ਦਸੂਹਾ 'ਲੋਕ ਮਿਲਣੀ

ਸਰਕਾਰ ਰਹਿਣ ਤੱਕ ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ : ਭਗਵੰਤ ਮਾਨ

ਦਸੂਹਾ ਦੀ ‘ਲੋਕ ਮਿਲਣੀ’ ‘ਚ ਵਿਰੋਧੀਆਂ ‘ਤੇ ਵਰ੍ਹੇ ਸੀਐਮ- ਕਿਹਾ-ਹੁਣ ਲੀਡਰਾਂ ਦੀਆਂ ਜੇਬਾਂ ਨਹੀਂ, ਜਨਤਾ ਦਾ ਖ਼ਜ਼ਾਨਾ ਭਰ ਰਿਹਾ ਹੈ

ਬੇਅਦਬੀ ਦੇ ਦੋਸ਼ੀਆਂ ਦੀ ਥਾਂ ਹੁਣ ਸਿਰਫ਼ ਜੇਲ੍ਹ

ਦਸੂਹਾ, 4 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਹਲਕੇ ਦੇ ਪਿੰਡ ਘੋਗਰਾ ਵਿਖੇ ਆਯੋਜਿਤ ‘ਲੋਕ ਮਿਲਣੀ’ ਦੌਰਾਨ ਵਿਰੋਧੀ ਪਾਰਟੀਆਂ ‘ਤੇ ਤਿੱਖੇ ਨਿਸ਼ਾਨੇ ਸਾਧੇ। ਇਸ ਮੌਕੇ ਉਨ੍ਹਾਂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਜਦੋਂ ਤੱਕ ਸੂਬੇ ਵਿੱਚ ‘ਆਮ ਆਦਮੀ ਪਾਰਟੀ’ (ਆਪ) ਦੀ ਸਰਕਾਰ ਹੈ, ਔਰਤਾਂ ਨੂੰ ਮਿਲਣ ਵਾਲੀ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਦੀ ਸਹੂਲਤ ਨਿਰੰਤਰ ਜਾਰੀ ਰਹੇਗੀ।

ਮੁੱਖ ਮੰਤਰੀ ਨੇ ਵਿਰੋਧੀਆਂ ਦੀ ਨੀਅਤ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀ ਨੀਅਤ ਸਾਫ਼ ਹੁੰਦੀ ਤਾਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਪਹਿਲਾਂ ਹੀ ਬਣ ਗਿਆ ਹੁੰਦਾ। ਉਨ੍ਹਾਂ ਦੱਸਿਆ ਕਿ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਤਹਿਤ ਹੁਣ ਬੇਅਦਬੀ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਭੁਗਤਣੀ ਪਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਦੇ ਪਿਤਾ ਹਨ ਅਤੇ ਸਰਕਾਰ ਪਵਿੱਤਰ ਗ੍ਰੰਥ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਅਕਾਲੀ ਦਲ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੇ ਪੰਜਾਬ ਨੂੰ ਨਸ਼ਿਆਂ ਵਿੱਚ ਡੋਬਿਆ ਹੈ। ਉਨ੍ਹਾਂ ‘ਪੰਜਾਬ ਬਚਾਓ ਯਾਤਰਾ’ ਨੂੰ ‘ਪਰਿਵਾਰ ਬਚਾਓ ਯਾਤਰਾ’ ਕਰਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਦੇ ਹੱਥ ਲੱਖਾਂ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ। ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇਹ ਇੱਕ ‘ਵੰਡਿਆ ਹੋਇਆ ਘਰ’ ਹੈ, ਜਿੱਥੇ ਹਰ ਕੋਈ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਮਾਨ ਨੇ ਸਪੱਸ਼ਟ ਕੀਤਾ ਕਿ ਪਹਿਲਾਂ ਲੋਕਾਂ ਦਾ ਪੈਸਾ ਲੀਡਰਾਂ ਦੀਆਂ ਜੇਬਾਂ ਵਿੱਚ ਜਾਂਦਾ ਸੀ, ਪਰ ਹੁਣ ਇਹ ਪੈਸਾ ਸਕੂਲਾਂ, ਹਸਪਤਾਲਾਂ ਅਤੇ ਜਨਤਕ ਸਹੂਲਤਾਂ ਰਾਹੀਂ ਲੋਕਾਂ ਤੱਕ ਵਾਪਸ ਆ ਰਿਹਾ ਹੈ।

ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਦੱਸਿਆ ਕਿ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ 65,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਟੋਲ ਪਲਾਜ਼ੇ ਬੰਦ ਕਰਕੇ ਜਨਤਾ ਦੇ ਰੋਜ਼ਾਨਾ 70 ਲੱਖ ਰੁਪਏ ਬਚਾਏ ਜਾ ਰਹੇ ਹਨ। ਇਸ ਤੋਂ ਇਲਾਵਾ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ।

ਘੋਗਰਾ ਵਿਖੇ ਲੋਕਾਂ ਨੂੰ ਮੁਖਾਤਿਬ ਹੁੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਮਹਿਲਾਂ ਦੀਆਂ ਉੱਚੀਆਂ ਕੰਧਾਂ ਵਿੱਚ ਰਹਿਣ ਦੀ ਬਜਾਏ ਲੋਕਾਂ ਵਿੱਚ ਰਹਿ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕਰਨ ਵਿੱਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਰੋਧੀਆਂ ਦੇ ਕੂੜ ਪ੍ਰਚਾਰ ਤੋਂ ਸੁਚੇਤ ਰਹਿਣ ਅਤੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿੱਚ ਸਹਿਯੋਗ ਦੇਣ।

Read More : ਪਾਕਿਸਤਾਨ ਦੀ ਸੰਘੀ ਸਿਵਲ ਸੇਵਾ ’ਚ ਸ਼ਾਮਲ ਹੋਣਗੇ ਹਿੰਦੂ ਭਾਈਚਾਰੇ ਦੇ ਦੋ ਨੌਜਵਾਨ

Leave a Reply

Your email address will not be published. Required fields are marked *