350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ
-ਏ. ਆਈ. ਵਲੋਂ ਸਿੱਖ ਵਿਰੋਧੀ ਸਮੱਗਰੀ ਪ੍ਰਤੀ ਨੀਤੀ ਨੂੰ ਪ੍ਰਵਾਨਗੀ
ਅੰਮ੍ਰਿਤਸਰ, 13 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 3 ਨਵੰਬਰ ਨੂੰ ਸੱਦਿਆ ਗਿਆ ਹੈ।
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਜਨਰਲ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 12 ਵਜੇ ਹੋਵੇਗਾ, ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।
ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਫੈਸਲਿਆਂ ਬਾਰੇ ਐਡਵੋਕੇਟ ਧਾਮੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਮਾਗਮ 23 ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਈ ਰਵਾਇਤਾਂ ਅਨੁਸਾਰ ਕੀਤੇ ਜਾਣਗੇ ਅਤੇ ਮੁੱਖ ਸਮਾਗਮ 25 ਨਵੰਬਰ ਨੂੰ ਹੋਵੇਗਾ।
ਏ. ਆਈ. ਦੁਆਰਾ ਗੁਰਬਾਣੀ, ਸਿੱਖ ਇਤਿਹਾਸ, ਧਾਰਮਿਕ ਚਿੰਨ੍ਹਾਂ ਅਤੇ ਗੁਰ-ਅਸਥਾਨਾਂ ਦੀ ਹੋ ਰਹੀ ਬੇਅਦਬੀ ਬਾਰੇ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਅਜਿਹੇ ਕਿਸੇ ਵੀ ਮਾਮਲੇ ਵਿਚ ਵੀਡੀਓ ਆਦਿ ਬਣਾਉਣ ਵਾਲੇ ਅਤੇ ਇਸ ਨੂੰ ਅੱਗੇ ਸਾਂਝਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਅਜਿਹੇ ਲੋਕਾਂ ਵਿਰੁੱਧ ਕਰੜੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਮੁਆਫ਼ੀ ਹਰਗਿਜ਼ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਕਾਰਜ ਵਾਸਤੇ ਇੰਟਰਨੈੱਟ ਅਤੇ ਸਾਈਬਰ ਕਰਾਈਮ ਦੇ ਕਾਨੂੰਨੀ ਮਾਹਿਰਾਂ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ।
ਸਿੱਖ ਵਿਰੋਧੀ ਅਜਿਹੀਆਂ ਹਰਕਤਾਂ ਨੂੰ ਰੋਕਣ ਲਈ ਇਕ ਡਿਜ਼ੀਟਲ ਟਾਕਸ ਫੋਰਸ ਵੀ ਬਣਾਈ ਜਾਵੇਗੀ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਇੰਟਰਨੈੱਟ ਵਿਭਾਗ, ਆਈ. ਟੀ. ਵਿੰਗ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ, ਖ਼ਾਲਸਾ ਕਾਲਜ ਪਟਿਆਲਾ, ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ਤੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫ਼ਤਹਿਗੜ੍ਹ ਸਾਹਿਬ ਸੰਗਠਤ ਰੂਪ ਵਿਚ ਕੰਮ ਕਰਨਗੇ।
ਉਨ੍ਹਾਂ ਕਿਹਾ ਕਿ ਏਆਈ ਤਕਨੀਕ ਦੀਆਂ ਪ੍ਰਮੁੱਖ ਕੰਪਨੀਆਂ ਨਾਲ ਵੀ ਰਾਬਤਾ ਬਣਾਇਆ ਜਾਵੇਗਾ, ਤਾਂ ਜੋ ਸਿੱਖ ਧਰਮ ਨਾਲ ਸਬੰਧਤ ਮਾਮਲਿਆਂ ਸਬੰਧੀ ਇਤਰਾਜ਼ਯੋਗ ਸਮੱਗਰੀ ਨੂੰ ਰੋਕਿਆ ਜਾ ਸਕੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਵੱਲੋਂ ਨੌਵੇਂ ਪਾਤਸ਼ਾਹ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਤੋਂ ਅੰਮ੍ਰਿਤਸਰ ਤੱਕ ਸਾਈਕਲ ਯਾਤਰਾ ਕੱਢੀ ਜਾ ਰਹੀ ਹੈ। ਇਹ ਯਾਤਰਾ 15 ਨਵੰਬਰ ਨੂੰ ਦਿੱਲੀ ਤੋਂ ਆਰੰਭ ਹੋ ਕੇ 20 ਨਵੰਬਰ ਨੂੰ ਅੰਮ੍ਰਿਤਸਰ ਪੁੱਜੇਗੀ।
ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ 3 ਫੀਸਦੀ ਮਹਿੰਗਾਈ ਭੱਤਾ ਦੇਣ ਦਾ ਵੀ ਫੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਗੁਰੂ ਨਾਨਕ ਖ਼ਾਲਸਾ ਕਾਲਜ ਮਾਟੂੰਗਾ ਮੁੰਬਈ ਨੂੰ ਯੂਨੀਵਰਸਿਟੀ ਬਨਾਉਣ ਦੀ ਵੀ ਪ੍ਰਵਾਨਗੀ ਦਿੱਤੀ ਗਈ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਅਮਰੀਕ ਸਿੰਘ ਵਿਛੋਆ, ਸੁਰਜੀਤ ਸਿੰਘ ਤੁਗਲਵਾਲ, ਪਰਮਜੀਤ ਸਿੰਘ ਖ਼ਾਲਸਾ, ਸੁਰਜੀਤ ਸਿੰਘ ਗੜ੍ਹੀ, ਬਲਦੇਵ ਸਿੰਘ ਕਾਇਮਪੁਰ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ ਹਾਜ਼ਰ ਸਨ।
Read More : 2 ਬੱਚੀਆਂ ਨਾਲ ਜਬਰ-ਜ਼ਨਾਹ ਕਰਨ ਵਾਲਾ ਮਾਰਿਆ