਆਦਿ ਦੇ ਪੁੱਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਮੰਡੀਆਂ ’ਚ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦੇ ਨਿਪਟਾਰਾ ਲਈ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲ ਨੂੰ ਸੁਕਾ ਕੇ ਹੀ ਮੰਡੀਆਂ ’ਚ ਲਿਆਉਣ ਤਾਂ ਕਿ ਉਨ੍ਹਾਂ ਨੂੰ ਫਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਹੋਵੇ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਦੇ ਮੁੱਖ ਦਫ਼ਤਰ ਪੱਧਰ ਦੇ ਅਧਿਕਾਰੀਆਂ ਵੱਲੋਂ ਮੰਡੀਆਂ ’ਚ ਜਾ ਕੇ ਚੈਕਿੰਗ ਕੀਤੀ ਜਾ ਰਹੀ ਹੈ।

ਇਸ ਮੌਕੇ ਡੀ. ਐੱਮ. ਓ. ਅਸਲਮ ਮੁਹੰਮਦ, ਹਰਿੰਦਰ ਸਿੰਘ ਧਬਲਾਨ, ਹਨੀ ਮਾਹਲਾ ਚੇਅਰਮੈਨ ਮਾਰਕੀਟ ਕਮੇਟੀ ਡਕਾਲਾ ਸਮੇਤ ਸਮੂਹ ਇਲਾਕਾ ਨਿਵਾਸੀ ਮੌਜੂਦ ਰਹੇ।

Read More : ਦਿੜ੍ਹਬਾ ਨੂੰ ਮਿਲੀ ਫਾਇਰ ਬ੍ਰਿਗੇਡ ਦੀ ਸਹੂਲਤ

Leave a Reply

Your email address will not be published. Required fields are marked *