Chief Minister

ਮੁੱਖ ਮੰਤਰੀ ਵੱਲੋਂ ਕਿਸ਼ਤੀ ਰਾਹੀਂ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਕੇਂਦਰ ਸਰਕਾਰ ਤੋਂ ਕੁਦਰਤੀ ਆਫਤਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਵਧਾਉਣ ਦੀ ਕੀਤੀ ਮੰਗ

‎ਫਿਰੋਜ਼ਪੁਰ, 2 ਸਤੰਬਰ : ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਲੋਕਾਂ ਨੂੰ ਨਿਗੂਣਾ ਮੁਆਵਜ਼ਾ ਦੇਣ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਮੁਆਵਜ਼ੇ ਲਈ ਮਾਪਦੰਡਾਂ ’ਚ ਸੋਧ ਕੀਤੀ ਜਾਵੇ।

‎‎ਜ਼ਮੀਨੀ ਹਾਲਾਤ ਦਾ ਜਾਇਜ਼ਾ ਲੈਣ ਲਈ ਕਿਸ਼ਤੀ ’ਚ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾਈ ਆਫਤ ਰਾਹਤ ਫੰਡ (ਐੱਸ. ਡੀ. ਆਰ. ਐੱਫ.) ’ਚ ਕਾਫੀ ਫੰਡ ਮੌਜੂਦ ਹਨ ਪਰ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ ਅਧੀਨ ਮੌਜੂਦਾ ਮਾਪਦੰਡ ਕਿਸਾਨਾਂ, ਪਸ਼ੂ ਪਾਲਕਾਂ ਤੇ ਹੋਰ ਵਰਗਾਂ ਨੂੰ ਹੋਏ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦੇਣ ਲਈ ਨਾਕਾਫੀ ਹਨ। ਨੋਟੀਫਾਇਡ ਸ਼ਰਤਾਂ ਕਿਸਾਨਾਂ ਦੇ ਅਸਲ ਨੁਕਸਾਨ ਦੇ ਮੁਕਾਬਲੇ ਪ੍ਰਸੰਗਿਕ ਨਹੀਂ ਹਨ। ਫਸਲਾਂ ਪਾਲਣ ਲਈ ਕਿਸਾਨਾਂ ਦੀ ਵਧੀ ਲਾਗਤ ਦੇ ਮੁਕਾਬਲੇ ਕਿਸਾਨਾਂ ਨੂੰ ਇਸ ਕੁਦਰਤੀ ਆਫਤ ਕਾਰਨ ਹੋਏ ਨੁਕਸਾਨ ਲਈ ਪ੍ਰਤੀ ਏਕੜ ਮੁਆਵਜ਼ਾ ਬਹੁਤ ਘੱਟ ਹੈ।

‎‎ਪਿੰਡ ਗਟੀ ਰਾਜੋ ਕੀ ’ਚ ਅਧਿਕਾਰੀਆਂ ਨਾਲ ਕਿਸ਼ਤੀ ਰਾਹੀਂ ਹਾਲਾਤ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਕਾਰਨ ਪੱਕਣ ਕੰਢੇ ਪੁੱਜੀਆਂ ਫਸਲਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ ਅਤੇ ਕਿਸਾਨਾਂ ਨੂੰ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਮਿਲਣਾ ਚਾਹੀਦਾ ਹੈ।

ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ ਅਤੇ ਹੜ੍ਹਾਂ ਕਾਰਨ ਮਰਨ ਵਾਲਿਆਂ ਦੇ ਪਰਿਵਾਰਾਂ ਲਈ ਐਕਸਗ੍ਰੇਸ਼ੀਆ ਮੌਜੂਦਾ ਚਾਰ ਲੱਖ ਤੋਂ ਵਧਾ ਕੇ ਅੱਠ ਲੱਖ ਰੁਪਏ ਤੱਕ ਕਰਨ ਲਈ ਦਖਲ ਦੇਣ ਦੀ ਮੰਗ ਕੀਤੀ ਹੈ। ਹੜ੍ਹਾਂ ਕਾਰਨ ਫੱਟੜ ਹੋ ਕੇ ਆਪਣੇ ਅੰਗ ਗਵਾਉਣ ਵਾਲਿਆਂ ਨੂੰ 40 ਤੋਂ 60 ਫੀਸਦੀ ਅਪੰਗਤਾ ਲਈ 74 ਹਜ਼ਾਰ ਰੁਪਏ ਮਿਲਦੇ ਹਨ, ਜੋ ਵਧਾ ਕੇ 1.50 ਲੱਖ ਰੁਪਏ ਕੀਤੇ ਜਾਣ ਅਤੇ 60 ਫੀਸਦੀ ਤੋਂ ਵੱਧ ਅਪੰਗਤਾ ਲਈ 2.50 ਲੱਖ ਰੁਪਏ ਤੋਂ ਵਧਾ ਕੇ ਪੰਜ ਲੱਖ ਰੁਪਏ ਪ੍ਰਤੀ ਵਿਅਕਤੀ ਦਿੱਤੇ ਜਾਣ।

