ਨਸ਼ਿਆਂ ਵਿਰੁੱਧ ਜੰਗ ਦੇ ‘ਜਰਨੈਲ’ ਬਣ ਕੇ ਪਿੰਡਾਂ ਤੇ ਸ਼ਹਿਰਾਂ ਦੀ ਰਾਖੀ ਕਰਨਗੇ ਡਿਫੈਂਸ ਕਮੇਟੀਆਂ ਦੇ ਮੈਂਬਰ : ਭਗਵੰਤ ਸਿੰਘ ਮਾਨ
-ਨਾਭਾ ਜੇਲ ’ਚ ਬੰਦ ਸਿਆਸੀ ਆਗੂ ਖਿਲਾਫ ਅਹਿਮ ਸਬੂਤ ਮਿਲੇ, ਅਦਾਲਤ ’ਚ ਕਰਾਂਗੇ ਪੇਸ਼
ਲੁਧਿਆਣਾ, 4 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ’ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ ਦੌਰ ’ਚ ਪਹੁੰਚ ਚੁੱਕੀ ਹੈ ਅਤੇ ਪਿੰਡਾਂ ਤੇ ਸ਼ਹਿਰਾਂ ਲਈ ਡਿਫੈਂਸ ਕਮੇਟੀਆਂ ਪੰਜਾਬ ’ਚੋਂ ਨਸ਼ਾ ਸਮੱਗਲਿੰਗ ਦਾ ਖੁਰਾ-ਖੋਜ ਮਿਟਾ ਦੇਣਗੀਆਂ।
ਅੱਜ ਇਥੇ ਪਿੰਡਾਂ ਅਤੇ ਸ਼ਹਿਰਾਂ ਲਈ ਡਿਫੈਂਸ ਕਮੇਟੀਆਂ ਦੇ ਗਠਨ ਦੀ ਸ਼ੁਰੂਆਤ ਮੌਕੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੰਘੀ 4 ਫਰਵਰੀ ਤੋਂ ਸੂਬੇ ’ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ, ਜਿਸ ਤਹਿਤ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ’ਚ ਵੱਡੀ ਸਫਲਤਾ ਹਾਸਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨਾਲ ਨਸ਼ਿਆਂ ਦੀ ਸਪਲਾਈ ਲਾਈਨ ਲਗਭਗ ਟੁੱਟ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਗੱਲ ਲਈ ਸਾਰੇ ਪੰਜਾਬੀਆਂ ਦਾ ਧੰਨਵਾਦ ਕਰਦੇ ਹਨ ਕਿ ਸਰਕਾਰ ਦੇ ਇਸ ਨੇਕ ਕਾਰਜ ’ਚ ਸਮੂਹ ਪੰਜਾਬੀ ਵਧ-ਚੜ੍ਹ ਕੇ ਸਹਿਯੋਗ ਦੇ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪਿੰਡਾਂ ਅਤੇ ਸ਼ਹਿਰਾਂ ਨੂੰ ਭਵਿੱਖ ’ਚ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਰੱਖਣ ਲਈ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਤੁਸੀਂ ਨਸ਼ਿਆਂ ਵਿਰੁੱਧ ਜੰਗ ਦੇ ਜਰਨੈਲ ਬਣ ਕੇ ਪਿੰਡਾਂ ਤੇ ਸ਼ਹਿਰਾਂ ਦੀ ਰਾਖੀ ਕਰੋਗੇ। ਅਸੀਂ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦਾ ਸੁਪਨਾ ਦੇਖਿਆ ਹੈ ਅਤੇ ਤੁਹਾਡੇ ਸਾਰਿਆਂ ਦੇ ਸਹਿਯੋਗ ਨਾਲ ਇਸ ਸੁਪਨੇ ਨੂੰ ਸਾਕਾਰ ਕਰਨ ’ਚ ਦੁਨੀਆ ਦੀ ਕੋਈ ਤਾਕਤ ਨਹੀਂ ਰੋਕ ਸਕਦੀ। ਅਸੀਂ ਪੰਜਾਬ ਦੀ ਅਣਖ, ਗੌਰਵ ਅਤੇ ਸਵੈ-ਮਾਣ ਨੂੰ ਬਹਾਲ ਕਰਨ ਦਾ ਸੰਕਲਪ ਲੈਂਦੇ ਹਾਂ।
