Pratap Singh

ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸਾਹਿਬ ਦੇ ਕਥਾਵਾਚਕ ਤੇ ਸੇਵਾਦਾਰ ਨੂੰ ਕੀਤਾ ਮੁਅੱਤਲ

ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਕਾਂਗਰਸ ਆਗੂ ਦੇ ਆਉਣ ਮੌਕੇ ਮਰਿਆਦਾ ਦੀ ਉਲੰਘਣਾ ਦਾ ਮਾਮਲਾ

ਅੰਮ੍ਰਿਤਸਰ, 17 ਸਤੰਬਰ : ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਕਾਂਗਰਸੀ ਆਗੂ ਦੇ ਆਉਣ ਮੌਕੇ ਗੁਰਦੁਆਰਾ ਸਾਹਿਬ ਅੰਦਰ ਹੋਈ ਮਰਿਆਦਾ ਦੀ ਉਲੰਘਣਾ ਅਤੇ ਸਨਮਾਨ ਸਬੰਧੀ ਸ਼੍ਰੋਮਣੀ ਕਮੇਟੀ ਦੇ ਫੈਸਲੇ ਦੇ ਵਿਰੁੱਧ ਜਾਣ ’ਤੇ ਮੁਲਾਜ਼ਮਾਂ ਖਿਲਾਫ ਕਾਰਵਾਈ ਕੀਤੀ ਗਈ ਹੈ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਲੰਘੇ ਦਿਨੀਂ ਕਾਂਗਰਸੀ ਆਗੂ ਦੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਆਉਣ ਸਮੇਂ ਹੋਈ ਮਰਿਆਦਾ ਦੀ ਉਲੰਘਣਾ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਪੜਤਾਲ ਕਰਵਾਈ ਗਈ ਸੀ, ਜਿਸ ਦੀ ਅੱਜ ਰਿਪੋਰਟ ਪ੍ਰਾਪਤ ਹੋਣ ਮਗਰੋਂ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਗਈ ਹੈ।

ਇਸ ਵਿਚ ਕਥਾਵਾਚਕ ਭਾਈ ਪਲਵਿੰਦਰ ਸਿੰਘ ਤੇ ਸੇਵਾਦਾਰ ਭਾਈ ਹਰਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਦਕਿ ਇਵਜ਼ੀ ਤੌਰ ’ਤੇ ਸੇਵਾ ਨਿਭਾਅ ਰਹੇ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਦੀਆਂ ਸੇਵਾਵਾਂ ਸਮਾਪਤ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਮੈਨੇਜਰ ਪ੍ਰਗਟ ਸਿੰਘ ਨੂੰ ਚਿਤਾਨਵੀ ਦਿੰਦਿਆਂ ਤਬਦੀਲੀ ਕੀਤੀ ਗਈ ਹੈ।

ਪ੍ਰਤਾਪ ਸਿੰਘ ਨੇ ਦੱਸਿਆ ਕਿ ਪੜਤਾਲੀਆਂ ਰਿਪੋਰਟ ’ਚ ਇਹ ਪੱਖ ਸਾਹਮਣੇ ਆਇਆ ਹੈ ਕਿ ਕਾਂਗਰਸ ਦੇ ਆਗੂ ਗੁਰਦੁਆਰਾ ਸਾਹਿਬ ਦੇ ਦਰਬਾਰ ’ਚ ਨਿਰਧਾਰਿਤ ਜੰਗਲੇ ਦੇ ਅੰਦਰ ਗਏ ਸਨ, ਜੋ ਮਰਿਆਦਾ ਦੀ ਸਿੱਧੇ ਤੌਰ ’ਤੇ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਇਸ ਨਿਰਧਾਰਿਤ ਅਸਥਾਨ ’ਤੇ ਜਾਣ ਲਈ ਇਕ ਨੀਅਤ ਬਾਣਾ ਵੀ ਲਾਜ਼ਮੀ ਹੁੰਦਾ ਹੈ ਅਤੇ ਅੰਦਰ ਦੀ ਸੇਵਾ ਨਿਭਾਉਣ ਵਾਲੇ ਗ੍ਰੰਥੀ, ਸੇਵਾਦਾਰਾਂ ਅਤੇ ਸਬੰਧਤ ਮੁਲਾਜ਼ਮਾਂ ਤੋਂ ਇਲਾਵਾ ਕੋਈ ਵੀ ਬਾਹਰੀ ਵਿਅਕਤੀ ਜੰਗਲੇ ਦੇ ਅੰਦਰ ਨਹੀਂ ਜਾ ਸਕਦਾ।

ਇਸ ਤੋਂ ਇਲਾਵਾ ਕਾਂਗਰਸ ਆਗੂਆਂ ਨੂੰ ਦਰਬਾਰ ਦੇ ਅੰਦਰ ਸਿਰੋਪਾਓ ਦੇਣ ਸਮੇਂ ਵੀ ਬੀਤੇ ਸਮੇਂ ’ਚ ਅੰਤ੍ਰਿੰਗ ਕਮੇਟੀ ਵਲੋਂ ਕੀਤੇ ਫੈਸਲੇ ਦੀ ਉਲੰਘਣਾ ਹੋਈ ਹੈ। ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਅਨੁਸਾਰ ਦਰਬਾਰ ਦੇ ਅੰਦਰ ਕਿਸੇ ਵੀ ਵੀ. ਆਈ. ਪੀ. (ਵਿਸ਼ੇਸ਼ ਵਿਅਕਤੀਆਂ) ਨੂੰ ਸਿਰੋਪਾਓ ਨਹੀਂ ਦਿੱਤਾ ਜਾ ਸਕਦਾ। ਇਨ੍ਹਾਂ ਦੋਵਾਂ ਕਾਰਨਾਂ ਦੇ ਮੱਦੇਨਜ਼ਰ ਪੜਤਾਲੀਆ ਰਿਪੋਰਟ ਦੇ ਆਧਾਰ ’ਤੇ ਮੁਲਾਜ਼ਮਾਂ ’ਤੇ ਕਾਰਵਾਈ ਨੂੰ ਅਮਲ ’ਚ ਲਿਆਂਦਾ ਗਿਆ ਹੈ।

Read More : ਸ਼ਹੀਦੀ ਨਗਰ ਕੀਰਤਨ ਜਬਲਪੁਰ ਤੋਂ ਮੰਡਲਾਂ ਮੱਧ ਪ੍ਰਦੇਸ਼ ਲਈ ਰਵਾਨਾ

Leave a Reply

Your email address will not be published. Required fields are marked *