ਆਮ ਆਦਮੀ ਪਾਰਟੀ ਦੇ ਪ੍ਰਧਾਨ ਵੱਲੋਂ ਕੇਂਦਰ ਸਰਕਾਰ ਦੇ ਰਾਸ਼ਨ ਕਾਰਡ ਕੱਟਣ ਦੇ ਫੁਰਮਾਨ ਦੀ ਨਿਖੇਧੀ
ਸੰਗਰੂਰ, 24 ਅਗਸਤ : ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ ਕਰੀਬ 55 ਲੱਖ ਲੋੜਵੰਦ ਤੇ ਗਰੀਬ ਲੋਕਾਂ ਦੇ ਰਾਸ਼ਨ ’ਤੇ ਡਾਕਾ ਮਾਰਨਾ ਚਾਹੁੰਦੀ ਹੈ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸੇ ਦੇ ਵੀ ਹਿੱਸੇ ਦਾ ਰਾਸ਼ਨ ਖੋਹਣ ਨਹੀਂ ਦਿੱਤਾ ਜਾਵੇਗਾ।
ਕੇਂਦਰ ਦੀ ਭਾਜਪਾ ਸਰਕਾਰ ਨੇ ਪਹਿਲਾਂ ਕੇ. ਵਾਈ. ਸੀ. ਤੇ ਵੈਰੀਫਿਕੇਸ਼ਨ ਦੇ ਨਾਂ ’ਤੇ 23 ਲੱਖ ਲੋਕਾਂ ਦਾ ਰਾਸ਼ਨ ਰੋਕ ਰੱਖਿਆ ਹੈ ਤੇ ਹੁਣ ਪੰਜਾਬ ਸਰਕਾਰ ਨੂੰ ਨਵਾਂ ਤਾਨਾਸ਼ਾਹੀ ਫਰਮਾਨ ਜਾਰੀ ਕਰਦਿਆਂ 8 ਲੱਖ 02 ਹਜ਼ਾਰ 500 ਰਾਸ਼ਨ ਕਾਰਡ (ਕਰੀਬ 32 ਲੱਖ ਲੋਕ) ਕੱਟਣ ਲਈ ਕਿਹਾ ਹੈ। ਇਸ ਤਰ੍ਹਾਂ ਕੇਂਦਰ ਸਰਕਾਰ ਪੰਜਾਬ ਦੇ ਕਰੀਬ 55 ਲੱਖ ਲੋੜਵੰਦ ਲੋਕਾਂ ਦਾ ਰਾਸ਼ਨ ਖੋਹਣ ਦੇ ਰਾਹ ਪਈ ਹੋਈ ਹੈ।
ਕੈਬਨਿਟ ਮੰਤਰੀ ਨੇ ਆਖਿਆ ਕਿ ਪੰਜਾਬ ’ਚ ਨੈਸ਼ਨਲ ਫੂਡ ਸਕਿਓਰਿਟੀ ਐਕਟ ਅਧੀਨ ਕਰੀਬ 1 ਕਰੋੜ 53 ਲੱਖ ਲਾਭਪਾਤਰੀ ਹਨ ਤੇ 01 ਕਰੋੜ 29 ਲੱਖ ਲਾਭਪਾਤਰੀਆਂ ਸਬੰਧੀ ਵੈਰੀਫਿਕੇਸ਼ਨ ਹੋ ਚੁੱਕੀ ਹੈ ਤੇ ਬਾਕੀਆਂ ਸਬੰਧੀ ਇਹ ਪ੍ਰਕਿਰਿਆ ਜਾਰੀ ਹੈ।
ਕੈਬਨਿਟ ਮੰਤਰੀ ਨੇ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਬੇਸ਼ੱਕ ਨੈਸ਼ਨਲ ਫੂਡ ਸਕਿਓਰਿਟੀ ਐਕਟ ਤਹਿਤ ਕੇਂਦਰ ਸਰਕਾਰ ਰਾਜ ਸਰਕਾਰ ਦੇ ਨਾਲ ਮਿਲ ਕੇ ਲੋੜਵੰਦਾਂ ਨੂੰ ਰਾਸ਼ਨ ਵੰਡਦੀ ਹੈ ਪਰ ਐਗਜ਼ੀਕਿਊਟਿੰਗ ਏਜੰਸੀ ਰਾਜ ਸਰਕਾਰ ਹੀ ਹੈ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਵੀ ਹਾਲ ਕਿਸੇ ਵੀ ਪੰਜਾਬੀ ਦੇ ਹੱਕ ਉੱਤੇ ਡਾਕਾ ਨਹੀਂ ਪੈਣ ਦੇਵੇਗੀ।
ਇਸ ਮੌਕੇ ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਗੁਲਜ਼ਾਰ ਸਿੰਘ ਬੌਬੀ ਮੈਂਬਰ ਐੱਸ. ਸੀ. ਕਮਿਸ਼ਨ, ‘ਆਪ’ ਦੇ ਜ਼ਿਲਾ ਪ੍ਰਧਾਨ ਸ਼ਾਮ ਸਿੰਗਲਾ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਸੰਗਰੂਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਪ੍ਰੀਤਮ ਸਿੰਘ ਸਮੇਤ ਪਤਵੰਤੇ ਹਾਜ਼ਰ ਸਨ।
Read More : ਚੇਤੇਸ਼ਵਰ ਪੁਜਾਰਾ ਨੇ ਆਪਣੇ ਕਰੀਅਰ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