Sukhbir Badal

ਹਾਈਕੋਰਟ ਨੇ ਸੁਖਬੀਰ ਬਾਦਲ ਦੀ ਮਾਣਹਾਨੀ ਮਾਮਲੇ ‘ਚ ਪਟੀਸ਼ਨ ਕੀਤੀ ਖਾਰਜ

2017 ’ਚ ਰਜਿੰਦਰਪਾਲ ਸਿੰਘ ਨੇ ਦਰਜ ਕਰਵਾਈ ਸੀ ਮਾਣਹਾਨੀ ਦੀ ਸ਼ਿਕਾਇਤ 

ਚੰਡੀਗੜ੍ਹ, 17 ਅਕਤੂਬਰ : ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੱਡਾ ਝਟਕਾ ਲੱਗਾ। ਅਦਾਲਤ ਨੇ ਉਨ੍ਹਾਂ ਵਿਰੁੱਧ ਦਾਇਰ ਮਾਣਹਾਨੀ ਦੇ ਮਾਮਲੇ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ।

ਜਾਣਕਾਰੀ ਅਨੁਸਾਰ ਇਹ ਮਾਮਲਾ 2017 ਦਾ ਹੈ, ਜਦੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦੌਰਾਨ, ਸੁਖਬੀਰ ਬਾਦਲ ਨੇ ਇਕ ਬਿਆਨ ਦਿੱਤਾ ਸੀ ਕਿ “ਕੇਜਰੀਵਾਲ ਪੰਜਾਬ ਵਿਚ ਕੱਟੜਪੰਥੀਆਂ ਨੂੰ ਮਿਲ ਰਿਹਾ ਹੈ ਅਤੇ ਉਨ੍ਹਾਂ ਨੇ ਅਖੰਡ ਕੀਰਤਨੀ ਜਥੇ ਨਾਲ ਨਾਸ਼ਤਾ ਕੀਤਾ, ਜੋ ਕਿ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਰਾਜਨੀਤਿਕ ਫ਼ਰੰਟ ਹੈ।”

ਉਨ੍ਹਾਂ ਇਹ ਵੀ ਕਿਹਾ ਸੀ ਕਿ “ਰੱਬ ਨਾ ਕਰੇ, ਜੇ ਪੰਜਾਬ ਵਿਚ ‘ਆਪ’ ਦੀ ਸਰਕਾਰ ਆਉਂਦੀ ਹੈ, ਤਾਂ ਸੂਬੇ ਵਿਚ ਅਰਾਜਕਤਾ ਫੈਲ ਜਾਵੇਗੀ। ਇਸ ਬਿਆਨ ਤੋਂ ਬਾਅਦ ਅਖੰਡ ਕੀਰਤਨੀ ਜਥੇ ਦੇ ਮੈਂਬਰ ਰਜਿੰਦਰ ਪਾਲ ਸਿੰਘ ਨੇ ਸੁਖਬੀਰ ਬਾਦਲ ਵਿਰੁੱਧ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ।

ਇਸ ਤੋਂ ਬਾਅਦ ਵਿਚ ਸੁਖਬੀਰ ਬਾਦਲ ਨੇ ਅਦਾਲਤ ਵਿਚ ਇਕ ਪਟੀਸ਼ਨ ਦਾਇਰ ਕੀਤੀ, ਜਿਸ ਵਿਚ ਦਲੀਲ ਦਿਤੀ ਗਈ ਕਿ ਉਨ੍ਹਾਂ ਨੇ ਅਪਣੇ ਬਿਆਨ ਵਿਚ ਸ਼ਿਕਾਇਤਕਰਤਾ ਦਾ ਨਾਮ ਵੀ ਨਹੀਂ ਲਿਆ ਸੀ। ਇਸ ਤੋਂ ਇਲਾਵਾ, ਉਹ ਉਸ ਸਮੇਂ ਰਾਜ ਦੇ ਗ੍ਰਹਿ ਮੰਤਰੀ ਸਨ ਅਤੇ ਇਸ ਲਈ ਕਾਨੂੰਨ ਵਿਵਸਥਾ ਦੇ ਮਾਮਲਿਆਂ ‘ਤੇ ਬਿਆਨ ਦੇਣਾ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਸੀ।

ਹਾਲਾਂਕਿ, ਅੱਜ ਹਾਈ ਕੋਰਟ ਨੇ ਸੁਖਬੀਰ ਬਾਦਲ ਦੀ ਇਸ ਦਲੀਲ ਨੂੰ ਰੱਦ ਕਰ ਦਿਤਾ ਹੈ ਅਤੇ ਮਾਣਹਾਨੀ ਦੀ ਕਾਰਵਾਈ ਜਾਰੀ ਰੱਖਣ ਦਾ ਰਸਤਾ ਸਾਫ਼ ਕਰ ਦਿਤਾ ਹੈ। ਅਦਾਲਤ ਦੇ ਇਸ ਫ਼ੈਸਲੇ ਤੋਂ ਬਾਅਦ ਹੁਣ ਇਹ ਮਾਮਲਾ ਹੇਠਲੀ ਅਦਾਲਤ ਵਿਚ ਚੱਲੇਗਾ।

Read More : ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਤੇ ਵਿਚੋਲਾ 5 ਲੱਖ ਰਿਸ਼ਵਤ ਲੈਂਦੇ ਕਾਬੂ

Leave a Reply

Your email address will not be published. Required fields are marked *