ਸੂਬਾ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਰਾਸ਼ਟਰੀ ਸਰਵੇਖਣ ’ਚ ਪੰਜਾਬ ਨੇ ਹਾਸਲ ਕੀਤਾ ਪਹਿਲਾ ਸਥਾਨ
ਸੰਗਰੂਰ, 6 ਜੁਲਾਈ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਰਾਹੀਂ ਪੰਜਾਬ ਨੂੰ ਹਰ ਖੇਤਰ ’ਚ ਅੱਵਲ ਸੂਬਾ ਬਣਾਉਣ ਦਾ ਸੰਕਲਪ ਲਿਆ। ਪਰਖ ਰਾਸ਼ਟਰੀ ਸਰਵੇਖਣ (ਨੈਸ਼ਨਲ ਅਚੀਵਮੈਂਟ ਸਰਵੇ) ’ਚ ਪੰਜਾਬ ਦੇ ਸਰਬੋਤਮ ਪ੍ਰਦਰਸ਼ਨ ਦੇ ਮਾਣ ’ਚ ਰੱਖੇ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪੰਜਾਬ ਅੱਜ ਇਸ ਸਰਵੇਖਣ ਵਿੱਚ ਪਹਿਲੇ ਸਥਾਨ ’ਤੇ ਹੈ, ਜਦੋਂ ਕਿ 2017 ’ਚ ਇਹ 29ਵੇਂ ਸਥਾਨ ’ਤੇ ਸੀ।

ਉਨ੍ਹਾਂ ਕਿਹਾ ਕਿ ਅਧਿਆਪਕ ਰਾਸ਼ਟਰ ਦੇ ਨਿਰਮਾਤਾ ਹਨ ਅਤੇ ਉਨ੍ਹਾਂ ਨੇ ਪੰਜਾਬ ਨੂੰ ਨੰਬਰ ਇਕ ਬਣਾਉਣ ’ਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਅੱਜ ਹਰ ਖੇਤਰ ’ਚ ਸ਼ਾਨਦਾਰ ਪ੍ਰਾਪਤੀ ਕਰ ਰਿਹਾ ਹੈ ਭਾਵੇਂ ਉਹ ਸਿੱਖਿਆ ਖੇਤਰ ਹੋਵੇ ਜਾਂ ਕੋਈ ਹੋਰ। ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਅਤੇ ਇਸ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਸਾਂਝੇ ਯਤਨਾਂ ਸਦਕਾ ਸਿੱਖਿਆ, ਸਿਹਤ ਅਤੇ ਬਿਜਲੀ ਖੇਤਰ ਸਿਆਸੀ ਪਾਰਟੀਆਂ ਦੇ ਏਜੰਡੇ ’ਚ ਕੇਂਦਰ ਬਿੰਦੂ ਬਣ ਗਏ ਹਨ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਹਰ ਕਦਮ ਆਮ ਆਦਮੀ ਦੀ ਭਲਾਈ ਲਈ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਣੀ ਚਾਹੀਦੀ। ਉਨ੍ਹਾਂ ਕਿਹਾ ਕਿ ਵੱਡੇ ਸਿਆਸੀ ਨੇਤਾਵਾਂ ਦੇ ਪੁੱਤਰ ਅਤੇ ਧੀਆਂ ਪਹਾੜਾਂ ਵਾਲੇ ਕਾਨਵੈਂਟ ਸਕੂਲਾਂ ’ਚ ਪੜ੍ਹਦੇ ਸਨ, ਜਿਸ ਕਾਰਨ ਸਰਕਾਰੀ ਸਕੂਲਾਂ ਵੱਲ ਉਨ੍ਹਾਂ ਨੇ ਕਦੇ ਵੀ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਬੱਚਿਆਂ ਨੂੰ ਸਿੱਖਿਆ ਦੇਣ ਦੀ ਬਜਾਏ ਸਰਕਾਰੀ ਸਕੂਲ ਸਿਰਫ਼ ਮਿਡ-ਡੇ-ਮੀਲ ਸੈਂਟਰ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ ’ਤੇ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ’ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ ਅਤੇ ਪੰਜਾਬ ਯਕੀਨਨ ਤੌਰ ’ਤੇ ਦੇਸ਼ ਭਰ ’ਚ ਰੋਲ ਮਾਡਲ ਵਜੋਂ ਉਭਰੇਗਾ।
ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਮਾਣਮੱਤੀ ਪ੍ਰਾਪਤੀ ਦਾ ਜ਼ਿਕਰ ਕਰਦਿਆਂ ਕਿ ਨੌਜਵਾਨਾਂ ਨੂੰ 54,000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਇਹ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਯੋਗਤਾ ਦੇ ਆਧਾਰ ’ਤੇ ਦਿੱਤੀਆਂ ਗਈਆਂ ਹਨ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਦੇ 24 ਲੱਖ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਹੱਥਾਂ ’ਚ ਹੈ ਅਤੇ ਸੂਬੇ ਵਿਚ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਹੋ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਅਜਿਹਾ ਇਸ ਕਰਕੇ ਸੰਭਵ ਹੋਇਆ ਹੈ ਕਿਉਂਕਿ ਅਧਿਆਪਕਾਂ, ਪ੍ਰਿੰਸੀਪਲਾਂ ਅਤੇ ਹੋਰ ਸਟਾਫ਼ ਨੇ ਸੂਬਾ ਸਰਕਾਰ ਦੀਆਂ ਨੀਤੀਆਂ ਦੇ ਅਨੁਸਾਰ ਸਖ਼ਤ ਮਿਹਨਤ ਕੀਤੀ ਹੈ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਹ ਇੱਕ ਵੱਡੀ ਪ੍ਰਾਪਤੀ ਹੈ ਜਿਸ ਲਈ ਹਰ ਭਾਈਵਾਲ ਵਧਾਈ ਦਾ ਹੱਕਦਾਰ ਹੈ।
Read More : ਡੀ ਗੁਕੇਸ਼ ਨੇ ਰੈਪਿਡ ਖਿਤਾਬ ਜਿੱਤਿਆ