65 ਲੱਖ ਪਰਿਵਾਰਾਂ ਨੂੰ 10 ਲੱਖ ਦਾ ਮੁਫ਼ਤ ਇਲਾਜ, ਨਸ਼ਾ ਵਿਰੋਧੀ ‘ਲੋਕ ਲਹਿਰ’ ਅਤੇ ਨੌਕਰੀਆਂ ਨਾਲ ਨਵੇਂ ਯੁੱਗ ਦਾ ਆਗਾਜ਼
ਬਠਿੰਡਾ, 23 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਵਿਖੇ ਵਿਰਾਸਤੀ ਮੇਲੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਹਰ ਖੇਤਰ ਵਿੱਚ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵੱਡੇ ਯਤਨ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਸੱਭਿਆਚਾਰਕ ਮੇਲੇ ਲੱਗਣੋਂ ਹਟ ਗਏ ਸਨ, ਪਰ ਹੁਣ ਪੰਜਾਬ ਮੁੜ ‘ਰੰਗਲੇ ਪੰਜਾਬ’ ਦੇ ਦੌਰ ਵਿੱਚ ਪ੍ਰਵੇਸ਼ ਕਰ ਰਿਹਾ ਹੈ। ਉਨ੍ਹਾਂ ਵਿਰਾਸਤੀ ਮੇਲਿਆਂ ਨੂੰ ਪੰਜਾਬ ਦੀ ਰੂਹ ਦੱਸਦਿਆਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜਨ ਦਾ ਵੱਡਾ ਉਪਰਾਲਾ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕ-ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਐਲਾਨ ਕੀਤਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮਿਲੇਗਾ, ਜਿਸ ਵਿੱਚੋਂ ਆਮਦਨ ਦੀਆਂ ਸ਼ਰਤਾਂ ਹਟਾ ਕੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ 881 ਆਮ ਆਦਮੀ ਕਲੀਨਿਕਾਂ ਅਤੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲਣ ਨਾਲ ਪੰਜਾਬ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੀ ਹੈ। ਇਸ ਦੇ ਨਾਲ ਹੀ ਖੇਤੀ ਲਈ ਟਿਊਬਵੈਲਾਂ ਨੂੰ ਅੱਠ ਘੰਟੇ ਨਿਰਵਿਘਨ ਦਿਨ ਵੇਲੇ ਬਿਜਲੀ ਅਤੇ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਇਆ ਗਿਆ ਹੈ।
ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਕੇ ਇਸ ਕਾਲੇ ਕਾਰੋਬਾਰ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਉਪਰਾਲਿਆਂ ਅਤੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦੇਣ ਨਾਲ ਸੂਬੇ ਵਿੱਚ ਨਵੇਂ ਯੁੱਗ ਦਾ ਆਰੰਭ ਹੋਇਆ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਇਹ ਲੜਾਈ ਹੁਣ ਇੱਕ ‘ਲੋਕ ਲਹਿਰ’ ਬਣ ਚੁੱਕੀ ਹੈ ਅਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਮਹਾਨ ਨਾਇਕਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
Read More : ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਦੀ ਵਸੂਲੀ ਨਾਲ ਮਾਨ ਸਰਕਾਰ ਵਿਚ ਕਾਰੋਬਾਰੀਆਂ ਦਾ ਭਰੋਸਾ ਵਧਿਆ : ਵਿੱਤ ਮੰਤਰੀ
