ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਨੂੰ ਮਿਲੇਗੀ ਸਖ਼ਤ ਸਜ਼ਾ
ਫ਼ਤਹਿਗੜ੍ਹ ਸਾਹਿਬ, 28 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੀਆਂ ‘ਬੇਅਦਬੀ’ ਦੀਆਂ ਘਟਨਾਵਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਾਨੂੰਨਾਂ ਨੂੰ ਸਖ਼ਤ ਬਣਾ ਕੇ ਅਤੇ ਵੱਡੀਆਂ ਸਜ਼ਾਵਾਂ ਲਾਗੂ ਕਰਕੇ ਇਸ ਸਬੰਧੀ ਇਨਸਾਫ਼ ਯਕੀਨੀ ਬਣਾਉਣ ਲਈ ਫ਼ੈਸਲਾਕੁੰਨ ਕਦਮ ਚੁੱਕ ਰਹੀ ਹੈ।
ਫ਼ਤਹਿਗੜ੍ਹ ਸਾਹਿਬ ’ਚ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਵੱਡੇ-ਵੱਡੇ ਦਾਅਵੇ ਕਰਦੇ ਹਨ, ਪਰ ਉਹ ਕੋਟਕਪੂਰਾ ਅਤੇ ਬਹਿਬਲ ਕਲਾਂ ਵਰਗੀਆਂ ਘਟਨਾਵਾਂ ਵੇਲੇ ਅੱਖਾਂ ਬੰਦ ਕਰ ਲੈਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਅਤੇ ਨਿਰਦੋਸ਼ ਲੋਕ ਮਾਰੇ ਗਏ, ਜੋ ਸਭ ਅਕਾਲੀਆਂ ਦੇ ਕਾਰਜਕਾਲ ਦੌਰਾਨ ਹੋਇਆ।
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਸ਼ਾਇਦ ਇਨ੍ਹਾਂ ਘਟਨਾਵਾਂ ਨੂੰ ਭੁੱਲ ਗਏ ਹਨ ਅਤੇ ਸੋਚਦੇ ਹਨ ਕਿ ਲੋਕ ਵੀ ਭੁੱਲ ਜਾਣਗੇ, ਪਰ ਲੋਕ ਕੁਝ ਵੀ ਨਹੀਂ ਭੁੱਲੇ। ਉਨ੍ਹਾਂ ਐਲਾਨ ਕੀਤਾ ਕਿ ਵਿਸਾਖੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008’ ਵਿੱਚ ਸੋਧ ਕੀਤੀ ਜਾਵੇਗੀ।
ਨਵੇਂ ਕਾਨੂੰਨ ਤਹਿਤ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਘੱਟੋ-ਘੱਟ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਦਾ ਪ੍ਰਬੰਧ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਸਖ਼ਤ ਕਾਨੂੰਨ ਤੋਂ ਬਾਅਦ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਿਰਾਦਰ ਕਰਨ ਦੀ ਹਿੰਮਤ ਨਹੀਂ ਕਰ ਸਕੇਗਾ।
Read More : ਕਾਂਗਰਸ ਦੀ ਸਿਆਸਤ ਦੇ ਭੀਸ਼ਮ ਪਿਤਾਮਾ ਸਾਬਕਾ ਖ਼ਜ਼ਾਨਾ ਮੰਤਰੀ ਲਾਲ ਸਿੰਘ ਨਹੀਂ ਰਹੇ