‎‎ਮੁੱਖ ਮੰਤਰੀ ਨੇ ਕਿਹਾ ਕਿ ਉਹ ਸਮੇਂ-ਸਮੇਂ ’ਤੇ ਕੇਂਦਰ ਸਰਕਾਰ ਤੋਂ ਕਿਸਾਨਾਂ ਲਈ ਨੁਕਸਾਨ ਦਾ ਮੁਆਵਜ਼ਾ ਵਧਾਉਣ ਦੀ ਮੰਗ ਕਰਦੇ ਰਹੇ ਹਨ। ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੇ ਕੱਲ੍ਹ ਉਨ੍ਹਾਂ ਨੂੰ ਫੋਨ ਕੀਤਾ ਸੀ ਅਤੇ ਉਨ੍ਹਾਂ ਸਾਰੀ ਸਥਿਤੀ ਬਾਰੇ ਜਾਣੂੰ ਕਰਵਾ ਦਿੱਤਾ ਸੀ। ਸੂਬਾ ਸਰਕਾਰ ਹੜ੍ਹ ਪੀੜਤਾਂ ਦੀਆਂ ਮੁਸ਼ਕਿਲਾਂ ਘਟਾਉਣ ਲਈ ਜੁਟੀ ਹੋਈ ਹੈ ਅਤੇ ਬਚਾਅ ਤੇ ਰਾਹਤ ਕਾਰਜਾਂ ਰਾਹੀਂ ਪੀੜਤਾਂ ਦੀ ਬਾਂਹ ਫੜੀ ਜਾ ਰਹੀ ਹੈ।

‎‎ਕੇਂਦਰ ਸਰਕਾਰ ਵੱਲੋਂ ਲਾਈਆਂ ਸ਼ਰਤਾਂ ਕਾਰਨ ਪੀੜਤਾਂ ਦੀ ਮਦਦ ’ਚ ਅੜਿੱਕੇ ਆ ਰਹੇ ਹਨ, ਜੋ ਪੂਰੀ ਤਰ੍ਹਾਂ ਮੰਦਭਾਗਾ ਹੈ। ਇਸ ਲਈ ਪ੍ਰਧਾਨ ਮੰਤਰੀ ਨੂੰ ਪਹਿਲਾਂ ਹੀ ਚਿੱਠੀ ਲਿਖੀ ਹੈ ਅਤੇ ਅਪੀਲ ਕੀਤੀ ਹੈ ਕਿ ਭਾਰਤ ਸਰਕਾਰ ਕੋਲ ਰੁਕਿਆ ਪੰਜਾਬ ਦਾ 60 ਹਜ਼ਾਰ ਕਰੋੜ ਰੁਪਏ ਦਾ ਫੰਡ ਜਾਰੀ ਕਰਵਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲੀਆ ਫੰਡਾਂ ਕਾਰਨ ਪੰਜਾਬ ਦੇ 1300 ਤੋਂ ਵੱਧ ਪਿੰਡ ਅਤੇ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ।

‎‎ਮੁੱਖ ਮੰਤਰੀ ਨੇ ਕਿਹਾ ਕਿ ਭਾਰੀ ਮੀਂਹ ਅਤੇ ਡੈਮਾਂ ਤੋਂ ਪਾਣੀ ਛੱਡਣ ਕਾਰਨ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਮੌਜੂਦਾ ਸਮੇਂ ’ਚ ਤਿੰਨ ਲੱਖ ਏਕੜ ਖੇਤ ਡੁੱਬੇ ਹੋਏ ਹਨ। ਇਸ ਕੁਦਰਤੀ ਆਫਤ ਕਾਰਨ ਹੋਏ ਵੱਡੇ ਨੁਕਸਾਨ ’ਤੇ ਚਿੰਤਾ ਪ੍ਰਗਟ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲੀਆ ਇਤਿਹਾਸ ’ਚ ਇਹ ਜਾਇਦਾਦ ਤੇ ਫਸਲਾਂ ਦਾ ਸਭ ਤੋਂ ਵੱਡਾ ਨੁਕਸਾਨ ਹੈ।

‎‎ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਦ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਇਸ ਮੁਸ਼ਕਿਲ ਸਮੇਂ ’ਚ ਲੋਕਾਂ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸ ਮੌਕੇ ਫਿਰੋਜ਼ਪੁਰ ਸ਼ਹਿਰੀ ਅਤੇ ਫਿਰੋਜਪੁਰ ਦਿਹਾਤੀ ਦੇ ਵਿਧਾਇਕ ਕਮਿਸ਼ਨਰ ਫਿਰੋਜ਼ਪੁਰ ਮੰਡਲ ਅਰੁਣ ਸ਼ੇਖੜੀ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐੱਸ. ਐੱਸ. ਪੀ. ਭੁਪਿੰਦਰ ਸਿੰਘ ਮੌਜੂਦ ਸਨ।

Read More : ਮੀਂਹ ਕਾਰਨ ਡਿੱਗੀ ਪੁੱਲ ਦੀ ਕੰਧ, ਕਈ ਕਾਰਾਂ ਨੁਕਸਾਨੀਆਂ

Leave a Reply

Your email address will not be published. Required fields are marked *