ਮੁੱਖ ਮੰਤਰੀ ਨੇ ਦੱਸਿਆ ਕਿ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦਾ ਗਠਨ 4 ਮੈਂਬਰੀਂ ਕਮੇਟੀ ਕਰੇਗੀ, ਜਿਨ੍ਹਾਂ ’ਚ ਪਿੰਡ ਦਾ ਸਰਪੰਚ ਜਾਂ ਵਾਰਡ ਦਾ ਕੌਂਸਲਰ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮੈਂਬਰ, ਬੀ. ਡੀ. ਪੀ. ਓ. ਜਾਂ ਬੀ. ਡੀ. ਪੀ. ਓ. ਦਾ ਨੁਮਾਇੰਦਾ ਅਤੇ ਐੱਸ. ਐੱਚ. ਓ. ਜਾਂ ਐੱਸ. ਐੱਚ. ਓ. ਦਾ ਨੁਮਾਇੰਦਾ ਸ਼ਾਮਲ ਹੋਵੇਗਾ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕਮੇਟੀਆਂ ’ਚ ਆਬਾਦੀ ਦੇ ਹਿਸਾਬ ਨਾਲ 10 ਤੋਂ 20 ਮੈਂਬਰ ਹੋਣਗੇ। ਇਨ੍ਹਾਂ ਕਮੇਟੀਆਂ ’ਚ ਨਸ਼ਿਆਂ ਦੀ ਅਲਾਮਤ ਦੇ ਖਿਲਾਫ ਕੰਮ ਕਰ ਰਹੇ ਸਾਫ-ਸੁਥਰੇ ਅਕਸ ਵਾਲੇ ਲੋਕਾਂ ਨੂੰ ਸ਼ਾਮਲ ਕੀਤਾ ਜਾਵੇਗਾ, ਜਿਨ੍ਹਾਂ ’ਚ ਸੇਵਾ-ਮੁਕਤ ਫੌਜੀਆਂ, ਅਧਿਆਪਕਾਂ ਅਤੇ ਨੰਬਰਦਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਕਮੇਟੀ ਸਬੰਧਤ ਇਲਾਕੇ ਦੇ ਐੱਸ. ਡੀ. ਐੱਮ. ਵਲੋਂ ਨੋਟੀਫਾਈ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਕਮੇਟੀਆਂ ਦੇ ਮੈਂਬਰਾਂ ਨੂੰ ਸਰਕਾਰ ਵਲੋਂ ਵਿਸ਼ੇਸ਼ ਸ਼ਨਾਖਤੀ ਕਾਰਡ ਵੀ ਜਾਰੀ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ 100 ਫੀਸਦੀ ਨਸ਼ਾ ਮੁਕਤ ਹੋਣ ਦਾ ਟੀਚਾ ਹਾਸਲ ਕਰਨ ਵਾਲੇ ਪਿੰਡ ਜਾਂ ਵਾਰਡ ਨੂੰ ਸਰਕਾਰੀ ਪੱਧਰ ’ਤੇ ਮਾਨਤਾ ਦਿੱਤੀ ਜਾਵੇਗੀ ਅਤੇ ਇਸ ਪਿੰਡ ਜਾਂ ਵਾਰਡ ਦੇ ਕਮੇਟੀ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਪ੍ਰਸ਼ੰਸਾ-ਪੱਤਰ ਵੀ ਜਾਰੀ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਇਹ ਕਮੇਟੀਆਂ ਨੁੱਕੜ ਨਾਟਕਾਂ ਰਾਹੀਂ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਨਸ਼ਿਆਂ ਦੀ ਅਲਾਮਤ ਵਿਰੁੱਧ ਜਾਗਰੂਕ ਕਰਨਗੀਆਂ। ਇਸੇ ਤਰ੍ਹਾਂ ਸਕੂਲਾਂ ’ਚ ਵੀ ਬੱਚਿਆਂ ਨੂੰ ਜਾਗਰੂਕ ਕੀਤਾ ਜਾਵੇਗਾ।
