CM Mann

ਮਾਰਚ ਵਿਚ ਪੇਸ਼ ਹੋਵੇਗਾ ਪੰਜਾਬ ਦਾ ਪੰਜਵਾਂ ਲੋਕ-ਪੱਖੀ ਬਜਟ, ਹਰ ਵਰਗ ਦੀ ਭਲਾਈ ‘ਤੇ ਹੋਵੇਗਾ ਕੇਂਦਰਿਤ : ਭਗਵੰਤ ਮਾਨ

ਅਹਿਮਦਾਬਾਦ, 22 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਹਿਮਦਾਬਾਦ ਵਿਖੇ ਗੱਲਬਾਤ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਮਾਰਚ ਮਹੀਨੇ ਵਿੱਚ ਆਪਣਾ ਪੰਜਵਾਂ ਬਜਟ ਪੇਸ਼ ਕਰੇਗੀ। ਉਨ੍ਹਾਂ ਕਿਹਾ ਕਿ ਇਹ ਬਜਟ ਪਹਿਲਾਂ ਵਾਂਗ ਸਮਾਜ ਦੇ ਹਰ ਵਰਗ ਦੀ ਭਲਾਈ ‘ਤੇ ਕੇਂਦਰਿਤ ਹੋਵੇਗਾ ਅਤੇ ਆਮ ਆਦਮੀ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਦੀ ਰਵਾਇਤ ਨੂੰ ਜਾਰੀ ਰੱਖੇਗਾ।

ਮੁੱਖ ਮੰਤਰੀ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰੀ ਬਜਟ ਹਮੇਸ਼ਾ ਦਿਸ਼ਾਹੀਣ ਅਤੇ ਸਿਰਫ਼ ਅਮੀਰ ਵਰਗ ਦੇ ਪੱਖ ਵਿੱਚ ਹੁੰਦਾ ਹੈ। ਉਨ੍ਹਾਂ ਗੁਜਰਾਤ ਦੀ ਸਿਆਸੀ ਸਥਿਤੀ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਉੱਥੇ ਕਾਂਗਰਸ ਅਤੇ ਭਾਜਪਾ ਵਿਚਕਾਰ ‘ਦੋਸਤਾਨਾ ਮੈਚ’ ਚੱਲ ਰਿਹਾ ਹੈ, ਜਿਸ ਕਾਰਨ ਆਮ ਲੋਕਾਂ ਦੀ ਆਵਾਜ਼ ਦਬਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਗੁਜਰਾਤ ਦੇ ਲੋਕ ‘ਆਮ ਆਦਮੀ ਪਾਰਟੀ’ ਨੂੰ ਇੱਕ ਵੱਡੀ ਉਮੀਦ ਵਜੋਂ ਦੇਖ ਰਹੇ ਹਨ।

ਸੂਬਿਆਂ ਦੇ ਵਿੱਤੀ ਅਧਿਕਾਰਾਂ ਦਾ ਮੁੱਦਾ ਚੁੱਕਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪੇਂਡੂ ਵਿਕਾਸ ਫੰਡ (RDF) ਨੂੰ ਗੈਰ-ਜਮਹੂਰੀ ਤਰੀਕੇ ਨਾਲ ਰੋਕਿਆ ਗਿਆ ਹੈ, ਜੋ ਕਿ ਸੰਘੀ ਢਾਂਚੇ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਕਰਦਾਤਾਵਾਂ ਦੇ ਇੱਕ-ਇੱਕ ਪੈਸੇ ਦੀ ਵਰਤੋਂ ਬਹੁਤ ਸਮਝਦਾਰੀ ਨਾਲ ਜਨਤਕ ਭਲਾਈ ਲਈ ਕਰ ਰਹੀ ਹੈ।

ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਉਂਦਿਆਂ ਦੱਸਿਆ ਕਿ ਪੰਜਾਬ ਨੇ ਇੱਕ ਨਿੱਜੀ ਥਰਮਲ ਪਲਾਂਟ ਖ਼ਰੀਦ ਕੇ ਇਤਿਹਾਸ ਰਚਿਆ ਹੈ। ਸਿਹਤ ਖੇਤਰ ਵਿੱਚ ਸੁਧਾਰ ਲਿਆਉਣ ਲਈ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਸਿੱਖਿਆ ਦੇ ਖੇਤਰ ਵਿੱਚ ‘ਪੰਜਾਬ ਸਿੱਖਿਆ ਕ੍ਰਾਂਤੀ’ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ 118 ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨ੍ਹਾਂ ਮਾਣ ਨਾਲ ਦੱਸਿਆ ਕਿ ਕੌਮੀ ਅਚੀਵਮੈਂਟ ਸਰਵੇਖਣ ਵਿੱਚ ਪੰਜਾਬ, ਕੇਰਲਾ ਨੂੰ ਪਛਾੜ ਕੇ ਦੇਸ਼ ਵਿੱਚ ਪਹਿਲੇ ਸਥਾਨ ‘ਤੇ ਆ ਗਿਆ ਹੈ। ਬੁਨਿਆਦੀ ਢਾਂਚੇ ਬਾਰੇ ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 16,209 ਕਰੋੜ ਦੀ ਲਾਗਤ ਨਾਲ 44,920 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਗਿਆ ਹੈ।

ਸੁਰੱਖਿਆ ਬਲਾਂ ਦੇ ਸਨਮਾਨ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਅਤੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

ਇਸ ਤੋਂ ਇਲਾਵਾ, ਸੂਬੇ ਵਿੱਚ 19 ਟੋਲ ਪਲਾਜ਼ੇ ਬੰਦ ਕਰਕੇ ਆਮ ਲੋਕਾਂ ਦੀਆਂ ਜੇਬਾਂ ਵਿੱਚੋਂ ਰੋਜ਼ਾਨਾ 64 ਲੱਖ ਰੁਪਏ ਦੀ ਬੱਚਤ ਯਕੀਨੀ ਬਣਾਈ ਗਈ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਦਾ ਹਰ ਫੈਸਲਾ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਨਾਗਰਿਕਾਂ ਨੂੰ ਸਸ਼ਕਤ ਬਣਾਉਣ ਲਈ ਹੈ।

Read More : ‘ਮਨ ਕੀ ਬਾਤ’ ‘ਚ ਪੀ.ਐੱਮ. ਮੋਦੀ ਨੇ ਭਾਰਤੀ ਮੂਲ ਦੇ ਖਿਡਾਰੀਆਂ ਤੇ ਸਮਾਜਿਕ ਮੁੱਦਿਆਂ ‘ਤੇ ਕੀਤੀ ਚਰਚਾ

Leave a Reply

Your email address will not be published. Required fields are marked *