by-election

ਤਰਨ ਤਾਰਨ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ

ਤਰਨਤਾਰਨ, 11 ਨਵੰਬਰ : ਅੱਜ ਮੰਗਲਵਾਰ ਨੂੰ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਸਵੇਰੇ 7 ਵਜੇ ਪੋਲਿੰਗ ਸਟੇਸ਼ਨਾਂ ’ਤੇ ਵੋਟਿੰਗ ਦਾ ਕੰਮ ਸ਼ੁਰੂ ਹੋ ਗਿਆ। ਪੋਲਿੰਗ ਸਮੇਂ ਦੇ ਸ਼ੁਰੂ ਹੁੰਦਿਆਂ ਹੀ ਬੂਥਾਂ ’ਤੇ ਵੋਟਰ ਪੁੱਜਣ ਲੱਗੇ ਅਤੇ ਕੇਂਦਰਾਂ ਦੇ ਬਾਹਰ ਕਤਾਰਾਂ ਲੱਗਣ ਲੱਗੀਆਂ। ਜ਼ਿਲਾ ਚੋਣ ਅਧਿਕਾਰੀ ਰਾਹੁਲ ਨੇ ਦੱਸਿਆ ਕਿ ਵੋਟਾਂ ਸਵੇਰੇ 7:00 ਵਜੇ ਤੋਂ ਸ਼ਾਮ 6:00 ਵਜੇ ਤਕ ਪੈਣਗੀਆਂ।

ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 021-ਤਰਨ ਤਾਰਨ ਵਿਚ ਵੋਟਰਾਂ ਦੀ ਕੁੱਲ ਗਿਣਤੀ 1,92,838 ਹੈ। ਇਸ ਵਿਚ 1,00,933 ਪੁਰਸ਼ ਵੋਟਰ, 91,897 ਮਹਿਲਾ ਵੋਟਰ ਅਤੇ 8 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਇਸ ਤੋਂ ਇਲਾਵਾ ਕੁੱਲ ਸਰਵਿਸ ਵੋਟਰ 1,357, ਜਦਕਿ 85 ਸਾਲ ਦੀ ਉਮਰ ਤੋਂ ਵੱਧ ਵਾਲੇ ਕੁੱਲ ਵੋਟਰਾਂ ਦੀ ਗਿਣਤੀ 1,657 ਹੈ। ਉੱਥੇ ਹੀ ਕੁੱਲ ਐਨ.ਆਰ.ਆਈ ਵੋਟਰ 306 ਅਤੇ ਦਿਵਿਆਂਗ ਵੋਟਰਾਂ ਦੀ ਕੁੱਲ ਗਿਣਤੀ 1,488 ਹੈ। ਇਸ ਦੇ ਨਾਲ ਹੀ 18 ਤੋਂ 19 ਸਾਲ ਦੀ ਉਮਰ ਵਾਲੇ ਵੋਟਰਾਂ ਦੀ ਕੁੱਲ ਗਿਣਤੀ 3,333 ਹੈ।

ਅਧਿਕਾਰੀ ਨੇ ਦੱਸਿਆ ਕਿ 114 ਪੋਲਿੰਗ ਲੋਕੇਸ਼ਨਾਂ ਉੱਪਰ 222 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿਚ 4 ਮਾਡਲ ਪੋਲਿੰਗ ਬੂਥ ਬਣਾਏ ਗਏ ਹਨ। ਇਸ ਤੋਂ ਇਲਾਵਾ 3 ਪਿੰਕ ਵੂਮੈਨ ਬੂਥ ਬਣਾਏ ਗਏ ਹਨ ਜਿੱਥੇ ਸਾਰਾ ਸਟਾਫ਼ ਮਹਿਲਾਵਾਂ ਲਗਾਈਆਂ ਗਈਆਂ ਹਨ। ਉਨ੍ਹਾਂ ਦਸਿਆ ਕਿ 1 ਪੀ.ਡਬਲਿਊ.ਡੀ. ਪੋਲਿੰਗ ਬੂਥ ਵੀ ਬਣਾਇਆ ਗਿਆ ਹੈ।

ਅਧਿਕਾਰੀ ਨੇ ਦੱਸਿਆ ਕਿ ਕੌਮਾਂਤਰੀ ਸਰਹੱਦ ਨਾਲ ਲੱਗਦੇ ਜ਼ਿਲ੍ਹਾ ਤਰਨ ਤਾਰਨ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿਚ ਰੱਖਦੇ ਹੋਏ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦਸਿਆ ਕਿ ਵਿਧਾਨ ਸਭਾ ਹਲਕੇ ਵਿੱਚ ਪੰਜਾਬ ਪੁਲਿਸ ਦੇ ਨਾਲ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ 12 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।

ਉਨ੍ਹਾਂ ਇਹ ਵੀ ਦਸਿਆ ਕਿ ਪੋਲਿੰਗ ਸਟੇਸ਼ਨ ਸਥਾਨਾਂ ਉੱਤੇ ਕੇਂਦਰੀ ਬਲਾਂ ਦੇ ਜਵਾਨ ਤਾਇਨਾਤ ਰਹਿਣਗੇ। ਅਧਿਕਾਰੀ ਨੇ ਦੱਸਿਆ ਕਿ ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ, ਪਿੱਦੀ ਵਿਖੇ ਈ.ਵੀ.ਐੱਮ. ਦਾ ਸਟਰਾਂਗ ਰੂਮ ਬਣਾਇਆ ਗਿਆ ਹੈ ਅਤੇ ਇਥੇ ਹੀ 14 ਨਵੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

Read More : ਦਿੱਲੀ ਲਾਲ ਕਿਲੇ ਦੇ ਨੇੜੇ ਧਮਾਕਾ, 10 ਲੋਕਾਂ ਦੀ ਮੌਤ, 30 ਜ਼ਖ਼ਮੀ

Leave a Reply

Your email address will not be published. Required fields are marked *