ਨਾਭਾ ਜੇਲ ’ਚ ਬੰਦ ਸਾਬਕਾ ਅਕਾਲੀ ਮੰਤਰੀ ਦੇ ਹੱਕ ’ਚ ਆਏ ਰਵਾਇਤੀ ਪਾਰਟੀਆਂ ਦੇ ਆਗੂਆਂ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਜਿਹੜਾ ਆਗੂ ਨਸ਼ਾ ਸਮੱਗਲਿੰਗ ਦੇ ਦੋਸ਼ਾਂ ਦਾ ਸਾਹਮਣਾ ਕਰ ਹੋਵੇ, ਉਸ ਦੇ ਹੱਕ ’ਚ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ, ਭਾਜਪਾ ਆਗੂ ਕੈਪ. ਅਮਰਿੰਦਰ ਸਿੰਘ ਅਤੇ ਰਵਨੀਤ ਸਿੰਘ ਬਿੱਟੂ ਖੁੱਲ੍ਹ ਕੇ ਬਿਆਨਬਾਜ਼ੀ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਤੋਂ ਰਵਾਇਤੀ ਪਾਰਟੀਆਂ ਦੀ ਆਪਸੀ ਮਿਲੀਭੁਗਤ ਸਾਹਮਣੇ ਆਈ ਹੈ, ਜੋ ਸੱਤਾ ’ਚ ਹੁੰਦੀਆਂ ਇਕ-ਦੂਜੇ ਦੇ ਕਾਲੇ ਕਾਰਨਾਮਿਆਂ ’ਤੇ ਪਰਦਾ ਪਾਉਂਦੀਆਂ ਰਹੀਆਂ ਹਨ। ਉਨ੍ਹਾਂ ਨੇ ਰਵਾਇਤੀ ਸਿਆਸੀ ਪਾਰਟੀਆਂ ਨੂੰ ਮੁੜ ਚੁਣੌਤੀ ਦਿੱਤੀ ਕਿ ਪੰਜਾਬ ਵਾਸੀਆਂ ਨੂੰ ਸਪੱਸ਼ਟ ਕੀਤਾ ਜਾਵੇ ਕਿ ਉਹ ਨਸ਼ਾ ਸਮੱਗਲਰਾਂ ਦੇ ਹੱਕ ’ਚ ਹਨ ਜਾਂ ਵਿਰੋਧ ’ਚ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਲ ’ਚ ਬੰਦ ਸਾਬਕਾ ਅਕਾਲੀ ਮੰਤਰੀ ਵਿਰੁੱਧ ਅਹਿਮ ਸਬੂਤ ਮਿਲੇ ਹਨ, ਜੋ ਅਦਾਲਤ ’ਚ ਪੇਸ਼ ਕੀਤੇ ਜਾਣਗੇ।
ਪੰਜਾਬ ਵਾਸੀਆਂ ਲਈ ਇਕ ਹੋਰ ਵੱਡਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਾਨਸੂਨ ਸੀਜ਼ਨ ਖਤਮ ਹੋਣ ਤੋਂ ਬਾਅਦ ਸੂਬੇ ’ਚ 20,000 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਵਿਆਪਕ ਪੱਧਰ ’ਤੇ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਲਿੰਕ ਸੜਕਾਂ ਸੂਬੇ ਦੇ ਅਰਥਚਾਰੇ ਦੀ ਜੀਵਨ ਰੇਖਾ ਹਨ।
ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਮਕਾਨ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ, ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਅਤੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
Read More : ਤੇਲ ਵਾਲੇ ਟੈਂਕਰ ’ਚੋਂ 41 ਪੇਟੀਆਂ ਸ਼ਰਾਬ ਬਰਾਮਦ