14 ਟਰੈਪ ਲਗਾ ਕੇ 17 ਅਧਿਕਾਰੀ ਰੰਗੇ ਹੱਥੀਂ ਕਾਬੂ; ਅਦਾਲਤਾਂ ਵੱਲੋਂ 4 ਦੋਸ਼ੀਆਂ ਨੂੰ ਸੁਣਾਈ ਗਈ ਕੈਦ ਤੇ ਜੁਰਮਾਨੇ ਦੀ ਸਜ਼ਾ
ਚੰਡੀਗੜ੍ਹ, 19 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਫਰਵਰੀ ਮਹੀਨੇ ਦੌਰਾਨ ਵੱਡੀ ਕਾਰਵਾਈ ਕਰਦਿਆਂ 14 ਵੱਖ-ਵੱਖ ਟਰੈਪ ਕੇਸਾਂ ਵਿੱਚ 17 ਸਰਕਾਰੀ ਅਧਿਕਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ, ਬਿਊਰੋ ਹਰ ਖੇਤਰ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਸਰਗਰਮ ਹੈ।
ਸਰਕਾਰੀ ਵੇਰਵਿਆਂ ਅਨੁਸਾਰ, ਬਿਊਰੋ ਨੇ ਪਿਛਲੇ ਮਹੀਨੇ ਦੌਰਾਨ ਵੱਖ-ਵੱਖ ਅਦਾਲਤਾਂ ਵਿੱਚ 26 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਦੇ ਨਾਲ ਹੀ ਭ੍ਰਿਸ਼ਟਾਚਾਰ ਦੀ ਡੂੰਘਾਈ ਨਾਲ ਪੜਤਾਲ ਲਈ 3 ਨਵੀਆਂ ਵਿਜੀਲੈਂਸ ਇੰਕੁਆਈਰੀਜ਼ ਦਰਜ ਕੀਤੀਆਂ ਗਈਆਂ ਹਨ। ਵਿਜੀਲੈਂਸ ਨੇ 35 ਮੁਲਜ਼ਮਾਂ ਖ਼ਿਲਾਫ਼ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 11 ਸਰਕਾਰੀ ਮੁਲਾਜ਼ਮ ਸ਼ਾਮਲ ਹਨ।
ਇਸ ਦੌਰਾਨ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਰਿਸ਼ਵਤਖੋਰੀ ਦੇ 4 ਪੁਰਾਣੇ ਮਾਮਲਿਆਂ ਵਿੱਚ ਫੈਸਲਾ ਸੁਣਾਉਂਦਿਆਂ 4 ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਨ੍ਹਾਂ ਦੋਸ਼ੀਆਂ ਨੂੰ ਸਾਢੇ 3 ਸਾਲ ਤੋਂ ਲੈ ਕੇ ਚਾਰ ਸਾਲ ਤੱਕ ਦੀ ਕੈਦ ਅਤੇ 10,000 ਰੁਪਏ ਤੋਂ 50,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਬੁਲਾਰੇ ਨੇ ਸਪੱਸ਼ਟ ਕੀਤਾ ਕਿ ਭ੍ਰਿਸ਼ਟਾਚਾਰੀ ਅਨਸਰਾਂ ਵਿਰੁੱਧ ਇਹ ਸਖ਼ਤ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ।
Read More : ਵਾਇਰਲ ਵੀਡੀਓ ਮਾਮਲਾ: ਪੰਜਾਬ ਮਹਿਲਾ ਕਮਿਸ਼ਨ ਨੇ ਜਾਂਚ ਬਿਊਰੋ ਤੋਂ ਮੰਗੀ ਰਿਪੋਰਟ
