ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਬਣੇ ਪੰਜਾਬ ਵਿਧਾਨ ਸਭਾ ਦੀ ਪਟੀਸ਼ਨ ਕਮੇਟੀ ਦੇ ਚੇਅਰਮੈਨ
ਹੁਸ਼ਿਆਰਪੁਰ, 22 ਜੁਲਾਈ : ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੂੰ ਪੰਜਾਬ ਵਿਧਾਨ ਸਭਾ ਦੀ ਪਟੀਸ਼ਨ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਹ ਜ਼ਿੰਮੇਵਾਰੀ ਉਨ੍ਹਾਂ ਨੂੰ ਵਿੱਤੀ ਸਾਲ 2025-26 ਲਈ ਸੌਂਪੀ ਗਈ ਹੈ। ਜਿੰਪਾ ਨੇ ਇਸ ਨਵੀਂ ਨਿਯੁਕਤੀ ਲਈ ਵਿਧਾਨ ਸਭਾ ਪ੍ਰਧਾਨ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਇਸ ਅਹੁਦੇ ਦੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।
ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪਟੀਸ਼ਨ ਕਮੇਟੀ ਦਾ ਮੁੱਖ ਉਦੇਸ਼ ਆਮ ਲੋਕਾਂ ਦੁਆਰਾ ਵਿਧਾਨ ਸਭਾ ਨੂੰ ਭੇਜੀਆਂ ਗਈਆਂ ਸ਼ਿਕਾਇਤਾਂ, ਜਨਹਿੱਤ ਮੁਕੱਦਮਿਆਂ ਅਤੇ ਹੋਰ ਅਰਜ਼ੀਆਂ ਦੀ ਨਿਰਪੱਖ ਜਾਂਚ ਕਰ ਕੇ ਸਮੇਂ ਸਿਰ ਹੱਲ ਕਰਨਾ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਨਾਗਰਿਕਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਜਲਦੀ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਏ ਤਾਂ ਜੋ ਲੋਕਾਂ ਦਾ ਲੋਕਤੰਤਰ ਵਿਚ ਵਿਸ਼ਵਾਸ ਮਜ਼ਬੂਤ ਹੋਵੇ।
ਵਿਧਾਇਕ ਜਿੰਪਾ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸ਼ਿਕਾਇਤਾਂ ਅਤੇ ਅਰਜ਼ੀਆਂ ਲਿਖਤੀ ਰੂਪ ਵਿਚ ਤਿਆਰ ਕਰ ਕੇ ਆਪਣੇ ਸਬੰਧਤ ਵਿਧਾਇਕ ਤੋਂ ਸਿਫਾਰਸ਼ ਕਰਵਾ ਕੇ ਵਿਧਾਨ ਸਭਾ ਸਕੱਤਰੇਤ, ਚੰਡੀਗੜ੍ਹ ਨੂੰ ਭੇਜਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦੀ ਜਾਇਜ਼ ਸ਼ਿਕਾਇਤ ਦਾ ਕਿਸੇ ਵੀ ਵਿਭਾਗ ਵੱਲੋਂ ਹੱਲ ਨਹੀਂ ਕੀਤਾ ਜਾਂਦਾ ਜਾਂ ਕੋਈ ਕੇਸ ਲੰਬਿਤ ਰਹਿੰਦਾ ਹੈ, ਤਾਂ ਪਟੀਸ਼ਨ ਕਮੇਟੀ ਅਜਿਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਦੇਖੇਗੀ ਅਤੇ ਸਬੰਧਤ ਵਿਭਾਗਾਂ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਦੇਵੇਗੀ।
ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਉਨ੍ਹਾਂ ਦੀ ਤਰਜੀਹ ਆਮ ਜਨਤਾ ਦੇ ਹਿੱਤਾਂ ਦੀ ਰੱਖਿਆ ਕਰਨਾ ਅਤੇ ਲੋਕਤੰਤਰੀ ਪ੍ਰਕਿਰਿਆ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਵਿਧਾਨ ਸਭਾ ਰਾਹੀਂ ਹਰੇਕ ਨਾਗਰਿਕ ਦੀ ਆਵਾਜ਼ ਨੂੰ ਸਹੀ ਪਲੇਟਫਾਰਮ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਕਮੇਟੀ ਨਿਰਪੱਖਤਾ ਨਾਲ ਕੰਮ ਕਰੇਗੀ ਅਤੇ ਨਾਗਰਿਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
Read More : ਮੁੱਖ ਮੰਤਰੀ ਸਾਬਤ ਸਰੂਪ ਹੋਣ ਅਤੇ ਅੰਮ੍ਰਿਤ ਛਕਣ : ਜਥੇਦਾਰ ਗੜਗੱਜ