Mann

ਪੰਜਾਬ ਦਾ ਪੈਸਾ ਲੁੱਟਣ ਵਾਲੇ ਭ੍ਰਿਸ਼ਟ ਆਗੂਆਂ ਅਤੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਾਂਗੇ : ਮਾਨ

ਤਰਨਤਾਰਨ, 6 ਨਵੰਬਰ : ਤਰਨਤਾਰਨ ਵਿਧਾਨ ਸਭਾ ਹਲਕੇ ਵਿਚ ਆਮ ਆਦਮੀ ਪਾਰਟੀ ਵੱਲੋਂ ਕਰਵਾਏ ਗਏ ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਈ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ, ਜਿਸ ਕਰਕੇ ਲੋਕ ਉਪ-ਚੋਣ ਵਿਚ ਪਾਰਟੀ ਨੂੰ ਵੋਟ ਪਾਉਣਗੇ। ਵਿਰੋਧੀ ਧਿਰ ’ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸੂਬੇ ਦੇ ਸਰੋਤਾਂ ਨੂੰ ਲੁੱਟਿਆ ਹੈ।

ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੋਕਾਂ ਅਤੇ ਸੂਬੇ ਨੂੰ ਖਤਰੇ ਵਿਚ ਪਾ ਕੇ ਆਪਣੇ ਮਹਿਲ ਅਤੇ ਵੱਡੇ ਵਪਾਰਕ ਸਾਮਰਾਜ ਬਣਾਏ ਹਨ। ਲੋਕਾਂ ਨੇ ਪਹਿਲਾਂ ਵੀ ਅਕਾਲੀਆਂ ਅਤੇ ਕਾਂਗਰਸੀਆਂ ਨੂੰ ਅਜ਼ਮਾਇਆ ਹੈ ਪਰ ਉਹ ਲੋਕਾਂ ਦਾ ਕੋਈ ਭਲਾ ਕਰਨ ਵਿਚ ਅਸਫਲ ਰਹੇ ਹਨ। ਇਨ੍ਹਾਂ ਆਗੂਆਂ ਨੇ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਪਟੜੀ ਤੋਂ ਉਤਾਰਿਆ ਤੇ ਪੰਜਾਬ ਅਤੇ ਇਸ ਦੀ ਨੌਜਵਾਨ ਪੀੜ੍ਹੀ ਦੇ ਰਾਹ ’ਚ ਰੁਕਾਵਟਾਂ ਖੜ੍ਹੀਆਂ ਕੀਤੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਜਿਸ ਕਿਸੇ ਨੇ ਵੀ ਜਨਤਾ ਦਾ ਪੈਸਾ ਲੁੱਟਿਆ ਹੈ, ਉਸ ਨੂੰ ਲੋਕਾਂ ਸਾਹਮਣੇ ਜਵਾਬਦੇਹ ਬਣਾਇਆ ਜਾਵੇਗਾ। ਉਹ ਅਜਿਹੇ ਸਾਰੇ ਲੁਟੇਰਿਆਂ ਦਾ ਪਰਦਾਫਾਸ਼ ਕਰਨਗੇ ਅਤੇ ਕਾਨੂੰਨ ਅਨੁਸਾਰ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨਗੇ। ਕੋਈ ਵੀ ਭ੍ਰਿਸ਼ਟ ਆਗੂ ਜਾਂ ਅਧਿਕਾਰੀ ਹੋਵੇ, ਉਸ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਂਦਾ ਜਾਵੇਗਾ ਅਤੇ ਉਨ੍ਹਾਂ ਦੇ ਪਾਪਾਂ ਲਈ ਜਵਾਬਦੇਹ ਬਣਾਇਆ ਜਾਵੇਗਾ।

ਮਾਨ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਕਾਂਗਰਸ ਅਤੇ ਅਕਾਲੀ ਆਗੂਆਂ ਨੇ ਆਪਣੇ ਸੱਤਾ ਕਾਲ ਦੌਰਾਨ ਪੰਜਾਬ ਵਿਚ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ, ਨੌਜਵਾਨਾਂ ਦੇ ਹੱਥਾਂ ਵਿਚ ਬੰਦੂਕਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਆਪਣੇ ਸਵਾਰਥੀ ਹਿੱਤਾਂ ਲਈ ਵਰਤਿਆ। ਸੂਬੇ ਦੇ ਲੋਕ ਇਨ੍ਹਾਂ ਪਾਰਟੀਆਂ ਨੂੰ ਕਦੇ ਵੀ ਮੁਆਫ ਨਹੀਂ ਕਰਨਗੇ, ਜਿਨ੍ਹਾਂ ਨੇ ਸੂਬੇ ਨੂੰ ਬਰਬਾਦ ਕੀਤਾ ਜਾਂ ਸ੍ਰੀ ਹਰਿਮੰਦਰ ਸਾਹਿਬ ’ਤੇ ਟੈਂਕਾਂ ਅਤੇ ਤੋਪਾਂ ਨਾਲ ਹਮਲਾ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਸੂਬੇ ਵਿਚ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦੇ ਕੇ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਤਬਾਹ ਕਰ ਦਿੱਤਾ। ਨਸ਼ਿਆਂ ਨਾਲ ਨੌਜਵਾਨਾਂ ਦੇ ਕਤਲੇਆਮ ਲਈ ਜ਼ਿੰਮੇਵਾਰ ‘ਜਰਨੈਲਾਂ’ ਪ੍ਰਤੀ ਸੂਬਾ ਸਰਕਾਰ ਕੋਈ ਨਰਮੀ ਨਹੀਂ ਦਿਖਾਏਗੀ।

ਮਾਨ ਨੇ ਕਿਹਾ ਕਿ ਨੌਜਵਾਨਾਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਇਨ੍ਹਾਂ ਆਗੂਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਹੋਰ ਮੌਜੂਦ ਸਨ।

Read More : ਗੁਰਦੁਆਰਾ ਵਿਸ਼ਵਕਰਮਾ ਜੀ ਭਵਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਅਗਨ ਭੇਟ

Leave a Reply

Your email address will not be published. Required fields are marked *