Sukhbir Badal

ਸਰਕਾਰ ਬਣਨ ’ਤੇ ਤਲਵੰਡੀ ਸਾਬੋ ਦਾ ਅੰਮ੍ਰਿਤਸਰ ਸਾਹਿਬ ਦੀ ਤਰਜ਼ ’ਤੇ ਕਰਾਂਗੇ ਵਿਕਾਸ : ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ’ ਰੈਲੀ ’ਚ ਰਵੀਪ੍ਰੀਤ ਸਿੰਘ ਸਿੱਧੂ ਬਣੇ ਉਮੀਦਵਾਰ; ‘ਆਪ’ ਸਰਕਾਰ ’ਤੇ ਵਰ੍ਹੇ ਅਕਾਲੀ ਆਗੂ

ਤਲਵੰਡੀ ਸਾਬੋ, 11 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਵੱਲੋਂ ‘ਪੰਜਾਬ ਬਚਾਓ’ ਮੁਹਿੰਮ ਤਹਿਤ ਅੱਜ ਇਤਿਹਾਸਕ ਨਗਰ ਤਲਵੰਡੀ ਸਾਬੋ ਦੀ ਟਰੈਕਟਰ ਮੰਡੀ ’ਚ 40ਵੀਂ ਵਿਸ਼ਾਲ ਰੈਲੀ ਕੀਤੀ ਗਈ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ। ਬਾਦਲ ਨੇ ਵਾਅਦਾ ਕੀਤਾ ਕਿ ਅਕਾਲੀ ਸਰਕਾਰ ਬਣਨ ’ਤੇ ਤਲਵੰਡੀ ਸਾਬੋ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਾਂਗ ਵਿਕਸਤ ਕੀਤਾ ਜਾਵੇਗਾ ਅਤੇ ਇਸ ਨੂੰ ਸਿੱਖਿਆ ਦਾ ਵੱਡਾ ਹੱਬ ਬਣਾਇਆ ਜਾਵੇਗਾ।

ਰੈਲੀ ਦੌਰਾਨ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਬੇਅਦਬੀਆਂ ਸਬੰਧੀ ਕਾਨੂੰਨ ਅਕਾਲੀ ਸਰਕਾਰ ਨੇ 2016 ’ਚ ਹੀ ਬਣਾ ਦਿੱਤਾ ਸੀ, ਪਰ ਬਾਅਦ ਦੀਆਂ ਸਰਕਾਰਾਂ ਇਸ ਨੂੰ ਪਾਸ ਕਰਵਾਉਣ ’ਚ ਨਾਕਾਮ ਰਹੀਆਂ। ਉਨ੍ਹਾਂ ਸੂਬੇ ’ਚ ਵਧ ਰਹੇ ਨਸ਼ੇ ਅਤੇ ਗੈਂਗਸਟਰਵਾਦ ਲਈ ਮੌਜੂਦਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਗੈਂਗਸਟਰਾਂ ਨੂੰ ਪਨਾਹ ਦੇ ਰਹੀ ਹੈ।

ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਸਰਕਾਰ ਨੂੰ ‘ਟਰਾਲੀ ਚੋਰਾਂ ਦੀ ਸਰਕਾਰ’ ਦੱਸਦਿਆਂ ਕਿਹਾ ਕਿ ਮੰਤਰੀਆਂ ਦੀਆਂ ਵਾਇਰਲ ਆਡੀਓਜ਼ ਨੇ ਇਨ੍ਹਾਂ ਦਾ ਅਸਲ ਚਿਹਰਾ ਨੰਗਾ ਕਰ ਦਿੱਤਾ ਹੈ। ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ 2027 ’ਚ ਸਰਕਾਰ ਬਣਨ ’ਤੇ ਨੌਜਵਾਨਾਂ ਨੂੰ ਕਾਰੋਬਾਰ ਲਈ 10 ਲੱਖ ਰੁਪਏ ਤੱਕ ਦਾ ਵਿਆਜ-ਮੁਕਤ ਕਰਜ਼ਾ, ਮੁਫ਼ਤ ਟਿਊਬਵੈੱਲ ਕੁਨੈਕਸ਼ਨ, 3100 ਰੁਪਏ ਬੁਢਾਪਾ ਪੈਨਸ਼ਨ ਅਤੇ ਇਕ ਲੱਖ ਰੁਪਏ ਸ਼ਗਨ ਸਕੀਮ ਦਿੱਤੀ ਜਾਵੇਗੀ।

ਰੈਲੀ ਨੂੰ ਬਲਵਿੰਦਰ ਸਿੰਘ ਭੂੰਦੜ, ਸਿਕੰਦਰ ਸਿੰਘ ਮਲੂਕਾ ਸਮੇਤ ਕਈ ਸੀਨੀਅਰ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ਵੱਡੀ ਗਿਣਤੀ ’ਚ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਜ਼ਿਲਾ ਪੱਧਰੀ ਆਗੂ ਹਾਜ਼ਰ ਸਨ। ਸਟੇਜ ਦੀ ਕਾਰਵਾਈ ਜਸਵਿੰਦਰ ਸਿੰਘ ਜ਼ੈਲਦਾਰ ਅਤੇ ਸੁਖਮੰਦਰ ਸਿੰਘ ਭਾਗੀਵਾਂਦਰ ਨੇ ਸੁਚੱਜੇ ਢੰਗ ਨਾਲ ਨਿਭਾਈ।

Read More : ਕੇਰਲ ’ਚ ਵੰਦੇ ਭਾਰਤ ਟ੍ਰੇਨ ’ਤੇ ਪੱਥਰਬਾਜ਼ੀ; ਖਿੜਕੀ ਦਾ ਹੋਇਆ ਨੁਕਸਾਨ

Leave a Reply

Your email address will not be published. Required fields are marked *