ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਕੀਤੀ ਅਰਦਾਸ
ਚੰਡੀਗੜ੍ਹ, ਦਿੱਲੀ, 25 ਅਕਤੂਬਰ :ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮਨਾਉਣ ਲਈ ਸਮਾਗਮਾਂ ਦੀ ਲੜੀ ਦੀ ਸ਼ਨੀਵਾਰ ਨੂੰ ਸ਼ੁਰੂਆਤ ਕੀਤੀ, ਜਿਸ ਤੋਂ ਬਾਅਦ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਵਿਖੇ ਅਰਦਾਸ ਕੀਤੀ।
ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ’ਚ ਸਮਾਗਮਾਂ ਦੀ ਸ਼ੁਰੂਆਤ ਲਈ ਹੋਈ ਅਰਦਾਸ ’ਚ ਕੈਬਨਿਟ ਮੰਤਰੀ ਅਮਨ ਅਰੋੜਾ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਓ., ਤਰੁਨਪ੍ਰੀਤ ਸਿੰਘ ਸੌਂਦ, ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ ਤੇ ਡਾ. ਬਲਬੀਰ ਸਿੰਘ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਸਲਾਹਕਾਰ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਦੀਪਕ ਬਾਲੀ ਤੇ ਹੋਰ ਸ਼ਾਮਲ ਹੋਏ।
ਮੰਤਰੀ, ਹੋਰ ਅਧਿਕਾਰੀ ਤੇ ਸੰਗਤ ਲਾਲ ਕਿਲ੍ਹੇ ਤੋਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ। ਉਨ੍ਹਾਂ ਨੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਪਵਿੱਤਰ ਸ਼ਹੀਦੀ ਸਥਾਨਾਂ ’ਤੇ ਵੀ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਗੁਰੂ ਪ੍ਰਤੀ ਸ਼ਰਧਾ ’ਚ ਬੇਮਿਸਾਲ ਕੁਰਬਾਨੀਆਂ ਕੀਤੀਆਂ।
ਕੈਬਨਿਟ ਮੰਤਰੀਆਂ ਨੇ ਲੋਕਾਂ ਨੂੰ ਗੁਰੂ ਜੀ ਦੇ ਪਿਆਰ, ਧਰਮ ਨਿਰਪੱਖਤਾ, ਧਾਰਮਿਕ ਸਹਿਣਸ਼ੀਲਤਾ, ਧਾਰਮਿਕ ਆਜ਼ਾਦੀ ਅਤੇ ਸ਼ਾਂਤੀਪੂਰਨ ਸਹਿ-ਹੋਂਦ ਦੇ ਵਿਸ਼ਵਵਿਆਪੀ ਸੰਦੇਸ਼ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਨੂੰ ਮਨੁੱਖਤਾ ਅਤੇ ਧਾਰਮਿਕ ਆਜ਼ਾਦੀ ਲਈ ਗੁਰੂ ਸਾਹਿਬ ਦੇ ਸਰਵਉੱਚ ਬਲੀਦਾਨ ਦੇ ਸੰਦੇਸ਼ ਦਾ ਪਸਾਰ ਕਰਨ ਦਾ ਮੌਕਾ ਦੱਸਦਿਆਂ ਉਨ੍ਹਾਂ ਕਿਹਾ ਕਿ ਨੌਵੇਂ ਗੁਰੂ ਸਾਹਿਬ ਦਾ ਜੀਵਨ ਅਤੇ ਫ਼ਲਸਫ਼ਾ ਦੁਨੀਆ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਵੱਡੇ ਸਮਾਗਮ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ।
ਮੰਤਰੀਆਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਮਨੁੱਖਤਾ ਦੇ ਧਾਰਮਿਕ ਅਧਿਕਾਰਾਂ ਦੀ ਰੱਖਿਆ ਲਈ ਸਰਵਉੱਚ ਕੁਰਬਾਨੀ ਦਿੱਤੀ ਤਾਂ ਜੋ ਦੁਨੀਆ ਲਈ ਮਿਸਾਲ ਕਾਇਮ ਕੀਤੀ ਜਾ ਸਕੇ। ਮੰਤਰੀਆਂ ਨੇ ਲੋਕਾਂ ਨੂੰ ਗੁਰੂ ਸਾਹਿਬ ਦੁਆਰਾ ਪ੍ਰਚਾਰੇ ਗਏ ਧਰਮ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਤੋਂ ਸ਼ੁਰੂ ਹੋਣ ਵਾਲੇ ਸਮਾਗਮਾਂ ਦੀ ਲੜੀ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗੀ।
ਉਨ੍ਹਾਂ ਕਿਹਾ ਕਿ 1 ਤੋਂ 18 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲਿਆਂ ਵਿਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ, ਜੋ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਹਾਨ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਹਨ। 18 ਨਵੰਬਰ ਨੂੰ ਸ਼੍ਰੀਨਗਰ (ਜੰਮੂ ਅਤੇ ਕਸ਼ਮੀਰ) ਵਿਖੇ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਅਤੇ ਅਗਲੇ ਦਿਨ 19 ਨਵੰਬਰ ਨੂੰ ਸ਼੍ਰੀਨਗਰ ਤੋਂ ਨਗਰ ਕੀਰਤਨ ਸ਼ੁਰੂ ਹੋਵੇਗਾ, ਜਿਸ ਵਿਚ ਕਸ਼ਮੀਰੀ ਪੰਡਿਤ ਵੀ ਸੰਗਤ ਵਿੱਚ ਸ਼ਾਮਲ ਹੋਣਗੇ। ਇਹ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗਾ।
ਮੰਤਰੀਆਂ ਨੇ ਕਿਹਾ ਕਿ ਇਸ ਦੇ ਨਾਲ ਹੀ 20 ਨਵੰਬਰ ਨੂੰ ਤਿੰਨ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਫ਼ਰੀਦਕੋਟ ਅਤੇ ਗੁਰਦਾਸਪੁਰ ਤੋਂ ਸ਼ੁਰੂ ਹੋਣਗੇ ਅਤੇ ਸਾਰੇ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕੱਠੇ ਸਮਾਪਤ ਹੋਣਗੇ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਮੌਕੇ ਪੰਜਾਬ ਸਰਕਾਰ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਸਮਾਗਮ ਕਰਵਾਏਗੀ।
Read More : ਸੀਬੀਆਈ ਨੇ ਫਿਰ ਸਾਬਕਾ ਡੀਆਈਜੀ ਭੁੱਲਰ ਦੇ ਘਰ ਕੀਤੀ ਰੇਡ
