ਪਰਿਵਾਰ ਨੇ ਪੁਲਿਸ ’ਤੇ ਲਾਏ ਤਸ਼ੱਦਦ ਦੇ ਗੰਭੀਰ ਦੋਸ਼, ਜਾਂਚ ਦੀ ਉੱਠੀ ਮੰਗ
ਅੰਮ੍ਰਿਤਸਰ, 1 ਅਪ੍ਰੈਲ : ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ (ਜਿਨ੍ਹਾਂ ਨੇ ਬੀਤੇ ਦਿਨੀਂ ਖ਼ੁਦਕੁਸ਼ੀ ਕਰ ਲਈ ਸੀ) ਦੇ ਘਰ ਦੀ ਬਿਜਲੀ ਕੱਟਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਗੁਰਬਖਸ਼ ਸਿੰਘ ਦੀ ਪੁਲਿਸ ਰਿਮਾਂਡ ਦੌਰਾਨ ਮੌਤ ਹੋ ਜਾਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ।
ਥਾਣਾ ਰਣਜੀਤ ਐਵੀਨਿਊ ਦੀ ਪੁਲਿਸ ਵੱਲੋਂ ਗੁਰਬਖਸ਼ ਸਿੰਘ ਨੂੰ ਉਸ ਦੇ ਇੱਕ ਸਾਥੀ ਸਮੇਤ ਗ੍ਰਿਫ਼ਤਾਰ ਕਰਕੇ 5 ਦਿਨਾਂ ਦੇ ਰਿਮਾਂਡ ‘ਤੇ ਲਿਆ ਗਿਆ ਸੀ, ਜਿਸ ਦੌਰਾਨ ਉਸ ਦੀ ਹਾਲਤ ਵਿਗੜ ਗਈ ਅਤੇ ਮੌਤ ਹੋ ਗਈ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ‘ਤੇ ਬੇਹੱਦ ਗੰਭੀਰ ਦੋਸ਼ ਲਗਾਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਹਿਰਾਸਤ ਵਿੱਚ ਰਿਮਾਂਡ ਦੌਰਾਨ ਗੁਰਬਖਸ਼ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਉਸ ‘ਤੇ ਅੰਨ੍ਹਾ ਤਸ਼ੱਦਦ ਢਾਹਿਆ ਗਿਆ, ਜਿਸ ਕਾਰਨ ਉਸ ਦੀ ਜਾਨ ਚਲੀ ਗਈ।
ਮ੍ਰਿਤਕ ਦੀ ਪਤਨੀ ਨੇ ਰੋਂਦਿਆਂ ਦੱਸਿਆ ਕਿ ਜਦੋਂ ਉਹ ਆਪਣੇ ਪਤੀ ਨੂੰ ਮਿਲਣ ਗਈ ਸੀ ਤਾਂ ਉਹ ਗੰਭੀਰ ਦਰਦ ਵਿੱਚ ਸੀ ਅਤੇ ਪੁਲਿਸ ਨੇ ਉਸ ਨਾਲ ਬੇਹੱਦ ਮਾੜਾ ਵਰਤਾਓ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਹਸਪਤਾਲ ਵਿੱਚ ਵੀ ਉਸ ਨੂੰ ਸਹੀ ਇਲਾਜ ਨਹੀਂ ਮਿਲਿਆ।
ਦੂਜੇ ਪਾਸੇ, ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਦਾਅਵਾ ਕੀਤਾ ਹੈ ਕਿ ਰਿਮਾਂਡ ਦੌਰਾਨ ਨੌਜਵਾਨ ਦੀ ਅਚਾਨਕ ਤਬੀਅਤ ਖ਼ਰਾਬ ਹੋ ਗਈ ਸੀ। ਪੁਲਿਸ ਅਨੁਸਾਰ ਉਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ।
ਪੁਲਿਸ ਅਧਿਕਾਰੀਆਂ ਨੇ ਕਿਹਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇਗੀ ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ ਅਤੇ ਸੱਚਾਈ ਸਾਹਮਣੇ ਆ ਸਕੇ। ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਵਿੱਚ ਮਾਤਮ ਛਾਇਆ ਹੋਇਆ ਹੈ।
Read More : ਰੰਧਾਵਾ ਖ਼ੁਦਕੁਸ਼ੀ ਮਾਮਲਾ : ਲਾਲਜੀਤ ਭੁੱਲਰ 14 ਦਿਨਾਂ ਲਈ ਜੇਲ੍ਹ ਭੇਜੇ ਗਏ
