ਆਮਦਨ ਤੋਂ ਵੱਧ ਜਾਇਦਾਦ ਰੱਖਣ ਦਾ ਦੋਸ਼
ਚੰਡੀਗੜ੍ਹ, 18 ਜੂਨ -: ਪੰਜਾਬ ’ਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਹੁਸ਼ਿਆਰਪੁਰ ਦੇ ਪਿੰਡ ਧੂਤ ਕਲਾਂ ਦੇ ਰਹਿਣ ਵਾਲੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਹੈ।
ਅੱਜ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਜਲੰਧਰ ਰੇਂਜ ਨੇ ਧੂਤ ਵੱਲੋਂ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਮ ’ਤੇ ਆਪਣੀ ਜਾਇਜ਼ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ਾਂ ਦੀ ਕੀਤੀ ਗਈ ਵਿਜੀਲੈਂਸ ਜਾਂਚ ਤੋਂ ਬਾਅਦ ਕੀਤੀ ਗਈ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਜਾਂਚ ’ਚ 1 ਜਨਵਰੀ 2009 ਤੋਂ 31 ਦਸੰਬਰ 2018 ਤੱਕ ਦੀ ਮਿਆਦ ਸ਼ਾਮਲ ਹੈ। ਜਾਂਚ ’ਚ ਖੁਲਾਸਾ ਹੋਇਆ ਕਿ ਇਸ ਸਮੇਂ ਦੌਰਾਨ ਧੂਤ ਦੀ ਸਾਰੇ ਸਰੋਤਾਂ ਅਤੇ ਸਾਧਨਾਂ ਤੋਂ ਕੁੱਲ ਆਮਦਨ 3,58,97,111.59 ਰੁਪਏ ਸੀ, ਜਦੋਂ ਕਿ ਉਨ੍ਹਾਂ ਦਾ ਕੁੱਲ ਖਰਚ ਅਤੇ ਜਾਇਦਾਦ 11,18,34,544.22 ਰੁਪਏ ਸੀ, ਜੋ ਕਿ ਉਨ੍ਹਾਂ ਦੀ ਕਾਨੂੰਨੀ ਆਮਦਨ ਨਾਲੋਂ 7,59,37,432.63 ਰੁਪਏ (211.54 ਪ੍ਰਤੀਸ਼ਤ) ਵੱਧ ਸੀ।
ਬੁਲਾਰੇ ਨੇ ਕਿਹਾ ਕਿ ਇਹ ਮਹੱਤਵਪੂਰਨ ਅੰਤਰ ਸਪੱਸ਼ਟ ਤੌਰ ‘ਤੇ ਦਰਸਾਉਂਦਾ ਹੈ ਕਿ ਧੂਤ ਨੇ ਇੱਕ ਸਰਕਾਰੀ ਸੇਵਕ ਵਜੋਂ ਸੇਵਾ ਨਿਭਾਉਂਦੇ ਹੋਏ, ਬੇਹਿਸਾਬ ਚੱਲ ਅਤੇ ਅਚੱਲ ਜਾਇਦਾਦਾਂ ਹਾਸਲ ਕੀਤੀਆਂ ਸਨ ਅਤੇ ਆਪਣੀ ਕਾਨੂੰਨੀ ਆਮਦਨ ਤੋਂ ਕਿਤੇ ਵੱਧ ਰਕਮ ਖਰਚ ਕੀਤੀ ਸੀ, ਜੋ ਕਿ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨਾਂ ਦੀ ਸਪੱਸ਼ਟ ਉਲੰਘਣਾ ਹੈ।
ਇਸ ਸਬੰਧੀ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
Read More : ਸਟੇਟ ਬੈਂਕ ਆਫ ਇੰਡੀਆ ਦੀ ਇਮਾਰਤ ’ਚ ਲੱਗੀ ਭਿਆਨਕ ਅੱਗ
