ਬੈਂਕ ਦੇ ਉੱਚ ਅਧਿਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪਿਆ 2 ਕਰੋੜ ਰੁਪਏ ਦਾ ਚੈੱਕ
ਚੰਡੀਗੜ੍ਹ, 30 ਸਤੰਬਰ : ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਚੜ੍ਹਦੀ ਕਲਾ’ ਵਿਚ ਯੂਨੀਅਨ ਬੈਂਕ ਆਫ਼ ਇੰਡੀਆ ਨੇ ਵੀ ਯੋਗਦਾਨ ਪਾਇਆ। ਯੂਨੀਅਨ ਬੈਂਕ ਆਫ਼ ਇੰਡੀਆ ਦੇ ਉੱਚ ਅਧਿਕਾਰੀ ਅੱਜ ਮੁੱਖ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਤਹਿਤ ਪੰਜਾਬ ਨੂੰ ਮੁੜ ਪੈਰਾਂ ਸਿਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ 2 ਕਰੋੜ ਰੁਪਏ ਦਾ ਚੈੱਕ ਸੌਂਪਿਆ ਗਿਆ।
‘ਮਿਸ਼ਨ ਚੜ੍ਹਦੀ ਕਲਾ’ ਵਿਚ ਹਿੱਸਾ ਪਾਉਣ ਬਦਲੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਯੂਨੀਅਨ ਬੈਂਕ ਆਫ਼ ਇੰਡੀਆ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਟੀਮ ਨੂੰ ਵਿਸ਼ਵਾਸ ਦਿਵਾਇਆ ਕਿ ਤੁਹਾਡੇ ਵੱਲੋਂ ਦਿੱਤਾ ਗਿਆ ਇਹ ਦਾਨ ਹੜ੍ਹ ਪੀੜਤਾਂ ਦੀ ਮਦਦ ’ਤੇ ਖਰਚ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਮੌਕੇ ਉਨ੍ਹਾਂ ਸਮੂਹ ਪੰਜਾਬੀਆਂ ਨੂੰ, ਉਦਯੋਗਪਤੀਆਂ, ਸਮਾਜ ਸੇਵੀ ਜਥੇਬੰਦੀਆਂ ਨੂੰ, ਕਲਾਕਾਰਾਂ, ਅਦਾਕਾਰਾਂ ਨੂੰ ਖੁੱਲ੍ਹ ਕੇ ਪੰਜਾਬ ਦੀ ਮਦਦ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਸੀ।
ਉਨ੍ਹਾਂ ਸਮੂਹ ਪੰਜਾਬੀਆਂ ਨੂੰ ਵਿਸ਼ਵਾਸ ਦਿਵਾਉਂਦੇ ਹੋਏ ਕਿਹਾ ਸੀ ਕਿ ਤੁਹਾਡੇ ਵੱਲੋਂ ਦਾਨ ਵਜੋਂ ਦਿੱਤਾ ਗਿਆ ਇਕ-ਇਕ ਰੁਪਇਆ ਪੰਜਾਬ ਸਰਕਾਰ ਵੱਲੋਂ ਸਵਾ ਰੁਪਇਆ ਬਣਾ ਕੇ ਹੜ੍ਹ ਪੀੜਤਾਂ ਦੀ ਮਦਦ ’ਤੇ ਲਗਾਇਆ ਜਾਵੇਗਾ ਤਾਂ ਜੋ ਪੰਜਾਬ ਮੁੜ ਤੋਂ ਪੈਰਾਂ ਸਿਰ ਕੀਤਾ ਜਾ ਸਕੇ।
Read More : ਦੁਨੀਆ ਲਈ ਇੱਕ ਪਸੰਦੀਦਾ ਨਿਵੇਸ਼ ਸਥਾਨ ਬਣ ਗਿਆ ਪੰਜਾਬ : ਮੁੱਖ ਮੰਤਰੀ ਮਾਨ