Union State Minister Kurian

ਕੇਂਦਰੀ ਰਾਜ ਮੰਤਰੀ ਜਾਰਜ ਕੁਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ

ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਕੇ ਨੁਕਸਾਨ ਦਾ ਲਿਆ ਜਾਇਜ਼ਾ

ਬਟਾਲਾ, 13 ਸਤੰਬਰ : ਕੇਂਦਰੀ ਰਾਜ ਮੰਤਰੀ ਜਾਰਜ ਕੁਰੀਆਂ ਵੱਲੋਂ ਅੱਜ ਜ਼ਿਲਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਡੇਰਾ ਬਾਬਾ ਨਾਨਕ, ਪਿੰਡ ਰੱਤਾ, ਰੱਤੜ-ਛੱਤੜ, ਘਣੀਏ-ਕੇ-ਬੇਟ, ਧਰਮਕੋਟ ਰੰਧਾਵਾ, ਧਰਮਕੋਟ ਪੱਤਣ, ਗੁਰਚੱਕ, ਡਾਲਾ, ਗੋਲਾ-ਢੋਲਾ ਤੇ ਗੁਰਚੱਕ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ।

ਇਸ ਮੌਕੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਕੇਂਦਰੀ ਰਾਜ ਮੰਤਰੀ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਜਾਣਕਾਰੀ ਦਿੱਤੀ ਅਤੇ ਨਾਲ ਹੀ ਸਰਕਾਰ ਵੱਲੋਂ ਚਲਾਏ ਜਾ ਰਹੇ ਰਾਹਤ ਤੇ ਪੁਨਰਵਾਸ ਕਾਰਜਾਂ ਬਾਰੇ ਦੱਸਿਆ ਗਿਆ। ਇਸ ਮੌਕੇ ਕੇਂਦਰੀ ਰਾਜ ਮੰਤਰੀ ਜਾਰਜ ਕੁਰੀਆਂ ਨੇ ਕਿਹਾ ਕਿ ਹੜ੍ਹ ਕਾਰਨ ਸਰਹੱਦ ਨਾਲ ਲੱਗਦੇ ਖੇਤਰ ਦਾ ਵੱਡਾ ਨੁਕਸਾਨ ਹੋਇਆ ਹੈ। ਇਸ ਸੰਕਟ ਦੀ ਘੜੀ ’ਚ ਕੇਂਦਰ ਸਰਕਾਰ ਪੰਜਾਬ ਦੇ ਨਾਲ ਹੈ।

ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਤੋਂ ਇਲਾਵਾ ਪ੍ਰਧਾਨ ਮੰਤਰੀ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ 1600 ਕਰੋੜ ਦਾ ਵਿਸ਼ੇਸ਼ ਵਿੱਤੀ ਪੈਕੇਜ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨਾਲ ਮਿਲ ਕੇ ਯਤਨ ਕੀਤੇ ਜਾਣਗੇ ਕਿ ਭਵਿੱਖ ’ਚ ਅਜਿਹੀ ਸਥਿਤੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਐੱਸ. ਡੀ. ਐੱਮ. ਡੇਰਾ ਬਾਬਾ ਨਾਨਕ ਡਾ. ਆਦਿੱਤਿਆ ਸ਼ਰਮਾ, ਡੀ. ਆਰ. ਓ. ਜਸਕਰਨਜੀਤ ਸਿੰਘ, ਤਹਿਸੀਲਦਾਰ ਲਛਮਣ ਸਿੰਘ ਰੰਧਾਵਾ, ਬੀ. ਡੀ. ਪੀ. ਓ. ਅਮਨਦੀਪ ਕੌਰ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਜਸਪ੍ਰੀਤ ਸਿੰਘ ਨਾਗਪਾਲ, ਡਾ. ਗੁਰਦੇਵ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਭਾਜਪਾ ਆਗੂ ਬਘੇਲ ਸਿੰਘ ਵੀ ਹਾਜ਼ਰ ਸਨ।

Read More : ਗਿਰਦਾਵਰੀ ਕਰਨ ਮੌਕੇ ਅਧਿਕਾਰੀ ਪੱਖਪਾਤ ਅਤੇ ਕੋਤਾਹੀ ਨਾ ਕਰਨ : ਧਾਲੀਵਾਲ

Leave a Reply

Your email address will not be published. Required fields are marked *