ਡਾ.-ਪੁਸ਼ਪਿੰਦਰ-ਸਿੰਘ-ਗਿੱਲ

ਵੀ.ਸੀ. ਡਾ. ਪੁਸ਼ਪਿੰਦਰ ਗਿੱਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 11 ਫਰਵਰੀ : ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਦੇ ਉਦੇਸ਼ ਨਾਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਬੈਠਕ ਦੌਰਾਨ ਸੂਬੇ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਭਵਿੱਖੀ ਰੂਪ-ਰੇਖਾ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਡਾਂ ਨੂੰ ਅਨੁਸ਼ਾਸਿਤ ਸਮਾਜ ਦੀ ਸਿਰਜਣਾ ਲਈ ਅਹਿਮ ਦੱਸਦਿਆਂ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਅਪੀਲ ਕੀਤੀ ਕਿ ਉਹ ਜ਼ਮੀਨੀ ਪੱਧਰ ‘ਤੇ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਅਗਵਾਈ ਕਰਨ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਪੜਾਅ ‘ਤੇ ਹੀ ਨੌਜਵਾਨ ਪ੍ਰਤਿਭਾ ਦੀ ਪਛਾਣ ਕਰਨਾ ਅਤੇ ਉਨ੍ਹਾਂ ਨੂੰ ਸਹੀ ਮਾਰਗਦਰਸ਼ਨ ਦੇਣਾ ਸਮੇਂ ਦੀ ਮੁੱਖ ਲੋੜ ਹੈ।

ਮੁੱਖ ਮੰਤਰੀ ਨੇ ਉਜਾਗਰ ਕੀਤਾ ਕਿ ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾਉਣ ਅਤੇ ਉਨ੍ਹਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਸਹਾਇਕ ਸਿੱਧ ਹੋਣਗੀਆਂ। ਉਨ੍ਹਾਂ ਪੰਜਾਬ ਭਰ ਵਿੱਚ ਵਿਸ਼ਵ ਪੱਧਰੀ ਸਹੂਲਤਾਂ, ਆਧੁਨਿਕ ਸਿਖਲਾਈ ਵਿਧੀਆਂ ਅਤੇ ਵਿਗਿਆਨਕ ਕੋਚਿੰਗ ਪ੍ਰਦਾਨ ਕਰਨ ਵਿੱਚ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਮੁੱਖ ਮੰਤਰੀ ਵੱਲੋਂ ਪ੍ਰਗਟਾਏ ਗਏ ਵਿਸ਼ਵਾਸ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਇੱਕ ਚੁਣੌਤੀ ਵਜੋਂ ਸਵੀਕਾਰ ਕਰਦੇ ਹਨ ਅਤੇ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਨਵੀਆਂ ਬੁਲੰਦੀਆਂ ‘ਤੇ ਲਿਜਾਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ।

ਵਾਈਸ ਚਾਂਸਲਰ ਨੇ ਵਿਸ਼ਵਾਸ ਦਿਵਾਇਆ ਕਿ ਉਹ ਕੋਚਾਂ, ਸੰਸਥਾਵਾਂ ਅਤੇ ਖੇਡ ਭਾਈਚਾਰੇ ਨਾਲ ਮਿਲ ਕੇ ਇੱਕ ਅਜਿਹਾ ਸਮਾਵੇਸ਼ੀ ਸੱਭਿਆਚਾਰ ਸਿਰਜਣਗੇ ਜੋ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਮੋਹਰੀ ਖਿਡਾਰੀ ਪੈਦਾ ਕਰਨ ਦੇ ਸਮਰੱਥ ਹੋਵੇਗਾ।

Read More : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਈ.ਡੀ. ਵੱਲੋਂ ਨੋਟਿਸ ਜਾਰੀ

Leave a Reply

Your email address will not be published. Required fields are marked *