ਕਿਹਾ-ਸੂਬੇ ’ਚ 18 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਵਿਚੋਂ 17 ਲੱਖ ਮੀਟ੍ਰਿਕ ਟਨ ਤੋਂ ਵੱਧ ਦੀ ਹੋਈ ਖਰੀਦ
ਕਿਸਾਨਾਂ ਦੇ ਖਾਤਿਆਂ ’ਚ 3215 ਕਰੋੜ ਰੁਪਏ ਦੀ ਅਦਾਇਗੀ
ਨਵਾਂਸ਼ਹਿਰ, 13 ਅਕਤੂਬਰ : ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸੂਬੇ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ ਸੁਚੱਜੇ ਢੰਗ ਨਾਲ ਜਾਰੀ ਹੈ ਅਤੇ ਹੁਣ ਤੱਕ ਕੁੱਲ 18 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ’ਚੋਂ 17 ਲੱਖ ਮੀਟ੍ਰਿਕ ਟਨ ਤੋਂ ਵੱਧ ਫਸਲ ਖਰੀਦੀ ਜਾ ਚੁੱਕੀ ਹੈ।
ਮੰਡੀ ’ਚ ਖਰੀਦ ਦੇ ਜਾਇਜ਼ੇ ਉਪਰੰਤ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ’ਚ 1822 ਮੰਡੀਆਂ ’ਚ ਖਰੀਦ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਰੋਜ਼ਾਨਾ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਮੰਡੀਆਂ ’ਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀ ਸਹੂਲਤ ਦੇ ਮੱਦੇਨਜ਼ਰ ਹਰ ਪੱਖੋਂ ਲੋੜੀਂਦੇ ਇੰਤਜ਼ਾਮ ਕੀਤੇ ਗਏ ਹਨ, ਜਿਨ੍ਹਾਂ ਸਦਕਾ ਫਸਲ ਦੀ ਖਰੀਦ ਸੁਖਾਲੇ ਢੰਗ ਨਾਲ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਹੁਣ ਤੱਕ ਖਰੀਦੀ ਫਸਲ ਦੇ ਇਵਜ ’ਚ ਕਿਸਾਨਾਂ ਦੇ ਖਾਤਿਆਂ ’ਚ 3215 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਭਾਵੇਂ ਸੂਬੇ ’ਚ ਹੜ੍ਹਾਂ ਦੀ ਮਾਰ ਕਾਰਨ ਕਿਸਾਨਾਂ ਨੂੰ ਕਈ ਮੁਸ਼ਕਿਲਾਂ ਦਰਪੇਸ਼ ਹਨ ਪਰ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ 172 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਦਿੱਤਾ ਗਿਆ ਹੈ ਅਤੇ ਸੂਬੇ ਦੇ ਕਿਸਾਨਾਂ ਦੀ ਮਿਹਨਤ ਸਦਕਾ ਇਹ ਟੀਚਾ ਸਰ ਕਰ ਲਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਸੂਬੇ ਕੋਲ 27 ਹਜ਼ਾਰ ਕਰੋੜ ਦੀ ਸੀ. ਸੀ.ਐੱਲ. ਉਪਲੱਬਧ ਹੈ ਅਤੇ ਕਿਸਾਨਾਂ ਦੇ ਖਾਤਿਆਂ ’ਚ ਖਰੀਦ ਦੇ 24 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆਂ ਕਿ ਸੂਬੇ ਅੰਦਰ ਫਸਲ ਦੀ ਆਮਦ ਦੇ ਮੱਦੇਨਜ਼ਰ 91 ਫੀਸਦੀ ਫਸਲ ਖਰੀਦੀ ਜਾ ਚੁੱਕੀ ਹੈ।
ਇਸ ਮੌਕੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ, ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਜੀਤ ਸਿੰਘ ਸਰਹਾਲ, ਹਰਜੋਤ ਕੌਰ ਲੋਹਟੀਆ ਅਤੇ ਹੋਰ ਅਧਿਕਾਰੀ ਮੌਜੂਦ ਸਨ।
Read More : ਬੰਬੀਹਾ ਗੈਂਗ ਦੇ 2 ਕਾਰਕੁੰਨ 6 ਪਿਸਤੌਲਾਂ ਸਮੇਤ ਕਾਬੂ