ਵਿਜੀਲੈਂਸ ਬਿਊਰੋ

ਵਿਜੀਲੈਂਸ ਬਿਊਰੋ ਨੇ 2000 ਰੁਪਏ ਰਿਸ਼ਵਤ ਲੈਂਦਾ ਕਲਰਕ ਕੀਤਾ ਕਾਬੂ

ਜਲੰਧਰ, 8 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਨਗਰ ਨਿਗਮ, ਜਲੰਧਰ ਦੀ ਜਲ ਸਪਲਾਈ ਅਤੇ ਸੀਵਰੇਜ ਸ਼ਾਖਾ ’ਚ ਤਾਇਨਾਤ ਕਲਰਕ ਕਰੁਣ ਧੀਰ ਨੂੰ 2000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਦੋਸ਼ੀ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੂੰ 2.72 ਲੱਖ ਰੁਪਏ ਬਰਾਮਦ ਹੋਏ ਹਨ।

ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਰਾਮ ਨਗਰ, ਜਲੰਧਰ ਦੇ ਇਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਪਿਛਲੇ 15 ਮਹੀਨਿਆਂ ਤੋਂ ਜਲੰਧਰ ਦੇ ਦੋਆਬਾ ਚੌਕ ਨੇੜੇ ਇਕ ਅਹਾਤਾ ਚਲਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਕਰੁਣ ਧੀਰ ਉਸ ਦੇ ਅਹਾਤੇ ’ਤੇ ਆਇਆ ਸੀ ਤੇ ਉਸ ਨੇ ਸ਼ਿਕਾਇਤਕਰਤਾ ਨੂੰ ਕਥਿਤ ਤੌਰ ਤੇ ਗੈਰ-ਕਾਨੂੰਨੀ ਕੁਨੈਕਸ਼ਨ ਵਰਤਣ ਤੇ ਗੰਦਾ ਪਾਣੀ ਸੀਵਰੇਜ ’ਚ ਪਾਉਣ ਦੀ ਆੜ ’ਚ ਉਸ ਦਾ ਪਾਣੀ ਤੇ ਸੀਵਰੇਜ ਕੁਨੈਕਸ਼ਨ ਕੱਟਣ ਦੀ ਧਮਕੀ ਦਿੱਤੀ ਸੀ।

ਸ਼ਿਕਾਇਤਕਰਤਾ ਵੱਲੋਂ ਇਹ ਦੱਸਣ ਦੇ ਬਾਵਜੂਦ ਕਿ ਕੁਨੈਕਸ਼ਨ ਲਗਭਗ 15 ਸਾਲਾਂ ਤੋਂ ਚੱਲ ਰਿਹਾ ਹੈ, ਦੋਸ਼ੀ ਅਧਿਕਾਰੀ ਉਸ ਨੂੰ ਧਮਕੀਆਂ ਦਿੰਦਾ ਰਿਹਾ ਤੇ ਰਿਸ਼ਵਤ ਦੀ ਮੰਗ ਕਰਦਾ ਰਿਹਾ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੋਸ਼ ਲਾਇਆ ਕਿ ਦੋਸ਼ੀ ਕਰੁਣ ਧੀਰ ਨੇ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਨਾ ਕੱਟਣ ਦੇ ਬਦਲੇ 2000 ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਬਤੌਰ ਸਬੂਤ ਰਿਕਾਰਡ ਕਰ ਲਈ ਸੀ।

ਬੁਲਾਰੇ ਨੇ ਅੱਗੇ ਕਿਹਾ ਕਿ ਉਸ ਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ ਪਤਾ ਲੱਗਾ ਹੈ ਕਿ ਦੋਸ਼ੀ ਉਨ੍ਹਾਂ ਲੋਕਾਂ ਤੋਂ ਛੋਟੀਆਂ ਰਿਸ਼ਵਤਾਂ ਲੈਂਦਾ ਸੀ ਜੋ ਆਪਣਾ ਕੰਮ ਕਰਵਾਉਣਾ ਚਾਹੁੰਦੇ ਸਨ। ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 2000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧ ’ਚ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Read More : ਅਦਾਲਤ ਨੂੰ ਆਰ. ਡੀ. ਐਕਸ ਨਾਲ ਉਡਾਉਣ ਦੀ ਮਿਲੀ ਧਮਕੀ

Leave a Reply

Your email address will not be published. Required fields are marked *