ਪਿੰਡ ਦੇ ਕੁਝ ਵਿਅਕਤੀਆਂ ’ਤੇ ਲਗਾਏ ਕਤਲ ਕਰਨ ਦੇ ਕਥਿਤ ਦੋਸ਼
ਬਟਾਲਾ, 3 ਸਤੰਬਰ : ਪੁਲਸ ਜ਼ਿਲਾ ਬਟਾਲਾ ਦੇ ਨਜ਼ਦੀਕੀ ਪਿੰਡ ਮੜੀਆਂਵਾਲ ’ਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਪਿੰਡ ਵਾਸੀਆਂ ਨੇ ਪਿੰਡ ਦੇ ਹੀ ਇਕ ਨੌਜਵਾਨ ਦੇ ਅੰਤਿਮ ਸੰਸਕਾਰ ਨੂੰ ਰੁਕਵਾ ਦਿੱਤਾ ਅਤੇ ਪਿੰਡ ਦੇ ਹੀ ਕੁਝ ਵਿਅਕਤੀਆਂ ’ਤੇ ਨੌਜਵਾਨ ਦਾ ਕਤਲ ਕਰਨ ਦੇ ਕਥਿਤ ਦੋਸ਼ ਲਗਾਏ।
ਇਸ ਸਬੰਧੀ ਮ੍ਰਿਤਕ ਨੌਜਵਾਨ ਦੀ ਭੈਣ ਪਰਮਜੀਤ ਕੌਰ, ਕੌਂਸਲਰ ਹਰਨੇਕ ਸਿੰਘ ਨੇਕੀ, ਮਾਸਟਰ ਜਤਿੰਦਰ ਸਿੰਘ ਬਾਜਵਾ, ਗੁਰਵਿੰਦਰ ਸਿੰਘ ਸੰਧੂ, ਮਨਜੀਤ ਸਿੰਘ ਕਾਹਲੋਂ, ਸੁਰਿੰਦਰ ਸਿੰਘ ਬਿੱਲੂ, ਪੰਮਾ ਮੱਲ੍ਹੀ, ਗੁਰਵਿੰਦਰ ਸਿੰਘ, ਨਿਰਮਲ ਸਿੰਘ ਆਦਿ ਨੇ ਦੱਸਿਆ ਕਿ 30 ਅਗਸਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ’ਤੇ ਜੋਧ ਸਿੰਘ ਪੁੱਤਰ ਸ਼ਾਮ ਸਿੰਘ ਵਾਸੀ ਪਿੰਡ ਮੜੀਆਂਵਾਲ ਪਿੰਡ ਦੇ ਹੀ ਇਕ ਨੌਜਵਾਨ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਟਾਲਾ ਗਿਆ ਸੀ, ਉੱਥੇ ਉਨ੍ਹਾਂ ਦਾ ਐਕਸੀਡੈਂਟ ਹੋ ਗਿਆ, ਜਿਸ ਤੋਂ ਬਾਅਦ ਦੋਵੇਂ ਸ਼ਾਮ ਨੂੰ ਘਰ ਵਾਪਸ ਆ ਗਏ।
ਉਨ੍ਹਾਂ ਕਿਹਾ ਕਿ ਉਕਤ ਨੌਜਵਾਨ ਆਪਣੇ ਘਰ ਜਾ ਕੇ ਸੌ ਗਿਆ ਅਤੇ ਜਦ ਸਵੇਰੇ ਉਸਦੇ ਪਰਿਵਾਰਕ ਮੈਂਬਰਾਂ ਨੇ ਉਸਨੂੰ ਉਠਾਇਆ ਤਾਂ ਉਸਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਸਦਾ ਅੰਤਿਮ ਸੰਸਕਾਰ ਕਰਨ ਤੋਂ ਬਾਅਦ ਜੋਧ ਸਿੰਘ ਨੂੰ ਆਪਣੇ ਘਰ ਬੁਲਾਇਆ ਗਿਆ, ਜਿਥੇ ਉਨ੍ਹਾਂ ਜੋਧ ਸਿੰਘ ਦੇ ਨਾਲ ਕੁੱਟਮਾਰ ਕੀਤੀ ਅਤੇ ਉਸਨੂੰ ਜ਼ਖਮੀ ਹਾਲਤ ’ਚ ਥਾਣਾ ਸਿਵਲ ਲਾਈਨ ਦੀ ਪੁਲਸ ਦੇ ਹਵਾਲੇ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਪੁਲਸ ਹਿਰਾਸਤ ’ਚ ਜੋਧ ਸਿੰਘ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਜੋਧ ਸਿੰਘ ਦੇ ਸਾਰੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਹਨ। ਪੁਲਸ ਵੱਲੋਂ ਦੋਵਾਂ ਪਰਿਵਾਰਾਂ ਦਾ ਆਪਸ ’ਚ ਰਾਜ਼ੀਨਾਮਾ ਕਰਵਾ ਦਿੱਤਾ ਗਿਆ ਸੀ।
