ਚੰਡੀਗੜ੍ਹ, 5 ਦਸੰਬਰ : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਰਾਜਾ ਵੜਿੰਗ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ’ਚ ਹੋ ਰਹੀਆਂ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ’ਚ ਸਰਕਾਰ ਦੀ ਸ਼ਹਿ ’ਤੇ ਧੱਕੇਸ਼ਾਹੀ ਕਰ ਰਹੇ ਅਧਿਕਾਰੀਆਂ ਨੂੰ ਸੂਬੇ ’ਚ ਕਾਂਗਰਸ ਸਰਕਾਰ ਆਉਣ ’ਤੇ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ’ਚ ਸਰਕਾਰ ਦੀ ਧੱਕੇਸ਼ਾਹੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਾਵੇਂ ਸਮੁੱਚੀ ਕਾਂਗਰਸ ਨੂੰ ਸੜਕਾਂ ’ਤੇ ਕਿਉਂ ਨਾ ਆਉਣਾ ਪਵੇ।
ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਹਾਰ ਦੇ ਡਰੋਂ ਇਹ ਚੋਣਾਂ ਕਰਵਾਉਣਾ ਨਹੀਂ ਚਾਹੁੰਦੀ ਸੀ ਪਰ ਅਦਾਲਤ ਦੇ ਫੈਸਲੇ ਅਨੁਸਾਰ ਉਨ੍ਹਾਂ ਨੂੰ ਇਹ ਚੋਣਾਂ ਕਰਵਾਉਣੀਆਂ ਪੈ ਰਹੀਆਂ ਹਨ, ਜਿਸ ਕਾਰਨ ਸਰਕਾਰ ਧੱਕੇਸ਼ਾਹੀ ਨਾਲ ਇਹ ਚੋਣਾਂ ਜਿੱਤਣਾ ਚਾਹੁੰਦੀ ਹੈ।
ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪੁਲਸ ਨੇ ਉਮੀਦਵਾਰਾਂ ਨੂੰ ਰੋਕਿਆ ਅਤੇ ਹੁਣ ਸਰਕਾਰ ਆਨੇ ਬਹਾਨੇ ਵਿਰੋਧੀ ਉਮੀਦਵਾਰਾਂ ਦੇ ਕਾਗਜ਼ ਵੀ ਜਾਂਚ ਮੌਕੇ ਰੱਦ ਕਰ ਸਕਦੀ ਹੈ।
ਉਨ੍ਹਾਂ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ’ਚ ਕਾਂਗਰਸੀ ਉਮੀਦਵਾਰਾਂ ਨਾਲ ਹੋਈ ਧੱਕੇਸ਼ਾਹੀ ਦੇ ਹਵਾਲੇ ਨਾਲ ਪੁਲਸ ਅਫਸਰ ਨੂੰ ਚਿਤਾਵਨੀ ਦਿੱਤੀ ਹੈ ਕਿ ‘ਆਪ’ ਸਰਕਾਰ ਦੇ ਪਿੱਠੂ ਬਣੇ ਅਫਸਰਾਂ ਨੂੰ ਨਾ ਉਹ ਭੁੱਲਣਗੇ ਅਤੇ ਨਾ ਹੀ ਮੁਆਫ ਕਰਨਗੇ।
ਵੜਿੰਗ ਨੇ ਪਟਿਆਲਾ ਦੇ ਐੱਸ. ਐੱਸ. ਪੀ. ਵਰੁਣ ਸ਼ਰਮਾ ਦੀ ਆਡੀਓ ਮਾਮਲੇ ’ਚ ਕਿਹਾ ਕਿ ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਲਜ਼ਾਮ ਸੱਚ ਸਾਬਤ ਹੋਏ ਤਾਂ ਅਧਿਕਾਰੀ ਨੂੰ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ।
Read More : ਅੰਮ੍ਰਿਤਸਰ ਹਵਾਈ ਅੱਡੇ ’ਤੇ ਇੰਡੀਗੋ ਦੀਆਂ ਉਡਾਣਾਂ ਰੱਦ
