Chief Minister

ਪਟਿਆਲਾ ਦੇ ਮਹਾਰਾਜੇ ਨੇ ਆਪਣੇ ਵਿਕਾਸ ਵੱਲ ਧਿਆਨ ਦਿੱਤਾ : ਭਗਵੰਤ ਮਾਨ

ਤਹਿਸੀਲਾਂ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਵੱਲ ਵੱਧ ਰਿਹਾ ਪੰਜਾਬ : ਮੁੱਖ ਮੰਤਰੀ

ਪਟਿਆਲਾ, 9 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਦੇ ਸ਼ਾਹੀ ਪਰਿਵਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪਟਿਆਲਾ ਦੇ ਮਹਾਰਾਜਾ ਪੰਜਾਬ ਦਾ ਵਿਕਾਸ ਕਰਨਾ ਤਾਂ ਭੁੱਲ ਹੀ ਗਿਆ ਸੀ ਪਰ ਉਸਨੇ ਆਪਣੇ ਵਿਕਾਸ ਵੱਲ ਬਹੁਤ ਧਿਆਨ ਦਿੱਤਾ ਹੈ। ਮੁੱਖ ਮੰਤਰੀ ਅੱਜ ਇਥੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਵਾਈ ਵਿਚ ਹੋਈ ਵਿਸ਼ਾਲ ਰੈਲੀ ਤੋਂ ਬਾਅਦ ਗੱਲਬਾਤ ਕਰ ਰਹੇ ਸਨ।

ਭਗਵੰਤ ਮਾਨ ਨੇ ਆਖਿਆ ਕਿ ਪਟਿਆਲਾ ਦੇ ਆਲੇ-ਦੁਆਲੇ ਦਾ ਇਲਾਕਾ ਪੁਰਾਣੇ ਸੱਤਾਧਾਰੀਆਂ ਦੇ ਸੌੜੇ ਹਿੱਤਾਂ ਅਤੇ ਲਾਲਚ ਕਾਰਨ ਵਿਕਾਸ ਪੱਖੋਂ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਸੱਤਾ ’ਚ ਬੈਠੇ ਲੋਕਾਂ ਨੇ ਸ਼ਹਿਰ ਦੀ ਬਦਹਾਲੀ ਦੀ ਕੀਮਤ ਉੱਤੇ ਆਪਣੇ ਮਹਿਲ ਉਸਾਰੇ। ਇਹ ਹਾਸੋਹੀਣਾ ਹੈ ਕਿ ਸੱਤਾ ’ਚ ਬੈਠੇ ‘ਮਹਾਰਾਜਾ ਸ਼ਹਿਰ ਦੇ ਵਿਕਾਸ ਨਾਲੋਂ ਆਪਣੇ ਵਿਕਾਸ ਬਾਰੇ ਜ਼ਿਆਦਾ ਚਿੰਤਤ ਸਨ। ਭਗਵੰਤ ਮਾਨ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਪਟਿਆਲਾ ਤੋਂ ਆਏ ਪੰਜਾਬ ਦੇ ਸ਼ਾਸਕ ਸ਼ਹਿਰ ਦੇ ਵਿਕਾਸ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕਰਦੇ ਰਹੇ।

ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਭਰ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲ ਕੰਪਲੈਕਸ ਭ੍ਰਿਸ਼ਟਾਚਾਰ ਮੁਕਤ ਹੋਣ ਵੱਲ ਵਧ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਸੂਬਾ ਸਰਕਾਰ ਨੇ ਕਾਰਜਭਾਰ ਸੰਭਾਲਿਆ ਸੀ ਤਾਂ ਮਾਲ ਅਧਿਕਾਰੀ ਸੋਚਦੇ ਸਨ ਕਿ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਰਾਹੀਂ ਲੋਕਾਂ ਨੂੰ ਲੁੱਟਣ ਦਾ ਦੈਵੀ ਅਧਿਕਾਰ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦਾ ਵਾਅਦਾ ਕਰ ਕੇ ਸੱਤਾ ’ਚ ਆਈ ਹੈ, ਜਿਸ ਕਾਰਨ ਸੂਬਾ ਸਰਕਾਰ ਨੇ ਇਸ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਲ ਅਧਿਕਾਰੀ ਸਮੂਹਿਕ ਛੁੱਟੀਆਂ ਜਾਂ ਹੜਤਾਲਾਂ ਦੇ ਬਹਾਨੇ ਆਮ ਆਦਮੀ ਨੂੰ ਪ੍ਰੇਸ਼ਾਨ ਕਰਦੇ ਸਨ ਪਰ ਸੂਬਾ ਸਰਕਾਰ ਇਨ੍ਹਾਂ ਭ੍ਰਿਸ਼ਟ ਅਧਿਕਾਰੀਆਂ ਅੱਗੇ ਨਹੀਂ ਝੁਕੀ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ ਸਰਕਾਰ ਭ੍ਰਿਸ਼ਟਾਚਾਰ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਰੱਖਦੀ ਹੈ ਅਤੇ ਇਨ੍ਹਾਂ ਅਧਿਕਾਰੀਆਂ ਦੀ ਬਲੈਕਮੇਲਿੰਗ ਬਰਦਾਸ਼ਤ ਨਹੀਂ ਕੀਤੀ ਗਈ ਅਤੇ ਭ੍ਰਿਸ਼ਟ ਤੇ ਹੰਕਾਰੀ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਇਨ੍ਹਾਂ ਭ੍ਰਿਸ਼ਟ ਤਹਿਸੀਲਦਾਰਾਂ ਨੂੰ ਭ੍ਰਿਸ਼ਟਾਚਾਰ ਦੀ ਪੂਰੀ ਲੜੀ ਤੋੜਨ ਲਈ ਇਕ ਅਹੁਦੇ ਤੋਂ ਦੂਜੇ ਅਹੁਦੇ ‘ਤੇ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਭ੍ਰਿਸ਼ਟਾਚਾਰ ਦੀ ਕੈਂਸਰ ਦੀ ਘਾਤਕ ਬਿਮਾਰੀ ਨਾਲ ਤੁਲਨਾ ਕਰਦੇ ਹੋਏ ਕਿਹਾ ਕਿ ਕੀਮੋਥੈਰੇਪੀ (ਸਖ਼ਤ ਕਾਰਵਾਈ) ਹੀ ਇਸ ਦਾ ਇਕੋ-ਇਕ ਇਲਾਜ ਹੋ ਸਕਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਰ ਨੂੰ ਰੋਕਣ ਲਈ ਸੂਬਾ ਸਰਕਾਰ ਨੇ ਜ਼ਮੀਨੀ ਡੀਡਾਂ ਦੀ ਰਜਿਸਟਰੇਸ਼ਨ ਸੁਖਾਲੀ ਕਰ ਦਿੱਤੀ ਹੈ, ਜੋ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਲੋਕਾਂ ਨੂੰ ਹੁਣ ਭੁਗਤਾਨ ਲਈ ਬੈਂਕਾਂ ਵਿਚ ਜਾਣ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਆਨਲਾਈਨ ਏਕੀਕ੍ਰਿਤ ਭੁਗਤਾਨ ਪ੍ਰਣਾਲੀ ਸਾਰੀਆਂ ਲੋੜੀਂਦੀਆਂ ਫੀਸਾਂ ਜਿਵੇਂ ਕਿ ਅਸ਼ਟਾਮ ਡਿਊਟੀ ਅਤੇ ਰਜਿਸਟ੍ਰੇਸ਼ਨ ਫੀਸਾਂ ਇਕ ਸਿੰਗਲ ਡਿਜੀਟਲ ਲੈਣ-ਦੇਣ ਵਿਚ ਅਦਾ ਕਰਨ ਦੀ ਆਗਿਆ ਦਿੰਦੀ ਹੈ। ਇਹ ਪ੍ਰਣਾਲੀ ਡਿਮਾਂਡ ਡਰਾਫ਼ਟ ਜਾਂ ਨਕਦੀ ਪ੍ਰਬੰਧਨ ਦੀ ਜ਼ਰੂਰਤ ਨੂੰ ਖ਼ਤਮ ਕਰਦੀ ਹੋਈ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦਾ ਨਤੀਜਾ ਹੈ, ਜਿਸ ਕਾਰਨ ਉਨ੍ਹਾਂ ਨੇ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਠੋਸ ਯਤਨ ਕੀਤੇ ਹਨ। ਉਨ੍ਹਾਂ ਨੇ ਆਪਣਾ ਕਾਰਜਭਾਰ ਸੰਭਾਲਣ ਤੋਂ ਬਾਅਦ ਪਹਿਲੇ ਦਿਨ ਤੋਂ ਹੀ ਭ੍ਰਿਸ਼ਟਾਚਾਰ ਵਿਰੁੱਧ ‘ਜ਼ੀਰੋ ਟਾਲਰੈਂਸ’ ਨੀਤੀ ਅਪਣਾਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਤੋਂ ਖਾਰ ਖਾਂਦੀਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਆਮ ਘਰਾਂ ਤੋਂ ਉੱਠ ਕੇ ਕੋਈ ਵਿਅਕਤੀ ਸੂਬੇ ਦੀ ਸੱਤਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦਾ ਰਵਾਇਤੀ ਸਿਆਸੀ ਪਾਰਟੀਆਂ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਰੁਖ਼ ਕਾਰਨ ਉਨ੍ਹਾਂ ਤੋਂ ਵਿਸ਼ਵਾਸ ਉੱਠ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ’ਚ ਵਿਕਾਸ ਨਵੀਆਂ ਬੁਲੰਦੀਆ ਛੂਹ ਰਿਹਾ ਹੈ ਕਿਉਂਕਿ ਸੂਬੇ ਦੇ ਲੋਕਾਂ ਨੇ ਇਕ ਇਮਾਨਦਾਰ ਸਰਕਾਰ ਚੁਣੀ ਹੈ, ਜੋ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ 54000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ।

ਇਸ ਤੋਂ ਪਹਿਲਾਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ। ਇਸ ਸਮਾਗਮ ਦੌਰਾਨ ਮਾਲ ਤੇ ਪੁਨਰਵਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ, ਸਿਮਰਜੀਤ ਕੌਰ ਪਠਾਣਮਾਜਰਾ, ਚੇਤਨ ਸਿੰਘ ਜੌੜਾਮਾਜਰਾ, ਗੁਰਦੇਵ ਸਿੰਘ ਦੇਵ ਮਾਨ, ਗੁਰਲਾਲ ਘਨੌਰ ਅਤੇ ਕੁਲਵੰਤ ਸਿੰਘ ਬਾਜੀਗਰ ਸਮੇਤ ਵੱਡੀ ਗਿਣਤੀ ਵਿੱਚ ਹਲਕੇ ਦੇ ਨਿਵਾਸੀਆਂ ਨੇ ਲਾਮਿਸਾਲ ਸ਼ਮੂਲੀਅਤ ਕੀਤੀ।

Read More : ਸਾਲਾਨਾ ਕਰਜ਼ਾ ਯੋਜਨਾ ਦੇ ਟੀਚੇ ਹਰ ਹਾਲ ਪੂਰੇ ਕੀਤੇ ਜਾਣ : ਡੀ. ਸੀ.

Leave a Reply

Your email address will not be published. Required fields are marked *