ਰਿਸ਼ਵਤ

ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਐੱਸ.ਐੱਸ.ਪੀ. ਦਫ਼ਤਰ ਬਰਨਾਲਾ ਵਿਖੇ ਤਾਇਨਾਤ ਹੈ ਮੁਲਜ਼ਮ; ਸੇਵਾ ਕਾਲ ’ਚ ਵਾਧਾ ਕਰਵਾਉਣ ਬਦਲੇ ਮੰਗੀ ਸੀ ਰਿਸ਼ਵਤ

ਬਰਨਾਲਾ, 7 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੀ.ਆਰ.ਸੀ. ਸ਼ਾਖਾ, ਐੱਸ.ਐੱਸ.ਪੀ. ਦਫ਼ਤਰ ਬਰਨਾਲਾ ਵਿਖੇ ਤਾਇਨਾਤ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਦਾਨਗੜ੍ਹ (ਜ਼ਿਲਾ ਬਰਨਾਲਾ) ਦੇ ਇਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਸਹਾਇਕ ਸਬ-ਇੰਸਪੈਕਟਰ ਵਜੋਂ ਕੰਮ ਕਰ ਰਿਹਾ ਹੈ ਅਤੇ ਉਸ ਨੇ ਆਪਣੀ ਸੇਵਾ ’ਚ ਵਾਧਾ ਲੈਣ ਲਈ ਬੇਨਤੀ ਕੀਤੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੇ ਸੇਵਾ ਕਾਲ ’ਚ ਵਾਧਾ ਕਰਵਾਉਣ ’ਚ ਮਦਦ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੇਣ ਦੀ ਬਜਾਏ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ।

ਉਸ ਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਦਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 10,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਦਬੋਚ ਲਿਆ। ਇਸ ਸਬੰਧਤ ਮਾਮਲੇ ’ਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

Read More : ਛੱਪੜ ’ਚ ਡਿੱਗੀ ਗੇਂਦ ਚੁੱਕਣ ਗਿਆ 5 ਸਾਲਾ ਮਾਸੂਮ ਡੁੱਬਿਆ

Leave a Reply

Your email address will not be published. Required fields are marked *