ਵਿਜੀਲੈਂਸ ਬਿਊਰੋ

ਵਿਜੀਲੈਂਸ ਬਿਊਰੋ ਨੇ ਏ.ਐੱਸ.ਆਈ. ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਅਦਾਲਤ ’ਚ ਚਲਾਨ ਪੇਸ਼ ਕਰਨ ਬਦਲੇ ਮੰਗੀ ਸੀ ਰਿਸ਼ਵਤ; ਵਿਜੀਲੈਂਸ ਨੇ ਜਾਲ ਵਿਛਾ ਕੇ ਦਬੋਚਿਆ

ਮੋਹਾਲੀ, 9 ਫਰਵਰੀ : ਮੋਹਾਲੀ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜ਼ਿਲਾ ਮੋਹਾਲੀ ਦੇ ਥਾਣਾ ਸਦਰ ਖਰੜ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਜਸਵੀਰ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਉਸ ਨੂੰ ਸੈਕਟਰ-127 ਮੋਹਾਲੀ ਦੇ ਇਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਕ ਸ਼ਿਕਾਇਤਕਰਤਾ ਨੇ ਸੁਮਨ ਲਤਾ ਵਿਰੁੱਧ ਥਾਣਾ ਖਰੜ ’ਚ ਕੁੱਟਮਾਰ ਸੰਬੰਧੀ ਮਾਮਲਾ ਦਰਜ ਕਰਵਾਇਆ ਸੀ ਅਤੇ ਇਸ ਕੇਸ ’ਚ ਜਾਂਚ ਅਧਿਕਾਰੀ ਏ.ਐੱਸ.ਆਈ. ਜਸਵੀਰ ਸਿੰਘ ਸੀ। ਜਦੋਂ ਸ਼ਿਕਾਇਤਕਰਤਾ ਨੇ ਇਸ ਮਾਮਲੇ ਸੰਬੰਧੀ ਅਦਾਲਤ ’ਚ ਚਲਾਨ ਪੇਸ਼ ਕਰਨ ਲਈ ਸੰਪਰਕ ਕੀਤਾ ਤਾਂ ਉਕਤ ਏ.ਐੱਸ.ਆਈ. ਨੇ ਚਲਾਨ ਪੇਸ਼ ਕਰਨ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸੰਬੰਧੀ ਗੱਲਬਾਤ ਨੂੰ ਆਪਣੇ ਫ਼ੋਨ ’ਚ ਰਿਕਾਰਡ ਕਰ ਲਿਆ ਸੀ।

ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇਕ ਜਾਲ ਵਿਛਾਇਆ, ਜਿਸ ਦੌਰਾਨ ਉਕਤ ਥਾਣੇਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਮੋਹਾਲੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Read More : ਪਿਊਸ਼ ਗੋਇਲ ਦੇ ਖ਼ਿਲਾਫ਼ ਡੀ.ਐੱਮ.ਕੇ. ਮੈਂਬਰ ਨੇ ਦਿੱਤਾ ਵਿਸ਼ੇਸ਼ ਅਧਿਕਾਰ ਉਲੰਘਣਾ ਨੋਟਿਸ

Leave a Reply

Your email address will not be published. Required fields are marked *