ਅੱਜ ਜਦ ਪਰਿਵਾਰਕ ਮੈਂਬਰ ਤੇ ਪਿੰਡ ਵਾਸੀ ਜੋਧ ਸਿੰਘ ਦਾ ਅੰਤਿਮ ਸੰਸਕਾਰ ਕਰ ਕੇ ਗੁਰਦੁਆਰਾ ਸਾਹਿਬ ਪਾਠ ਕਰਨ ਲਈ ਜਾ ਰਹੇ ਸੀ ਤਾਂ ਉਦੋਂ ਵਿਰੋਧੀ ਧਿਰ ਦੇ ਕੁਝ ਵਿਅਕਤੀਆਂ ਵੱਲੋਂ ਪਰਿਵਾਰ ਅਤੇ ਪਿੰਡ ਵਾਸੀਆਂ ਨਾਲ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ, ਜਿਸ ਤੋਂ ਬਾਅਦ ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਜੋਧ ਸਿੰਘ ਦੀ ਬੱਲ ਰਹੀ ਚਿਖਾ ਨੂੰ ਬੁਝਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਪੁਲਸ ਵੱਲੋਂ ਜੋਧ ਸਿੰਘ ਦੇ ਨਾਲ ਕੁੱਟਮਾਰ ਕਰਨ ਵਾਲਿਆਂ ਦੇ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ, ਉਦੋਂ ਤੱਕ ਉਹ ਜੋਧ ਸਿੰਘ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ।
ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਐੱਸ. ਪੀ. ਡੀ. ਗੁਰਪ੍ਰਤਾਪ ਸਿੰਘ ਸਹੋਤਾ, ਡੀ. ਐੱਸ. ਪੀ. ਸੰਜੀਵ ਕੁਮਾਰ ਵੱਡੀ ਗਿਣਤੀ ਪੁਲਸ ਫੋਰਸ ਨਾਲ ਮੌਕੇ ’ਤੇ ਪਹੁੰਚੀ। ਇਸ ਮੌਕੇ ਐੱਸ. ਪੀ. ਡੀ. ਗੁਰਪ੍ਰਤਾਪ ਸਿੰਘ ਸਹੋਤਾ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਗਿਆ ਕਿ ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਇਸ ਮਾਮਲੇ ’ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ, ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਨੇ ਜੋਧ ਸਿੰਘ ਦੀ ਲਾਸ਼ ਨੂੰ ਪੁਲਸ ਨੂੰ ਪੋਸਟਮਾਰਟਮ ਕਰਵਾਉਣ ਲਈ ਸੌਂਪ ਦਿੱਤਾ।
Read More : ਹੜ੍ਹ ਪ੍ਰਭਾਵਿਤ ਲੋਕਾਂ ਦੀ ਹਾਲਤ ਦੇਖ ਕੇ ਮੁੱਖ ਮੰਤਰੀ ਭਾਵੁਕ ਹੋ ਕੇ ਰੋ ਪਏ