ਜਨਾਲ ’ਚ 2.20 ਕਰੋੜ ਰੁਪਏ ਦੀ ਲਾਗਤ ਨਾਲ ਨਹਿਰੀ ਪਾਣੀ ਦੀ ਪਾਈਪ ਲਾਈਨ ਦਾ ਰੱਖਿਆ ਨੀਂਹ ਪੱਥਰ
ਦਿੜ੍ਹਬਾ, 01 ਜੂਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਖੇਤ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੇ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਜਨਾਲ ਵਿਖੇ ਕਰੀਬ 02 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਪਾਈ ਜਾਣ ਵਾਲੀ 17 ਕਿਲੋਮੀਟਰ ਲੰਬੀ ਨਹਿਰੀ ਪਾਣੀ ਦੀ ਪਾਈਪ ਲਾਈਨ ਦਾ ਨੀਂਹ ਪੱਥਰ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਰੱਖਿਆ।
ਇਸ ਮੌਕੇ ਕੈਬਨਿਟ ਮੰਤਰੀ ਚੀਮਾ ਨੇ ਕਿਹਾ ਕਿ ਇਸ ਪਾਈਪ ਲਾਈਨ ਦੇ ਮੁਕੰਮਲ ਹੋਣ ਨਾਲ ਕਰੀਬ 850 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਪੰਜਾਬ ਦੇ ਨਹਿਰੀ ਪਾਣੀ ਦੀ ਇਕ-ਇਕ ਬੁੰਦ ਕਿਸਾਨਾਂ ਦੇ ਖੇਤਾਂ ਤਕ ਪੁਜਦੀ ਕੀਤੀ ਜਾਵੇ। ਇਸ ਸਦਕਾ ਜਿੱਥੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ, ਉੱਥੇ ਕਿਸਾਨਾਂ ਦੇ ਪੈਸੇ ਦੀ ਬੱਚਤ ਹੋਵੇਗੀ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਚ ਅਥਾਹ ਵਾਧਾ ਹੋਵੇਗਾ।
ਖੇਤੀ ਮਾਹਿਰਾਂ ਦਾ ਮੰਨਣਾ ਹੈ ਕਿ ਧਰਤੀ ਹੇਠਲੇ ਪਾਣੀ ਦੇ ਮੁਕਾਬਲੇ ਨਹਿਰੀ ਪਾਣੀ ’ਚ ਜ਼ਮੀਨ ਲਈ ਲੋੜੀਂਦੇ ਖੁਰਾਕੀ ਤੱਤ ਜ਼ਿਆਦਾ ਹੁੰਦੇ ਹਨ।
ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਹਲਕੇ ਦੇ ਵੱਡੀ ਗਿਣਤੀ ਪਿੰਡਾਂ ’ਚ ਨਹਿਰੀ ਪਾਣੀ ਦੀਆਂ ਪਾਈਪ ਲਾਈਨਾਂ ਪਾਉਣ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ, ਜਿਸ ਨਾਲ ਹਲਕਾ ਦਿੜ੍ਹਬਾ ਦੇ ਵੱਡੇ ਖੇਤਰ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ ਅਤੇ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਘਟੇਗੀ।
ਧਰਤੀ ਹੇਠਲਾ ਪਾਣੀ ਬਚਾਉਣ ਦੇ ਮੱਦੇਨਜ਼ਰ ਹੀ ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ। ਹਲਕੇ ’ਚ ਸਿੱਧੀ ਬਿਜਾਈ ਵਾਲੇ ਖੇਤਰ ’ਚ ਪਿਛਲੇ ਸਾਲ ਵੀ ਵਾਧਾ ਹੋਇਆ ਸੀ ਤੇ ਇਸ ਸਾਲ ਹੋਰ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਕੋਲ ਪਾਣੀ ਹੀ ਨਾ ਬਚਿਆ ਤਾਂ ਸੂਬੇ ’ਚ ਖੇਤੀ ਕਰਨੀ ਸੰਭਵ ਹੀ ਨਹੀਂ ਹੋਣੀ। ਸਰਕਾਰ ਵੱਲੋਂ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਸਹਾਈ ਸਿੱਧ ਹੋਣਗੇ।
ਇਸ ਮੌਕੇ ਓ. ਐੱਸ. ਡੀ. ਤਪਿੰਦਰ ਸਿੰਘ ਸੋਹੀ, ਹਰਪ੍ਰੀਤ ਸਿੰਘ ਸਰਪੰਚ, ਮਨਦੀਪ ਸਿੰਘ, ਗੁਰਤੇਜ ਸਿੰਘ, ਰਾਜ ਸਿੰਘ, ਨਵਦੀਪ ਕੌਰ, ਹਰਬਿਆਸ ਸਿੰਘ, ਹਰਪ੍ਰੀਤ ਕੌਰ, ਹਰਪਿੰਦਰ ਕੌਰ, ਸਿਮਰਜੀਤ ਸਿੰਘ, ਹਰਬੰਸ ਕੌਰ (ਸਾਰੇ ਪੰਚਾਇਤ ਮੈਂਬਰ) ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।
Read More : ਭਾਰਤ-ਪਾਕਿ ਵਿਵਾਦ