Sri Harmandir Sahib

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ

ਸਰਬੱਤ ਦੇ ਭਲੇ ਦੀ ਕੀਤੀ ਅਰਦਾਸ, ਧਮਕੀ ਭਰੀਆਂ ਈਮੇਲਾਂ ਆਉਣ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 22 ਜੁਲਾਈ :- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭਾਰੀ ਪੁਲਸ ਬਲ ਸੁਰੱਖਿਆ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਵਿਖੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਕੁਝ ਸਮਾਂ ਸੱਚਖੰਡ ਵਿਖੇ ਦਰਸ਼ਨ ਕਰਨ ਦੌਰਾਨ ਇਲਾਹੀ ਬਾਣੀ ਦਾ ਕੀਰਤਨ ਸੁਣਿਆ। ਉਪਰੰਤ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਬਾਹਰ ਵੀ ਮੱਥਾ ਟੇਕਿਆ।

ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਸਬੰਧੀ ਇੰਤਜ਼ਾਮਾਂ ਦਾ ਜਾਇਜ਼ਾ ਲੈਣ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈਮੇਲ ਭੇਜਣ ਦਾ ਨਾ-ਮੁਆਫੀਯੋਗ ਅਪਰਾਧ ਕਰਨ ਵਾਲੇ ਗੁਨਾਹਗਾਰਾਂ ਲਈ ਮਿਸਾਲੀ ਸਜ਼ਾ ਨੂੰ ਯਕੀਨੀ ਬਣਾਉਣ ਦਾ ਸੰਕਲਪ ਲਿਆ।

ਮੁੱਖ ਮੰਤਰੀ ਨੇ ਕਿਹਾ,“ਦੁਨੀਆ ਭਰ ਦੇ ਲੋਕ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਦੇ ਹਨ ਅਤੇ ਆਪਣੇ ਪਰਿਵਾਰਾਂ ਅਤੇ ਸਾਕ-ਸਬੰਧੀਆਂ ਦੀ ਤਰੱਕੀ ਅਤੇ ਸਲਾਮਤੀ ਲਈ ਅਰਦਾਸ ਕਰਦੇ ਹਨ। ਅਸੀਂ ਕਿਸੇ ਨੂੰ ਇਸ ਪਾਵਨ ਅਸਥਾਨ ਨੂੰ ਧਮਕੀਆਂ ਦੇਣ ਦੀ ਇਜਾਜ਼ਤ ਕਿਵੇਂ ਦੇ ਸਕਦੇ ਹਾਂ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਇਸ ਬਾਰੇ ਮਹੱਤਵਪੂਰਨ ਸੁਰਾਗ ਮਿਲ ਗਏ ਹਨ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਮਾਮਲਾ ਜਲਦ ਹੀ ਹੱਲ ਹੋ ਜਾਵੇਗਾ ਕਿਉਂਕਿ ਪੁਲਸ ਪਹਿਲਾਂ ਹੀ ਦੋਸ਼ੀਆਂ ਦੀ ਸ਼ਨਾਖਤ ਕਰ ਚੁੱਕੀ ਹੈ। ਭਗਵੰਤ ਮਾਨ ਨੇ ਕਿਹਾ ਕਿ ਵਿਗਿਆਨਕ ਢੰਗ ਨਾਲ ਤਸਦੀਕ ਜਾਰੀ ਹੈ ਅਤੇ ਇਸ ਦੇ ਪੂਰਾ ਹੋਣ ’ਤੇ ਵੇਰਵੇ ਸਾਂਝੇ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਇਸ ਪਵਿੱਤਰ ਅਸਥਾਨ ਦੀ ਸੁਰੱਖਿਆ ਪ੍ਰਤੀ ਹਰ ਵੇਲੇ ਚੌਕਸ ਰਹਿੰਦੀ ਹੈ, ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਨੂੰ ਵੀ ਇਸ ਮਾਮਲੇ ’ਚ ਅਹਿਮ ਜਾਣਕਾਰੀ ਸਾਂਝੀ ਕਰਨ ਲਈ ਆਖਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਰੀ ਸਥਿਤੀ ’ਤੇ ਬਾਜ਼ ਅੱਖ ਰੱਖੀ ਜਾ ਰਹੀ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੇ ਇਹ ਸਾਫ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਇੱਥੇ ਪੈਰਾਮਿਲਟਰੀ ਫੋਰਸ ਦੀ ਤਾਇਨਾਤੀ ਨਾ ਕੀਤੀ ਜਾਵੇ ਕਿਉਂਕਿ ਇਹ ਮਰਿਆਦਾ ਖਿਲਾਫ ਹੋਵੇਗਾ ਪਰ ਧਮਕੀ ਭਰੀਆਂ ਈਮੇਲਾਂ ਆਉਣ ਦਾ ਸਿਲਸਿਲਾ ਅਜੇ ਵੀ ਜਾਰੀ ਹੈ।

ਦੱਸ ਦੇਈਏ ਕਿ ਇਹ ਬੀਤੇ ਦਿਨ ਤੱਕ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ 10ਵੀਂ ਈਮੇਲ ਆ ਚੁੱਕੀ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਵੀ ਕਿਹਾ ਕਿ ਅੱਜ ਦੀ ਮੁਲਾਕਾਤ ’ਚ ਸਿਰਫ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਸਬੰਧੀ ਹੀ ਚਰਚਾ ਹੋਈ ਹੈ, ਸ਼ਤਾਬਦੀ ਸਮਾਗਮ ਜਾਂ ਹੋਰ ਵਿਸ਼ਿਆਂ ’ਤੇ ਕੋਈ ਗੱਲਬਾਤ ਨਹੀਂ ਹੋਈ। ਪ੍ਰਧਾਨ ਧਾਮੀ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਜੇਕਰ ਕਿਸੇ ਵੀ ਤਰੀਕੇ ਦੇ ਸਬੂਤ ਮਿਲਦੇ ਹਨ, ਤਾਂ ਉਹ ਐੱਸ. ਜੀ. ਪੀ. ਸੀ. ਨਾਲ ਸਾਂਝੇ ਕੀਤੇ ਜਾਣਗੇ।

Read More : 6 ਸਾਲ ਦੇ ਬੱਚੇ ਦੀ ਟੋਏ ’ਚ ਡੁੱਬਣ ਕਾਰਨ ਮੌਤ

Leave a Reply

Your email address will not be published. Required fields are marked *