ਬਰਨਾਲਾ ਦੇ ਪਿੰਡ ਸ਼ਹਿਣਾ ਵਿੱਚ ਵਾਪਰਿਆ ਦੁਖਾਂਤ
ਬਰਨਾਲਾ, 13 ਮਾਰਚ : ਇਰਾਨ-ਇਜ਼ਰਾਈਲ ਜੰਗ ਕਾਰਨ ਪੈਦਾ ਹੋਏ ਗੈਸ ਸੰਕਟ ਨੇ ਅੱਜ ਪੰਜਾਬ ਵਿੱਚ ਇੱਕ ਬੇਹੱਦ ਦੁਖਦਾਈ ਮੋੜ ਲੈ ਲਿਆ ਹੈ। ਜ਼ਿਲ੍ਹਾ ਬਰਨਾਲਾ ਦੇ ਪਿੰਡ ਸ਼ਹਿਣਾ ਵਿੱਚ ਰਸੋਈ ਗੈਸ ਦੇ ਸਿਲੰਡਰ ਲਈ ਘੰਟਿਆਂਬੱਧੀ ਲੰਬੀ ਕਤਾਰ ਵਿੱਚ ਖੜ੍ਹੇ ਇੱਕ 66 ਸਾਲਾ ਬਜ਼ੁਰਗ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਪਿੰਡ ਸ਼ਹਿਣਾ ਦਾ ਰਹਿਣ ਵਾਲਾ ਭੂਸ਼ਣ ਕੁਮਾਰ ਮਿੱਤਲ (66) ਅੱਜ ਸਵੇਰੇ 8 ਵਜੇ ਤੋਂ ਹੀ ਆਪਣੇ ਪੁੱਤਰ ਦੇਵਰਾਜ ਮਿੱਤਲ ਨਾਲ ਗੈਸ ਏਜੰਸੀ ਦੇ ਬਾਹਰ ਲਾਈਨ ਵਿੱਚ ਲੱਗਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਦਾ ਨੰਬਰ 25ਵਾਂ ਸੀ। ਲਗਭਗ ਦੋ ਘੰਟੇ ਲਗਾਤਾਰ ਉਡੀਕ ਕਰਨ ਤੋਂ ਬਾਅਦ ਜਦੋਂ ਉਹ ਥਕਾਵਟ ਕਾਰਨ ਆਪਣੇ ਸਿਲੰਡਰ ‘ਤੇ ਹੀ ਬੈਠਾ ਸੀ, ਤਾਂ ਉਸ ਨੂੰ ਅਚਾਨਕ ਦਿਲ ਦਾ ਦੌਰਾ ਪਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਸ ਮੰਦਭਾਗੀ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਅਤੇ ਲੋਕਾਂ ਵਿੱਚ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਰਿਵਾਰ ਵੱਲੋਂ ਮ੍ਰਿਤਕ ਦੀ ਦੇਹ ਦਾ ਪੋਸਟਮਾਰਟਮ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਕਾਂਗਰਸ ਨੇ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ
ਭਦੌੜ ਹਲਕੇ ਦੇ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਧਾਲੀਵਾਲ ਨੇ ਇਸ ਮੌਤ ਲਈ ਸਿੱਧੇ ਤੌਰ ‘ਤੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਇੱਕ ਮਜ਼ਦੂਰ ਵਜੋਂ ਕੰਮ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਸੀ। ਧਾਲੀਵਾਲ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਪੀੜਤ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।
ਉਨ੍ਹਾਂ ਅਫ਼ਸੋਸ ਜਤਾਇਆ ਕਿ ਦੇਸ਼ ਵਿੱਚ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਜਿਵੇਂ ਕਿ ਗੈਸ ਸਿਲੰਡਰ ਲੈਣ ਲਈ ਵੀ ਘੰਟਿਆਂਬੱਧੀ ਕਤਾਰਾਂ ਵਿੱਚ ਖੜ੍ਹਨਾ ਪੈ ਰਿਹਾ ਹੈ, ਜਿਸ ਕਾਰਨ ਅਜਿਹੀਆਂ ਦੁਖਦਾਈ ਘਟਨਾਵਾਂ ਵਾਪਰ ਰਹੀਆਂ ਹਨ।
Read More : ਸੀ.ਜੀ.ਸੀ. ਲਾਂਡਰਾਂ ਵਿਖੇ ‘ਐਚ.ਆਰ. ਕਨਕਲੇਵ 2026’ ਦਾ ਸਫਲ ਆਯੋਜਨ
