ਅੰਮ੍ਰਿਤਸਰ, 15 ਜੁਲਾਈ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ 14 ਦਿਨਾਂ ਦੀ ਨਿਆਂਇਕ ਹਿਰਾਸਤ ਅਧੀਨ ਨਾਭਾ ਜੇਲ ’ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ ਸਥਿਤ ਰਿਹਾਇਸ਼ ਅਤੇ ਮਜੀਠਾ ਸਥਿਤ ਦਫ਼ਤਰ ’ਤੇ ਮੰਗਲਵਾਰ ਨੂੰ ਮੁੜ ਵਿਜੀਲੈਂਸ ਵ੍ਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਰਿਹਾਇਸ਼ ’ਤੇ ਵੱਡੀ ਗਿਣਤੀ ਪੁਲਿਸ ਬਲ ਦੇ ਜਵਾਨ ਤਾਇਨਾਤ ਕਰ ਦਿੱਤੇ ਗਏ ਸਨ।
ਜਾਣਕਾਰੀ ਅਨੁਸਾਰ ਇਹ ਕਾਰਵਾਈ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਕੀਤੀ ਜਾ ਰਹੀ ਹੈ। ਵਿਜੀਲੈਂਸ ਟੀਮ ਨੇ ਮਜੀਠੀਆ ਦੇ ਦਫ਼ਤਰ ਦੀ ਪੂਰੀ ਇਮਾਰਤ ਦੀ ਨਾਪ-ਜੋਖ ਕੀਤੀ ਅਤੇ ਹਰ ਹਿੱਸੇ ਦੀ ਜਾਂਚ ਕੀਤੀ ਗਈ। ਇਸ ਦੌਰਾਨ ਉੱਥੇ ਮੌਜੂਦ ਕਰਮਚਾਰੀਆਂ ਅਤੇ ਸਥਾਨਕ ਪ੍ਰਸ਼ਾਸਨ ਦੀ ਮਦਦ ਲਈ ਗਈ। ਦਫ਼ਤਰ ਵਿਚ ਰੱਖੇ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਵਿਜੀਲੈਂਸ ਵੱਲੋਂ ਅਧਿਕਾਰਤ ਤੌਰ ‘ਤੇ ਇਹ ਨਹੀਂ ਦੱਸਿਆ ਗਿਆ ਹੈ ਕਿ ਛਾਪੇਮਾਰੀ ਪਿੱਛੇ ਅਸਲ ਕਾਰਨ ਕੀ ਹੈ।
ਛਾਪੇਮਾਰੀ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਅਤੇ ਘਰ ਦੇ ਚਾਰੇ ਪਾਸੇ ਅਤੇ ਘਰ ਨੂੰ ਜਾਣ ਵਾਲੇ ਸਾਰੇ ਰਸਤਿਆਂ ’ਤੇ ਬੈਰੀਕੇਡਿੰਗ ਕੀਤੀ ਗਈ ਹੈ। ਗ੍ਰੀਨ ਐਵੇਨਿਊ ‘ਤੇ ਘਰ ਤੋਂ ਕਈ ਮੀਟਰ ਪਹਿਲਾਂ ਬੈਰੀਕੇਡਿੰਗ ਕਰਕੇ ਸੜਕ ਬੰਦ ਕਰ ਦਿੱਤੀ ਗਈ । ਕਿਸੇ ਨੂੰ ਵੀ ਅੱਗੇ ਜਾਣ ਦੀ ਇਜਾਜ਼ਤ ਨਹੀਂ ਹੈ।
Read More : ਬਜ਼ੁਰਗਾਂ ਦੇ ਇਕੱਲੇ ਹੱਜ ਯਾਤਰਾ ‘ਤੇ ਜਾਣ ਦੀ ਮਨਾਹੀ !