ਡਾ. ਬਲਬੀਰ ਸਿੰਘ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦੇਣ ਦਾ ਸੱਦਾ
ਪਟਿਆਲਾ, 28 ਫਰਵਰੀ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਦੇ 23 ਅਤੇ 10 ਬਲਾਕ ਸੰਮਤੀਆਂ ਦੇ 184 ਮੈਂਬਰਾਂ ਨੂੰ ਉਨ੍ਹਾਂ ਦੇ ਅਹੁਦੇ ਦੀ ਸਹੁੰ ਚੁਕਾਈ। ਪੰਜਾਬੀ ਯੂਨੀਵਰਸਿਟੀ ਦੇ ਗੁਰੂ ਤੇਗ ਬਹਾਦਰ ਹਾਲ ਵਿਖੇ ਹੋਏ ਇਸ ਪ੍ਰਭਾਵਸ਼ਾਲੀ ਸਮਾਗਮ ਵਿੱਚ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਗੁਰਦੇਵ ਸਿੰਘ ਦੇਵ ਮਾਨ, ਗੁਰਲਾਲ ਘਨੌਰ, ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਅਤੇ ਏ.ਡੀ.ਸੀ. (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਨਵੇਂ ਚੁਣੇ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਚੋਣਾਂ ਤੋਂ ਬਾਅਦ ਹੁਣ ਸਾਰੇ ਮੈਂਬਰਾਂ ਦਾ ਮੁੱਖ ਨਿਸ਼ਾਨਾ ਪਿੰਡਾਂ ਦਾ ਸਰਬਪੱਖੀ ਵਿਕਾਸ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਦੀ 73ਵੀਂ ਸੋਧ ਤਹਿਤ ਮਿਲੀ ਤਾਕਤ ਸਦਕਾ ਵਿਕਾਸ ਕਾਰਜਾਂ ਲਈ 30 ਫੀਸਦੀ ਫੰਡ ਸਿੱਧੇ ਤੌਰ ‘ਤੇ ਇਨ੍ਹਾਂ ਸੰਸਥਾਵਾਂ ਕੋਲ ਆਉਂਦੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਮਾਨ ਸਰਕਾਰ ਪਿੰਡਾਂ ਦੇ ਵਿਕਾਸ ਦੀ ਹਰ ਤਜਵੀਜ਼ ਨੂੰ ਪੂਰਾ ਸਹਿਯੋਗ ਦੇਵੇਗੀ।
ਸਿਹਤ ਮੰਤਰੀ ਨੇ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੂਬੇ ਦੇ 2500 ਹੋਰ ਪਿੰਡਾਂ ਵਿੱਚ ਡਾਕਟਰ ਅਤੇ ਦਵਾਈਆਂ ਦੀ ਸਹੂਲਤ ਜਲਦ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਹਿਲਾਂ ਹੀ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਹੁਣ ਲੋੜਵੰਦਾਂ ਨੂੰ ਕਣਕ ਦੇ ਨਾਲ-ਨਾਲ ਚੀਨੀ, ਹਲਦੀ, ਤੇਲ ਅਤੇ ਦਾਲਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ, ਜਿਸ ਲਈ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਅਤੇ ਖੇਤੀਬਾੜੀ ਪੈਦਾਵਾਰ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਏ.ਡੀ.ਸੀ. ਦਮਨਜੀਤ ਸਿੰਘ ਮਾਨ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਅਗਵਾਈ ਹੇਠ, ਸਾਰੇ ਚੁਣੇ ਹੋਏ ਨੁਮਾਇੰਦਿਆਂ ਨੂੰ ਵਿਕਾਸ ਕਾਰਜਾਂ ਵਿੱਚ ਹਰ ਸੰਭਵ ਮਦਦ ਪ੍ਰਦਾਨ ਕਰੇਗਾ।
ਸਮਾਗਮ ਵਿੱਚ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਬਲਾਕ ਸੰਮਤੀ ਸਮਾਣਾ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਜ਼ਿਲ੍ਹਾ ਪ੍ਰੀਸ਼ਦ ਦੀ ਡਿਪਟੀ ਸੀ.ਈ.ਓ. ਅਮਨਦੀਪ ਕੌਰ, ਡੀ.ਡੀ.ਪੀ.ਓ. ਮਹਿੰਦਰਜੀਤ ਸਿੰਘ, ਸਮੂਹ ਬੀ.ਡੀ.ਪੀ.ਓਜ਼ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
Read More : ਭਾਜਪਾ ਨੇ 100 ਕਰੋੜ ਦੇ ਘਪਲੇ ਦਾ ਰੌਲਾ ਪਾਇਆ ਪਰ ਇੱਕ ਚਵੰਨੀ ਵੀ ਨਹੀਂ ਮਿਲੀ : ਹਰਜੋਤ ਬੈਂਸ
